ਦਸਵੀਂ ਦਾ ਦਿਹਾੜਾ ਮਨਾਇਆ
ਸਹਿਜ ਪਾਠ ਦੇ ਭੋਗ ਉਪਰੰਤ ਧਾਰਮਿਕ ਸਮਾਗਮ ਹੋਇਆ। ਭਾਈ ਅਮਰੀਕ ਸਿੰਘ ਸ੍ਰੀ ਅੰਮ੍ਰਿਤਸਰ ਵਾਲਿਆਂ ਦੇ ਇੰਟਰਨੈਸ਼ਨਲ ਪੰਥਕ ਢਾਡੀ ਜਥੇ ਨੇ ਗੁਰੂ ਤੇਗ ਬਹਾਦਰ ਦੀ ਲਾਸਾਨੀ ਕੁਰਬਾਨੀ ਦਾ ਬਿਰਤਾਂਤ ਸੁਣਾਇਆ। ਭਾਈ ਨਿਰਮਲ ਸਿੰਘ ਤਖਤ ਸ੍ਰੀ ਕੇਸਗੜ੍ਹ ਸਾਹਿਬ, ਸ਼੍ਰੋਮਣੀ ਪ੍ਰਚਾਰਕ ਭਾਈ ਸੰਦੀਪ ਸਿੰਘ, ਭਾਈ ਗੁਰਮੀਤ ਸਿੰਘ ਕਰਨਾਲ ਵਾਲੇ, ਭਾਈ ਜਤਿੰਦਰ ਸਿੰਘ ਭਰਤਗੜ ਵਾਲਿਆਂ ਦਾ ਢਾਡੀ ਜਥਾ, ਭਾਈ ਮਨਪ੍ਰੀਤ ਸਿੰਘ, ਭਾਈ ਮਨਜੀਤ ਸਿੰਘ ਲੁਧਿਆਣੇ ਵਾਲੇ, ਸ਼ੇਰ ਪੰਜਾਬ ਕਵੀਸ਼ਰੀ ਜਥਾ, ਭਾਈ ਜਸਵਿੰਦਰ ਸਿੰਘ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜਥੇ ਭਾਈ ਇੰਦਰਜੀਤ ਸਿੰਘ, ਭਾਈ ਹਰਬਖਸ਼ ਸਿੰਘ, ਭਾਈ ਗੁਰਮੀਤ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਨਿਹਾਲ ਕੀਤਾ। ਇਸ ਮੌਕੇ ਮੈਡੀਕਲ ਕੈਂਪ ਲਗਾਇਆ, ਡਾਕਟਰਾਂ ਨੇ ਲੋਕਾਂ ਦੀ ਸਿਹਤ ਦੀ ਜਾਂਚ ਕੀਤੀ ਅਤੇ ਮੁਫ਼ਤ ਦਵਾਈਆਂ ਦਿੱਤੀਆਂ।
ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ’ਤੇ ਛੁੱਟੀ ਮੰਗੀ
ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ ਨੇ ਮੁਹਾਲੀ ਦੀ ਡਿਪਟੀ ਕਮਿਸ਼ਨਰ ਤੋਂ ਮੰਗ ਕੀਤੀ ਕਿ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਨ ਵਾਲੇ ਦਿਨ 2 ਦਸੰਬਰ ਨੂੰ ਜ਼ਿਲ੍ਹਾ ਮੁਹਾਲੀ ਵਿਚ ਸਰਕਾਰੀ ਛੁੱਟੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ 2 ਅਤੇ 3 ਦਸੰਬਰ ਨੂੰ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਧਾਰਮਿਕ ਸਮਾਗਮ ਹੋ ਰਹੇ ਹਨ, ਜਿਸ ਵਿਚ ਲੱਖਾਂ ਦੀ ਗਿਣਤੀ ਵਿਚ ਸੰਗਤ ਸ਼ਮੂਲੀਅਤ ਕਰੇਗੀ। ਉਨ੍ਹਾਂ ਕਿਹਾ ਕਿ ਸੰਗਤਾਂ ਦੀ ਸਹੂਲਤ ਅਤੇ ਬਾਬਾ ਜੀ ਪ੍ਰਤੀ ਸਤਿਕਾਰ ਅਤੇ ਸ਼ਰਧਾ ਲਈ ਮੁਹਾਲੀ ਜ਼ਿਲ੍ਹੇ ਵਿਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਜਾਵੇ।
