ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 24 ਜਨਵਰੀ
ਉੱਤਰ ਭਾਰਤ ਵਿੱਚ ਪਈ ਸੰਘਣੀ ਧੁੰਦ ਅਤੇ ਚੱਲ ਰਹੀ ਸੀਤ ਲਹਿਰ ਨੇ ਚੰਡੀਗੜ੍ਹੀਆਂ ਦਾ ਜਨਜੀਵਨ ਪ੍ਰਭਾਵਿਤ ਕਰ ਦਿੱਤਾ ਹੈ। ਦੇਰ ਰਾਤ ਪਏ ਮੀਂਹ ਕਾਰਨ ਸ਼ਹਿਰ ਵਿੱਚ ਠੰਢ ਵਧ ਗਈ ਹੈ। ਚੰਡੀਗੜ੍ਹ ਵਿੱਚ ਦਿਨ ਦਾ ਤਾਪਮਾਨ 6 ਡਿਗਰੀ ਸੈਲਸੀਅਸ ਡਿੱਗ ਗਿਆ ਹੈ। ਮੌਸਮ ਵਿਭਾਗ ਅਨੁਸਾਰ ਅੱਜ ਚੰਡੀਗੜ੍ਹ ’ਚ ਵੱਧ ਤੋਂ ਵੱਧ ਤਾਪਮਾਨ 14.5 ਡਿਗਰੀ ਸੈਲਸੀਅਸ ਦਰਜ ਕੀਤਾ ਕੀਤਾ ਹੈ ਜੋ ਆਮ ਨਾਲੋਂ 6 ਡਿਗਰੀ ਘੱਟ ਸੀ ਅਤੇ ਘੱਟ ਤੋਂ ਘੱਟ ਤਾਪਮਾਨ 11.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।
ਲੰਘੀ ਰਾਤ ਪਏ ਮੀਂਹ ਨੇ ਲੋਕਾਂ ਨੂੰ ਸੁੱਕੀ ਠੰਢ ਤੋਂ ਰਾਹਤ ਦਿੱਤੀ ਹੈ। ਇਸ ਨਾਲ ਖਾਂਸੀ, ਜੁਕਾਮ ਅਤੇ ਮਾਮੂਲੀ ਬੁਖਾਰ ਤੋਂ ਛੁਟਕਾਰਾ ਮਿਲੇਗਾ। ਮੀਂਹ ਕਰਕੇ ਦਿਨ ਭਰ ਸ਼ਹਿਰ ਦੀਆਂ ਸੜਕਾਂ ਸੁੰਨਸਾਨ ਰਹੀਆਂ। ਸੁਖਨਾ ਝੀਲ, ਰੌਕ ਗਾਰਡਨ, ਰੋਜ਼ ਗਾਰਡਨ ਸਣੇ ਸ਼ਹਿਰ ਵਿੱਚ ਘੁੰਮਣ ਵਾਲੀਆਂ ਥਾਵਾਂ ’ਤੇ ਲੋਕਾਂ ਦੀ ਗਿਣਤੀ ਆਮ ਨਾਲੋਂ ਘੱਟ ਸੀ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਠੰਢ ਹੋਰ ਵਧੇਗੀ। ਇਸ ਤੋਂ ਇਲਾਵਾ ਧੁੰਦ ਪੈਣ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ।