DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਰਸੋਖਾਣਾ ਸਾਹਿਬ ਵਿਖੇ ‘ਸ਼ੁਕਰਾਨਾ ਸਮਾਗਮ’: ਸਰੂਪਾਂ ਦੇ ਵਿਵਾਦ ਦੇ ਸੁਲਝਣ ’ਤੇ ਸੰਗਤਾਂ ਨੇ ਗੁਰੂ ਚਰਨਾਂ ਵਿੱਚ ਟੇਕਿਆ ਮੱਥਾ

ਕਲੀਨ ਚਿੱਟ ਮਿਲਣ ਤੋਂ ਬਾਅਦ ਹਜ਼ਾਰਾਂ ਦੀ ਗਿਣਤੀ ਵਿੱਚ ਪਹੁੰਚੇ ਸ਼ਰਧਾਲੂ; ਪ੍ਰਬੰਧਕੀ ਕਮੇਟੀ ਵੱਲੋਂ ਸ਼ਾਂਤੀਪੂਰਨ ਹੱਲ ਲਈ ਪ੍ਰਮਾਤਮਾ ਦਾ ਧੰਨਵਾਦ

  • fb
  • twitter
  • whatsapp
  • whatsapp
Advertisement

ਬੰਗਾ ਦੇ ਨਜ਼ਦੀਕੀ ਪਿੰਡ ਮਜ਼ਾਰਾ ਨੌ ਆਬਾਦ ਸਥਿਤ ਇਤਿਹਾਸਕ ਅਸਥਾਨ ਰਸੋਖਾਣਾ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਵਿਖੇ ਅੱਜ 328 ਲਾਪਤਾ ਸਰੂਪਾਂ ਦੇ ਮਾਮਲੇ ਵਿੱਚ ਪੈਦਾ ਹੋਏ ਵਿਵਾਦ ਦੇ ਸ਼ਾਂਤੀਪੂਰਨ ਹੱਲ ਹੋਣ ’ਤੇ ‘ਸ਼ੁਕਰਾਨਾ ਸਮਾਗਮ’ ਕਰਵਾਇਆ ਗਿਆ। ਅੱਜ ਦੇ ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਤੋਂ ਬਾਅਦ ਹੋਏ ਗੁਰਮਤਿ ਸਮਾਗਮ ਵਿੱਚ ਸੂਬੇ ਭਰ ਤੋਂ ਢਾਡੀ ਜੱਥਿਆਂ ਅਤੇ ਕੀਰਤਨੀ ਜੱਥਿਆਂ ਨੇ ਹਾਜ਼ਰੀ ਭਰੀ।

ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੰਸਥਾ ਦੇ ਰਿਕਾਰਡ ਨੂੰ ਦਰੁਸਤ ਦੱਸਦੇ ਹੋਏ ਇਸ ਨੂੰ ਕਲੀਨ ਚਿੱਟ ਦਿੱਤੀ ਸੀ। ਇਹ ਵਿਵਾਦ ਉਸ ਸਮੇਂ ਸ਼ੁਰੂ ਹੋਇਆ ਸੀ ਜਦੋਂ ਮਾਘੀ ਮੇਲੇ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਸੀ ਕਿ ਲਾਪਤਾ 328 ਸਰੂਪਾਂ ਵਿੱਚੋਂ 169 ਸਰੂਪ ਰਸੋਖਾਣਾ ਸਾਹਿਬ ਵਿਖੇ ਮਿਲੇ ਹਨ। ਇਸ ਬਿਆਨ ਤੋਂ ਬਾਅਦ ਸਿਆਸੀ ਤੂਫ਼ਾਨ ਖੜ੍ਹਾ ਹੋ ਗਿਆ ਸੀ ਅਤੇ ਵੱਖ-ਵੱਖ ਪਾਰਟੀਆਂ ਵੱਲੋਂ ਸਰਕਾਰ ਦੀ ਨਿਖੇਧੀ ਕੀਤੀ ਗਈ ਸੀ।

Advertisement

ਹਾਲਾਤ ਵਿਗੜਦੇ ਦੇਖ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੋਰਚਾ ਸੰਭਾਲਿਆ ਅਤੇ ਸਪੱਸ਼ਟ ਕੀਤਾ ਕਿ ਡੇਰੇ ਦਾ ਰਿਕਾਰਡ ਪੂਰੀ ਤਰ੍ਹਾਂ ਸਾਫ਼ ਹੈ ਅਤੇ ਪ੍ਰਬੰਧਕਾਂ ਵਿਰੁੱਧ ਕੋਈ ਵੀ ਮਾਮਲਾ ਨਹੀਂ ਬਣਦਾ। ਅੱਜ ਦੇ ਸਮਾਗਮ ਵਿੱਚ ਮੁੱਖ ਮੰਤਰੀ ਦੀ ਆਮਦ ਦੀ ਉਮੀਦ ਸੀ ਪਰ ਉਹ ਨਜ਼ਰ ਨਹੀਂ ਆਏ।

Advertisement

ਪ੍ਰਬੰਧਕੀ ਕਮੇਟੀ ਦੇ ਮੈਂਬਰ ਅਮਰੀਕ ਸਿੰਘ ਬੁੱਲੋਵਾਲ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਜਿਹੜਾ ਭੰਬਲਭੂਸਾ ਸਿੱਖ ਸੰਗਤ ਦੇ ਮਨਾਂ ਵਿੱਚ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ, ਉਹ ਗੁਰੂ ਸਾਹਿਬ ਦੀ ਕਿਰਪਾ ਨਾਲ ਬਹੁਤ ਹੀ ਸਿਆਣਪ ਅਤੇ ਸ਼ਾਂਤੀਪੂਰਨ ਤਰੀਕੇ ਨਾਲ ਦੂਰ ਹੋ ਗਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸੰਸਥਾ ਦਾ ਕਦੇ ਵੀ ਸਿਆਸਤ ਨਾਲ ਕੋਈ ਲੈਣਾ-ਦੇਣਾ ਨਹੀਂ ਰਿਹਾ ਅਤੇ ਨਾ ਹੀ ਉਨ੍ਹਾਂ ਨੇ ਇਹ ਵਿਵਾਦ ਸ਼ੁਰੂ ਕੀਤਾ ਸੀ। ਉਨ੍ਹਾਂ ਕਿਹਾ ਕਿ ਸਰਕਾਰ ਨੇ ਹੀ ਇਹ ਵਿਵਾਦ ਖੜ੍ਹਾ ਕੀਤਾ ਸੀ ਅਤੇ ਅਸੀਂ ਸਿਰਫ਼ ਆਪਣੀ ਸੱਚਾਈ ਸੰਗਤ ਦੇ ਸਾਹਮਣੇ ਰੱਖੀ ਹੈ।

ਸਮਾਗਮ ਦੌਰਾਨ ਹਜ਼ਾਰਾਂ ਦੀ ਗਿਣਤੀ ਵਿੱਚ ਪਹੁੰਚੀ ਸੰਗਤ ਦੇ ਇਕੱਠ ਨੇ ਇੱਕ ਤਰ੍ਹਾਂ ਨਾਲ ਸੰਸਥਾ ਦੀ ਤਾਕਤ ਦਾ ਪ੍ਰਦਰਸ਼ਨ ਵੀ ਕੀਤਾ। ਜਿੱਥੇ ਕੁਝ ਬੁਲਾਰਿਆਂ ਨੇ ਸਰਕਾਰ ਵਿਰੁੱਧ ਤਿੱਖੇ ਭਾਸ਼ਣ ਦਿੱਤੇ, ਉੱਥੇ ਹੀ ਪ੍ਰਬੰਧਕੀ ਕਮੇਟੀ ਨੇ ਸੰਤੁਲਿਤ ਪਹੁੰਚ ਅਪਣਾਉਂਦਿਆਂ ਕਿਹਾ ਕਿ ਉਹ ਸਿਰਫ਼ ਗੁਰਮਤਿ ਮਰਿਆਦਾਵਾਂ ਵਿੱਚ ਵਿਸ਼ਵਾਸ ਰੱਖਦੇ ਹਨ। ਬੁੱਲੋਵਾਲ ਨੇ ਅੰਤ ਵਿੱਚ ਕਿਹਾ ਕਿ 328 ਸਰੂਪਾਂ ਦਾ ਅਸਲ ਮਾਮਲਾ ਸ਼੍ਰੋਮਣੀ ਕਮੇਟੀ ਅਤੇ ਸਰਕਾਰ ਵਿਚਕਾਰ ਹੈ ਪਰ ਉਨ੍ਹਾਂ ਦੀ ਸੰਸਥਾ ’ਤੇ ਲਾਏ ਗਏ ਦੋਸ਼ ਪੂਰੀ ਤਰ੍ਹਾਂ ਬੇਬੁਨਿਆਦ ਸਨ।

Advertisement
×