ਪ੍ਰਸ਼ਾਸਕ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਯੂਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਦੇ ਲੋਕਾਂ ਨੂੰ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਦਾ ਸਮੇਂ ਸਿਰ ਨਿਪਟਾਰਾ ਕਰਨ ਲਈ ਅੱਜ ਯੂਟੀ ਸਕੱਤਰੇਤ ਵਿਚ ਜਨਤਾ ਦਰਬਾਰ ਲਗਾਇਆ ਗਿਆ। ਇਸ ਦੌਰਾਨ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਤੋਂ ਲੋਕਾਂ ਨੇ ਆਪਣੀਆਂ ਸਮੱਸਿਆਵਾਂ ਦੱਸੀਆਂ। ਯੂਟੀ ਦੇ ਪ੍ਰਸ਼ਾਸਕ ਨੇ ਜਨਤਾ ਦਰਬਾਰ ਵਿੱਚ ਪਹੁੰਚੇ ਹਰੇਕ ਵਿਅਕਤੀ ਦੀ ਗੱਲ ਸੁਣੀ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ’ਤੇ ਧਿਆਨ ਦਿੱਤਾ। ਇਸ ਦੇ ਨਾਲ ਯੂਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ।
ਸ੍ਰੀ ਕਟਾਰੀਆ ਨੇ ਅੱਜ ਜਨਤਾ ਦਰਬਾਰ ਤੋਂ ਪਹਿਲਾਂ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਪਿਛਲੇ ਬੁੱਧਵਾਰ ਨੂੰ ਲੋਕਾਂ ਵੱਲੋਂ ਉਨ੍ਹਾਂ ਸਾਹਮਣੇ ਪੇਸ਼ ਕੀਤੀਆਂ ਗਈਆਂ ਸਮੱਸਿਆਵਾਂ ਦੀ ਸਮੀਖਿਆ ਕੀਤੀ ਗਈ। ਜ਼ਿਕਰਯੋਗ ਹੈ ਕਿ ਪੰਜਾਬ ਦੇ ਰਾਜਪਾਲ ਤੇ ਯੂਟੀ ਪ੍ਰਸ਼ਾਸਕ ਵੱਲੋਂ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਤੇ ਐੱਸਐੱਸਪੀ ਨੂੰ ਹਰੇਕ ਸੋਮਵਾਰ, ਬੁੱਧਵਾਰ ਤੇ ਸ਼ੁੱਕਰਵਾਰ ਨੂੰ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਸਵੇਰੇ ਦਫ਼ਤਰ ਵਿੱਚ ਮੌਜੂਦ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਬੁੱਧਵਾਰ ਨੂੂੰ ਯੂਟੀ ਸਕੱਤਰੇਤ ਵਿੱਚ ਖੁਦ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਂਦੀਆਂ ਹਨ।