ਕੜਾਕੇ ਦੀ ਠੰਢ ਨੇ ਲੋਕਾਂ ਨੂੰ ਕੰਬਣੀ ਛੇੜੀ
ਮੁਕੇਸ਼ ਕੁਮਾਰ
ਚੰਡੀਗੜ੍ਹ, 2 ਜਨਵਰੀ
ਚੰਡੀਗੜ੍ਹ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਕੜਾਕੇ ਦੀ ਠੰਢ ਨਾਲ ਨਵੇਂ ਸਾਲ ਦੀ ਸ਼ੁਰੂਆਤ ਹੋਈ। ਨਵੇਂ ਸਾਲ ਵਾਲੇ ਦਿਨ ਤੋਂ ਹੀ ਸ਼ੁਰੂ ਹੋਈ ਸੀਤ ਲਹਿਰ ਦੌਰਾਨ ਚੰਡੀਗੜ੍ਹ ਵਿੱਚ ਕੜਾਕੇ ਦੀ ਠੰਢ ਜਾਰੀ ਹੈ। ਸਾਰਾ ਦਿਨ ਸੂਰਜ ਨਹੀਂ ਨਿਕਲਿਆ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ’ਚ ਠੰਢ ਤੋਂ ਕੋਈ ਰਾਹਤ ਨਹੀਂ ਮਿਲੇਗੀ ਅਤੇ ਠੰਢ ਦਾ ਕਹਿਰ ਇਸੇ ਤਰ੍ਹਾਂ ਜਾਰੀ ਰਹੇਗਾ।
ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀ ਕਾਰਨ ਆਉਣ ਵਾਲੇ ਦਿਨਾਂ ਵਿੱਚ ਮੌਸਮ ’ਚ ਬਦਲਾਅ ਦੇਖਣ ਨੂੰ ਮਿਲੇਗਾ ਅਤੇ 6 ਜਨਵਰੀ ਤੋਂ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਕਾਰਨ ਠੰਢ ਦਾ ਪ੍ਰਕੋਪ ਹੋਰ ਵਧਣ ਦੀ ਸੰਭਾਵਨਾ ਹੈ। ਇਸ ਨਾਲ ਤਾਪਮਾਨ ਵਿੱਚ ਹੋਰ ਗਿਰਾਵਟ ਆਵੇਗੀ ਅਤੇ ਠੰਢ ਦਾ ਪ੍ਰਭਾਵ ਲੰਬੇ ਸਮੇਂ ਤੱਕ ਰਹੇਗਾ। ਇਸ ਦੌਰਾਨ ਲੋਕਾਂ ਨੂੰ ਠੰਢ ਤੋਂ ਬਚਣ ਲਈ ਵਿਸ਼ੇਸ਼ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ ਗਈ ਹੈ। ਬੱਚਿਆਂ ਅਤੇ ਬਜ਼ੁਰਗਾਂ ਦਾ ਵਿਸ਼ੇਸ਼ ਧਿਆਨ ਰੱਖਣ ਦੀ ਲੋੜ ਹੈ। ਠੰਢ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕ ਆਪਣੇ ਘਰਾਂ ਵਿੱਚ ਹੀਟਰਾਂ ਅਤੇ ਅੱਗ ਦੀ ਮਦਦ ਨਾਲ ਠੰਢ ਤੋਂ ਬਚਣ ਦੀ ਕੋਸ਼ਿਸ਼ ਕਰ ਰਹੇ ਹਨ।
ਪੰਚਕੂਲਾ (ਪੀਪੀ ਵਰਮਾ): ਪੰਚਕੂਲਾ ਵਿੱਚ ਬੀਤੇ ਦੋ ਦਿਨਾਂ ਤੋਂ ਧੁੰਦ ਅਤੇ ਠੰਢ ਕਾਰਨ ਲੋਕ ਘਰਾਂ ’ਚ ਬੈਠਣ ਲਈ ਮਜਬੂਰ ਹਨ। ਧੁੰਦ ਅਤੇ ਠੰਢ ਕਾਰਨ ਪੰਚਕੂਲਾ ਦਾ ਜਨ-ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਬੀਤੇ ਦੋ ਦਿਨਾਂ ਤੋਂ ਧੁੱਪ ਨਹੀਂ ਨਿਕਲੀ। ਮੌਸਮ ਵਿਭਾਗ ਅਨੁਸਾਰ ਹਾਲੇ ਤਿੰਨ ਦਿਨ ਹੋਰ ਧੁੰਦ ਅਤੇ ਠੰਢ ਵਧਣ ਦੀ ਸੰਭਾਵਨਾ ਹੈ। ਨਵੇਂ ਸਾਲ ਦੀ ਆਮਦ ਮਗਰੋਂ ਲੋਕਾਂ ਨੇ ਧੁੱਪ ਦਾ ਨਿੱਘ ਨਹੀਂ ਮਾਣਿਆ ਹੈ। ਮੌਸਮ ਵਿਭਾਗ ਅਨੁਸਾਰ ਤਿੰਨ ਜਨਵਰੀ ਨੂੰ ਵੱਧ ਤੋਂ ਵੱਧ ਤਾਪਮਾਨ 13 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ 10 ਡਿਗਰੀ ਸੈਲਸੀਅਸ ਰਹੇਗਾ।
ਚਾਰ ਜਨਵਰੀ ਨੂੰ ਵੱਧ ਤੋਂ ਵੱਧ ਤਾਪਮਾਨ 15 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ 12 ਡਿਗਰੀ ਸੈਲਸੀਅਸ ਰਹੇਗਾ। ਪੰਜ ਜਨਵਰੀ ਨੂੰ ਵੱਧ ਤੋਂ ਵੱਧ ਤਾਪਮਾਨ 17 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ 13 ਡਿਗਰੀ ਸੈਲਸੀਅਸ ਰਹੇਗਾ। ਛੇ ਜਨਵਰੀ ਨੂੰ ਵੱਧ ਤੋਂ ਵੱਧ ਤਾਪਮਾਨ 18 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ 14 ਡਿਗਰੀ ਸੈਲਸੀਅਸ ਰਹੇਗਾ। ਮੌਸਮ ਵਿਭਾਗ ਅਨੁਸਾਰ ਅਗਲੇ ਦਿਨਾਂ ’ਚ ਮੀਂਹ ਪੈਣ ਦੀ ਸੰਭਾਵਨਾ ਹੈ।