ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 11 ਸਤੰਬਰ
ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਬਲਬੀਰ ਸਿੰਘ ਸਿੱਧੂ ਨੇ ਆਪ ਸਰਕਾਰ ਵੱਲੋਂ ਪੰਜਾਬ ’ਚੋਂ ਨਸ਼ਿਆਂ ਦੀ ਲਾਹਨਤ ਨੂੰ ਖ਼ਤਮ ਕਰਨ ਦੇ ਕੀਤੇ ਜਾ ਰਹੇ ਵੱਡੇ-ਵੱਡੇ ਦਾਅਵਿਆਂ ’ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਬਠਿੰਡਾ ਵਿੱਚ ਸੰਤਪੁਰਾ ਸੜਕ ’ਤੇ ਨਸ਼ਾ ਕਰਦੇ ਨੌਜਵਾਨਾਂ ਅਤੇ ਔਰਤਾਂ ਦੀ ਵਾਇਰਲ ਹੋਈ ਤਾਜ਼ਾ ਵੀਡੀਓ ਨੇ ਸੂਬਾ ਸਰਕਾਰ ਦੇ ਦਾਅਵਿਆਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਅੱਜ ਇੱਥੇ ਭਾਜਪਾ ਆਗੂ ਬਲਬੀਰ ਸਿੱਧੂ ਨੇ ਲੋਕ ਸਭਾ ਵਿੱਚ ਪੇਸ਼ ਕੀਤੀ ਇੱਕ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਪੰਜਾਬ ਵਿੱਚ 66.70 ਲੱਖ ਤੋਂ ਵੱਧ ਨਸ਼ੇ ਦੇ ਆਦੀ ਲੋਕਾਂ ’ਚੋਂ 21.36 ਲੱਖ ਵੱਖ-ਵੱਖ ਕਿਸਮਾਂ ਦੇ ਰਸਾਇਣਿਕ ਨਸ਼ਿਆਂ ਦਾ ਸੇਵਨ ਕਰਦੇ ਹਨ। ਸਭ ਤੋਂ ਵੱਧ ਚਿੰਤਾਜਨਕ ਪਹਿਲੂ ਇਹ ਹੈ ਕਿ ਪੰਜਾਬ ਦੇ 6.97 ਲੱਖ ਬੱਚੇ ਵੀ ਨਸ਼ਿਆਂ ਦੀ ਦਲਦਲ ਵਿੱਚ ਫਸੇ ਹੋਏ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਕਾਰਨ ਪੰਜਾਬੀ ਨੌਜਵਾਨਾਂ ਦੀਆਂ ਹੋ ਰਹੀਆਂ ਮੌਤਾਂ ਪ੍ਰਤੀ ਸਰਕਾਰ ਬਿਲਕੁਲ ‘ਸੰਵੇਦਨਹੀਣ’ ਹੋ ਗਈ ਹੈ ਜਿਸ ਕਾਰਨ ਨਸ਼ਾ ਤਸਕਰਾਂ ਵਿਰੁੱਧ ਕੋਈ ਅਸਰਦਾਰ ਕਾਰਵਾਈ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਚਾਰ ਮਹੀਨਿਆਂ ਵਿੱਚ ਨਸ਼ਾ ਖ਼ਤਮ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਆਪ ਸਰਕਾਰ ਨੇ ਲੋਕਾਂ ਨਾਲ ਧੋਖਾ ਕੀਤਾ ਹੈ।