ਆਤਿਸ਼ ਗੁਪਤਾ
ਚੰਡੀਗੜ੍ਹ, 1 ਜੂਨ
ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ ਵੱਲੋਂ ਪਿਛਲੇ ਦਿਨੀ ਚੰਡੀਗੜ੍ਹ ਪ੍ਰਸ਼ਾਸਨ ‘ਤੇ ਫੰਡਾਂ ਸਬੰਧੀ ਚੁੱਕੀ ਗਈ ਉਂਗਲ ਤੋਂ ਬਾਅਦ ਅੱਜ ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਸ੍ਰੀ ਬਾਂਸਲ ਨੂੰ ਮੋੜਵਾਂ ਜਵਾਬ ਦਿੱਤਾ। ਅੱਜ ਸ੍ਰੀ ਪੁਰੋਹਿਤ ਨੇ ਮੀਡੀਆ ਸਾਹਮਣੇ 4 ਸਾਲਾਂ ਦੇ ਫੰਡਾਂ ਦਾ ਬਿਓਰਾ ਪੇਸ਼ ਕਰਦਿਆਂ ਕਿਹਾ ਕਿ ਪਵਨ ਕੁਮਾਰ ਬਾਂਸਲ ਵੱਲੋਂ ਲਗਾਏ ਗਏ ਸਾਰੇ ਦੋਸ਼ ਬੇਬੁਨਿਆਦ ਹਨ। ਉਨ੍ਹਾਂ ਕਿਹਾ ਕਿ ਯੂਟੀ ਪ੍ਰਸ਼ਾਸਨ ਵੱਲੋਂ ਲੋਕਾਂ ਦੇ ਟੈਕਸਾਂ ਦੇ ਇਕ-ਇਕ ਪੈਸੇ ਦੀ ਸ਼ਹਿਰ ਦੇ ਵਿਕਾਸ ਲਈ ਵਰਤੋਂ ਕੀਤੀ ਜਾਂਦੀ ਹੈ।
ਸ੍ਰੀ ਪੁਰੋਹਿਤ ਨੇ ਕਿਹਾ ਕਿ ਲੋਕਾਂ ਦੇ ਟੈਕਸ ਤੋਂ ਇਕੱਠੇ ਕੀਤੇ ਗਏ ਰੁਪਏ ਦੇਸ਼ ਦੇ ਸੰਯੁਕਤ ਫੰਡ ਵਿੱਚ ਜਾਂਦੇ ਹਨ ਜਿਸ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਜਾਣ ਵਾਲੇ ਫੰਡ ਸ਼ਹਿਰ ਦੇ ਵਿਕਾਸ ਲਈ ਨਾਕਾਫੀ ਰਹਿੰਦੇ ਹਨ। ਇਸੇ ਕਰਕੇ ਨਗਰ ਨਿਗਮ ਵੱਲੋਂ ਸ਼ਹਿਰ ਦੇ ਵਿਕਾਸ ਲਈ ਲੋਕਾਂ ‘ਤੇ ਟੈਕਸ ਲਗਾਉਣ ਲਈ ਮਜਬੂਰ ਹੋਣਾ ਪੈਂਦਾ ਹੈ। ਪ੍ਰਸ਼ਾਸਕ ਨੇ ਕਿਹਾ ਕਿ ਯੂਟੀ ਪ੍ਰਸ਼ਾਸਨ ਵੱਲੋਂ ਭਾਰਤ ਸਰਕਾਰ ਵੱਲੋਂ ਜਾਰੀ ਕੀਤੇ ਫੰਡਾਂ ਦੀ ਸਹੀ ਢੰਗ ਨਾਲ ਵਰਤੋਂ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਾਲ 2023-24 ‘ਚ 6087 ਕਰੋੜ ਰੁਪਏ ਜਾਰੀ ਕੀਤੇ ਸਨ, ਜੋ ਕਿ ਪਿਛਲੇ ਸਾਲ ਨਾਲੋਂ 307 ਕਰੋੜ ਰੁਪਏ ਵੱਧ ਸਨ। ਪਿਛਲਾ ਸਾਲ 5779 ਕਰੋੜ ਰੁਪਏ ਜਾਰੀ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਸ੍ਰੀ ਬਾਂਸਲ ਵੱਲੋਂ ਲਗਾਏ ਗਏ ਦੋਸ਼ ਨਿਰਅਧਾਰ ਅਤੇ ਬੇਬੁਨਿਆਦ ਹਨ।