ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 18 ਸਤੰਬਰ
ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਆਬਜ਼ਰਵਰ ਅਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਪੰਜਾਬ ਦੀ ‘ਆਪ’ ਸਰਕਾਰ ਦੇ ਪਹਿਲੇ 6 ਮਹੀਨੇ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਇਤਿਹਾਸ ਵਿੱਚ ਅਜਿਹਾ ਪਹਿਲੀ ਵਾਰ ਹੋਇਆ ਹੈ ਜਦੋਂ ਕਿਸੇ ਸੂਬੇ ਦੇ ਲੋਕ ਪਹਿਲੀ ਪਾਰੀ ਦੌਰਾਨ ਹੀ ਬੇਹੱਦ ਨਿਰਾਸ਼ ਹੋਏ ਹੋਣ। ਮੁਹਾਲੀ ਵਿੱਚ ਪਾਰਟੀ ਵਰਕਰਾਂ ਨਾਲ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਸਿਹਤ ਸਹੂਲਤਾਂ ਅਤੇ ਸਿੱਖਿਆ ਦੇ ਖੇਤਰ ਵਿੱਚ ਸੁਧਾਰ, ਚੰਗਾ ਪ੍ਰਸ਼ਾਸਨ ਮੁਹੱਈਆ ਕਰਵਾਉਣ ਅਤੇ ਭ੍ਰਿਸ਼ਟਾਚਾਰ ਖ਼ਤਮ ਕਰਨ ਸਮੇਤ ਹੋਰ ਅਨੇਕਾਂ ਝੂਠੇ ਵਾਅਦੇ ਕਰਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਵਿੱਚ ਆਪਣਾ ਆਧਾਰ ਗੁਆ ਬੈਠੀ ਹੈ। ਸ੍ਰੀ ਚੰਦੂਮਾਜਰਾ ਨੇ ਕਿਹਾ ਕਿ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਮੋਹਰੀ ਰਹਿਣ ਵਾਲਾ ਪੰਜਾਬ ਅੱਜ ਦਿੱਲੀ ਮਾਡਲ ਦੀ ਬਦੌਲਤ 10ਵੇਂ ਨੰਬਰ ਤੋਂ ਵੀ ਥੱਲੇ ਖਿਸਕ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਵਾਲੀ ‘ਆਪ’ ਸਰਕਾਰ ਬਾਹਰਲੇ ਰਾਜਾਂ ਦੇ ਲੋਕਾਂ ਲਈ ਨੌਕਰੀਆਂ ਦੇ ਗੱਫੇ ਵੰਡ ਰਹੀ ਹੈ। ਇਸ ਮੌਕੇ ਵਪਾਰ ਮੰਡਲ ਦੇ ਪ੍ਰਧਾਨ ਸਰਬਜੀਤ ਸਿੰਘ ਪਾਰਸ, ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਕੰਵਲਜੀਤ ਸਿੰਘ ਰੂਬੀ, ਕਿਸਾਨ ਵਿੰਗ ਦੇ ਪ੍ਰਧਾਨ ਸਰਬਜੀਤ ਸਿੰਘ ਕਾਦੀਮਾਜਰਾ, ਹਰਦੀਪ ਸਿੰਘ, ਓਐਸਡੀ ਹਰਦੇਵ ਸਿੰਘ ਹਰਪਾਲਪੁਰ, ਗੁਰਪ੍ਰੀਤ ਸਿੱਧੂ ਅਤੇ ਹੋਰ ਅਕਾਲੀ ਆਗੂ ਤੇ ਵਰਕਰ ਮੌਜੂਦ ਸਨ।