ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 19 ਨਵੰਬਰ
ਚੰਡੀਗੜ੍ਹ ਵਿੱਚ ਹਰ ਸਾਲ ਦੀ ਤਰ੍ਹਾਂ ਇਸ ਵਰ੍ਹੇ ਵੀ 2 ਤੇ 3 ਦਸੰਬਰ ਨੂੰ ਸੁਖਨਾ ਲੇਕ ਕਲੱਬ ਵਿੱਚ ਮਿਲਟਰੀ ਲਿਟਰੇਚਰ ਫੈਸਟੀਵਲ ਕਰਵਾਇਆ ਜਾ ਰਿਹਾ ਹੈ। ਇਹ ਫੈਸਟੀਵਲ ਭਾਰਤ-ਪਾਕਿ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਹੋਵੇਗਾ। ਇਨ੍ਹਾਂ ਸ਼ਹੀਦਾਂ ਨੂੰ ਸਮਰਪਿਤ ਅੱਜ ਚੰਡੀਗੜ੍ਹ ਵਿੱਚ ਮੋਟਰਸਾਈਕਲ ਰਾਈਡ ਵੀ ਕਰਵਾਈ ਗਈ, ਜੋ ਕਿ ਪੰਜਾਬ ਸਿਵਲ ਸਕੱਤਰੇਤ ਤੋਂ ਸ਼ੁਰੂ ਹੋਈ ਹੈ। ਇਸ ਮੋਟਰਸਾਈਕਲ ਰਾਈਡ ਨੂੰ ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਮੋਟਰਸਾਈਕਲ ਰਾਈਡ ਚੰਡੀਮੰਦਰ ਕੈਂਟ ਪਹੁੰਚ ਕੇ ਸਮਾਪਤ ਹੋਈ। ਇਸ ਵਿੱਚ 890 ਦੇ ਕਰੀਬ ਮੋਟਰਸਾਈਕਲ ਚਾਲਕਾਂ ਨੇ ਹਿੱਸਾ ਲਿਆ।
ਇਸ ਤੋਂ ਪਹਿਲਾਂ ਸ੍ਰੀ ਪੁਰੋਹਿਤ ਨੇ ਚੰਡੀਗੜ੍ਹ ਵਾਰ ਮੈਮੋਰੀਅਲ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਸਾਬਕਾ ਫ਼ੌਜ ਮੁਖੀ ਜਨਰਲ (ਸੇਵਾਮੁਕਤ) ਵੀ.ਪੀ. ਮਲਿਕ, ਸਾਬਕਾ ਜਲ ਸੈਨਾ ਮੁਖੀ ਐਡਮਿਰਲ (ਸੇਵਾਮੁਕਤ) ਸੁਨੀਲ ਲਾਂਬਾ ਅਤੇ ਲੈਫਟੀਨੈਂਟ ਜਨਰਲ (ਸੇਵਾਮੁਕਤ) ਟੀਐੱਸ ਸ਼ੇਰਗਿੱਲ ਵੀ ਮੌਜੂਦ ਸਨ। ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਨੌਜਵਾਨਾਂ ਨੂੰ ਫੌਜ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਕ ਸਿਪਾਹੀ ਦਾ ਜੀਵਨ ਹੀ ਦੇਸ਼ ਦੀਆਂ ਕੁਰਬਾਨੀਆਂ ਦਾ ਪ੍ਰਤੀਕ ਹੈ।
ਉਨ੍ਹਾਂ ਕਿਹਾ ਕਿ ਦੇਸ਼ ਦੀ ਸੇਵਾ ਲਈ ਫੌਜ ਤੋਂ ਵਧੀਆ ਕੋਈ ਹੋਰ ਥਾਂ ਨਹੀਂ ਹੈ। ਸ੍ਰੀ ਪੁਰੋਹਿਤ ਨੇ ਕਿਹਾ ਕਿ ਨੌਜਵਾਨਾਂ ਨੂੰ ਭਾਰਤੀ ਫੌਜ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਾਡੇ ਦੇਸ਼ ਦੀ ਸਰਹੱਦ ਸੁਰੱਖਿਅਤ ਹੋਵੇਗਾ ਤਾਂ ਹੀ ਦੇਸ਼ ਦੇ ਲੋਕ ਵੀ ਸੁਰੱਖਿਅਤ ਰਹਿ ਸਕਣਗੇ। ਉਨ੍ਹਾਂ ਸਾਰਿਆਂ ਨੂੰ 2 ਤੇ 3 ਦਸੰਬਰ ਨੂੰ ਮਿਲਟਰੀ ਲਿਟਰੇਚਰ ਫੈਸਟੀਵਲ ’ਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਇਸ ਨਾਲ ਨੌਜਵਾਨਾਂ ਨੂੰ ਭਾਰਤੀ ਫੌਜ ਬਾਰੇ ਜਾਨਣ ਦਾ ਮੌਕਾ ਮਿਲੇਗਾ।