ਪੱਤਰ ਪ੍ਰੇਰਕ
ਐੱਸ.ਏ.ਐੱਸ. ਨਗਰ (ਮੁਹਾਲੀ), 9 ਅਕਤੂਬਰ
ਮੁਹਾਲੀ ਅਤੇ ਆਸਪਾਸ ਪਿੰਡਾਂ ਵਿੱਚ ਭਗਵਾਨ ਮਹਾਰਿਸ਼ੀ ਵਾਲਮੀਕਿ ਦਾ ਪ੍ਰਗਟ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ ਅਤੇ ਵੱਖ-ਵੱਖ ਥਾਵਾਂ ’ਤੇ ਸ਼ੋਭਾ ਯਾਤਰਾਵਾਂ ਕੱਢੀਆਂ ਗਈਆਂ। ਇਸ ਮੌਕੇ ਮੁਹਾਲੀ ਤੋਂ ‘ਆਪ’ ਵਿਧਾਇਕ ਕੁਲਵੰਤ ਸਿੰਘ, ਸੀਨੀਅਰ ‘ਆਪ’ ਆਗੂ ਹਰਸੁਖਇੰਦਰ ਸਿੰਘ ਬੱਬੀ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਬੈਦਵਾਨ ਸਮੇਤ ਹੋਰਨਾਂ ਸਿਆਸੀ ਆਗੂਆਂ ਨੇ ਵੱਖ-ਵੱਖ ਸਮਾਗਮਾਂ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਬੱਬੀ ਬਾਦਲ ਨੇ ਕਿਹਾ ਕਿ ਭਗਵਾਨ ਵਾਲਮੀਕਿ ਨੇ ਸਮੁੱਚੀ ਲੁਕਾਈ ਨੂੰ ਸਰਬ ਸਾਂਝੀਵਾਲਤਾ ਦੇ ਮੁੱਦਈ ਹੋਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਦੀਆਂ ਸਿੱਖਿਆਵਾਂ ਅੱਜ ਵੀ ਸਮੁੱਚੀ ਮਾਨਵਤਾ ਲਈ ਚਾਨਣ ਮੁਨਾਰਾ ਬਣ ਕੇ ਮਨੁੱਖਤਾ ਦਾ ਮਾਰਗ ਦਰਸ਼ਨ ਕਰ ਰਹੀਆਂ ਹਨ।
ਅਮਲੋਹ (ਪੱਤਰ ਪ੍ਰੇਰਕ): ਭਗਵਾਨ ਵਾਲਮੀਕਿ ਪ੍ਰਚਾਰ ਮੰਦਰ ਕਮੇਟੀ ਗੁੱਗਾ ਮਾੜੀ ਅਤੇ ਭਗਵਾਨ ਵਾਲਮੀਕਿ ਮੰਦਰ ਕਮੇਟੀ ਮੰਡੀ ਗੋਬਿੰਦਗੜ੍ਹ ਵੱਲੋਂ ਵੱਖੋ-ਵੱਖਰੇ ਮੰਦਰਾਂ ਵਿੱਚ ਅੱਜ ਸਮਾਗਮ ਕਰਵਾਏ ਗਏ। ਇਨ੍ਹਾਂ ਸਮਾਗਮਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਅਮਲੋਹ ਹਲਕੇ ਦੇ ਆਗੂ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਮੁੱਖ-ਮਹਿਮਾਨ ਵਜੋਂ ਸ਼ਮੂਲੀਅਤ ਕੀਤੀ।
ਮੁੱਲਾਂਪੁਰ ਗਰੀਬਦਾਸ ਵਿੱਚ ਝਾਕੀਆਂ ਕੱਢੀਆਂ
ਮੁੱਲਾਂਪੁਰ ਗਰੀਬਦਾਸ (ਪੱਤਰ ਪ੍ਰੇਰਕ): ਨਿਊ ਚੰਡੀਗੜ੍ਹ ਇਲਾਕੇ ਦੇ ਪਿੰਡਾਂ ਮੁੱਲਾਂਪੁਰ ਗਰੀਬਦਾਸ ਤੇ ਨਵਾਂ ਗਾਉਂ ਇਲਾਕੇ ਦੇ ਪਿੰਡਾਂ ਵਿੱਚ ਮਹਾਂਰਿਸ਼ੀ ਵਾਲਮੀਕਿ ਦਾ ਪ੍ਰਗਟ ਦਿਵਸ ਅੱਜ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਬਾਲਮੀਕ ਮੰਦਰਾਂ ਨੂੰ ਬਿਜਲਈ ਰੌਸ਼ਨੀ ਨਾਲ ਸਜਾਇਆ ਗਿਆ। ਇਲਾਕੇ ਦੇ ਪਿੰਡਾਂ ਵਿੱਚ ਝਾਕੀਆਂ ਕੱਢੀਆਂ ਗਈਆਂ ਤੇ ਲੰਗਰ ਚਲਾਏ ਗਏ। ਰਾਤ ਸਮੇਂ ਘਰਾਂ ਵਿੱਚ ਗੜਬੜਿਆਂ ਵਿੱਚ ਸਰ੍ਹੋਂ ਦਾ ਤੇਲ ਪਾ ਕੇ ਦੀਵੇ ਜਗਾ ਕੇ ਬੱਚਿਆਂ ਵੱਲੋਂ ਗਲੀਆਂ ਵਿੱਚ ਗੇੜੀਆਂ ਲਗਾਈਆਂ।