ਸਰਕਾਰੀ ਸਕੂਲਾਂ ਦੀ ਦਿੱਖ ਬਦਲੀ: ਵਿਧਾਇਕ
ਬਨੂੜ, 29 ਮਈ
ਮੁਹਾਲੀ ਹਲਕੇ ਦੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਵਿਚ ਚੱਲ ਰਹੀ ਸਿੱਖਿਆ ਕ੍ਰਾਂਤੀ ਨੇ ਪੰਜਾਬ ਦੇ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਨਵੀਂ ਦਿੱਖ ਪ੍ਰਦਾਨ ਕੀਤੀ ਹੈ। ਉਨ੍ਹਾਂ ਕਿਹਾ ਕਿ ਵਰ੍ਹਿਆਂ ਤੋਂ ਮੁੱਢਲੀਆਂ ਲੋੜਾਂ ਨੂੰ ਉਡੀਕ ਰਹੇ ਸਕੂਲਾਂ ਨੂੰ ਪੰਜਾਬ ਸਰਕਾਰ ਪ੍ਰਾਈਵੇਟ ਸਕੂਲਾਂ ਵਰਗੀਆਂ ਸੁਵਿਧਾਵਾਂ ਮੁਹੱਈਆ ਕਰਾ ਰਹੀ ਹੈ। ਉਹ ਅੱਜ ਨਜ਼ਦੀਕੀ ਪਿੰਡ ਗੋਬਿੰਦਗੜ੍ਹ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ 8.40 ਲੱਖ ਦੀ ਲਾਗਤ ਨਾਲ ਮੁਕੰਮਲ ਹੋਈ ਚਾਰਦੀਵਾਰੀ ਦਾ ਉਦਘਾਟਨ ਕਰਨ ਮਗਰੋਂ ਇਕੱਠ ਨੂੰ ਸੰਬੋਧਨ ਕਰ ਰਹੇ ਸਨ।
ਸਕੂਲ ਦੀ ਸਟੇਟ ਐਵਾਰਡੀ ਪ੍ਰਿੰਸੀਪਲ ਸੰਧਿਆ ਸ਼ਰਮਾ ਨੇ ਸਕੂਲ ਦੀ ਸਾਲਾਨਾ ਰਿਪੋਰਟ ਪੇਸ਼ ਕੀਤੀ। ਇਸ ਮੌਕੇ ਮੁਹਾਲੀ ਜ਼ਿਲ੍ਹੇ ਵਿੱਚ ਬਾਰ੍ਹਵੀਂ ’ਚ ਦੂਜੇ ਸਥਾਨ ’ਤੇ ਸਕੂਲ ਵਿਦਿਆਰਥਣ ਪ੍ਰਿਯੰਕਾ, ਅਨੁਪ੍ਰੀਤ ਕੌਰ, ਸ਼ਿਵਾਨੀ ਧੀਮਾਨ ਅਤੇ ਹੋਰਨਾਂ ਹੋਣਹਾਰ ਵਿਦਿਆਰਥਣਾਂ ਦਾ ਵਿਧਾਇਕ ਵੱਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ ਗਿੰਨੀ ਦੁੱਗਲ, ਪਿੰਡ ਦੀ ਸਰਪੰਚ ਜਰਨੈਲ ਕੌਰ ਦੇ ਪਤੀ ਕਰਮਾਪੁਰੀ ਨੇ ਵੀ ਸੰਬੋਧਨ ਕੀਤਾ। ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਸ਼ਾਮਪੁਰ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਵਿਕਾਸ ਕੰਮਾਂ ਦਾ ਉਦਘਾਟਨ ਵੀ ਕੀਤਾ।
ਸੈਦਪੁਰ ਸਕੂਲ ’ਚ ਵਿਕਾਸ ਕਾਰਜਾਂ ਦੇ ਉਦਘਾਟਨ
ਐੱਸਏਐੱਸ ਨਗਰ (ਮੁਹਾਲੀ) (ਦਰਸ਼ਨ ਸਿੰਘ ਸੋਢੀ): ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਕੁਲਵੰਤ ਸਿੰਘ ਨੇ ਮੁਹਾਲੀ ਹਲਕੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਵਿਕਾਸ ਕੰਮਾਂ ਉਦਘਾਟਨ ਕੀਤੇ। ਉਨ੍ਹਾਂ ਵਿਦਿਆਰਥੀਆਂ ਅਤੇ ਮਾਪਿਆਂ ਨਾਲ ਖੁੱਲ੍ਹ ਕੇ ਗੱਲ ਕੀਤੀਆਂ। ਉਨ੍ਹਾਂ ਸਾਢੇ 11 ਲੱਖ ਰੁਪਏ ਦੀ ਲਾਗਤ ਨਾਲ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਸੈਦਪੁਰ ਅਤੇ ਸਰਕਾਰੀ ਹਾਈ ਸਕੂਲ ਸੈਦਪੁਰ ਵਿੱਚ ਕੀਤੇ ਕੰਮਾਂ ਦਾ ਉਦਘਾਟਨ ਕੀਤਾ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਗਿੰਨੀ ਦੁੱਗਲ ਵੀ ਹਾਜ਼ਰ ਸਨ।