ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 26 ਸਤੰਬਰ
ਯੂਟੀ ਪ੍ਰਸ਼ਾਸਨ ਵੱਲੋਂ ਮੁੜ ਵਸੇਬਾ ਕਲੋਨੀਆਂ ’ਚ ਕੀਤੇ ਜਾ ਰਹੇ ਸਰਵੇਖਣ ਪੂਰਾ ਹੋਣ ਤੱਕ ਕਿਸੇ ਨੂੰ ਉਜਾੜਿਆ ਨਹੀਂ ਜਾਵੇਗਾ। ਇਸ ਗੱਲ ਦਾ ਪ੍ਰਗਟਾਵਾ ਯੂਟੀ ਦੇ ਡਿਪਟੀ ਕਮਿਸ਼ਨਰ ਵਿਨੈ ਪ੍ਰਤਾਪ ਸਿੰਘ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੜ ਵਸੇਬਾ ਕਲੋਨੀਆਂ ਦਾ ਸਰਵੇਖਣ ਪੂਰਾ ਹੋਣ ਤੋਂ ਬਾਅਦ ਫੈਸਲਾ ਲਿਆ ਜਾਵੇਗਾ। ਇਹ ਸਰਵੇਖਣ ਅਕਤੂਬਰ ਮਹੀਨੇ ਦੇ ਅਖ਼ੀਰ ਤੱਕ ਮੁਕੰਮਲ ਹੋ ਜਾਵੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਵੇਖਣ ਵਿੱਚ ਸਿਰਫ਼ ਨਾਮ ਆਉਣ ਨਾਲ ਉਸ ਵਿਅਕਤੀ ਨੂੰ ਮਲਕੀਅਤ ਦਾ ਅਧਿਕਾਰ ਨਹੀਂ ਦਿੱਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਸਰਵੇਖਣ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਯੂਟੀ ਦੀਆਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆ ਤੋਂ ਸੁਝਾਅ ਮੰਗੇ ਸਨ। ਉਨ੍ਹਾਂ ਕਿਹਾ ਕਿ ਰਾਜਸੀ ਆਗੂਆਂ ਦੇ ਸੁਝਾਵਾਂ ’ਤੇ ਵਿਚਾਰ-ਚਰਚਾ ਕੀਤੀ ਜਾਵੇਗੀ।