ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 5 ਮਈ
ਪੱਛਮੀ ਬੰਗਾਲ ਵਿੱਚ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਹੋ ਰਹੀਆਂ ਹਿੰਸਕ ਘਟਨਾਵਾਂ ਦੇ ਵਿਰੋਧ ਵਿੱਚ ਭਾਜਪਾ ਚੰਡੀਗੜ੍ਹ ਨੇ ਪ੍ਰਧਾਨ ਅਰੁਣ ਸੂਦ ਦੀ ਅਗਵਾਈ ਵਿੱਚ ਵਰਚੁਅਲ ਧਰਨਾ ਦਿੱਤਾ। ਭਾਜਪਾ ਆਗੂਆਂ ਨੇ ਪੱਛਮੀ ਬੰਗਾਲ ਵਿੱਚ ਹੋ ਰਹੀ ਘਟਨਾਵਾਂ ਦੀ ਨਿਖੇਧੀ ਕੀਤੀ।
ਅਰੁਣ ਸੂਦ ਨੇ ਕਿਹਾ ਕਿ ਪੱਛਮੀ ਬੰਗਾਲ ਵਿੱਚ ਚੋਣ ਨਤੀਜਿਆਂ ਤੋਂ 24 ਘੰਟੇ ਬਾਅਦ ਹੀ ਹਿੰਸਕ ਘਟਨਾਵਾਂ ਵਾਪਰਨੀਆਂ ਸ਼ੁਰੂ ਹੋ ਗਈਆਂ ਸਨ। ਇਸ ਦੌਰਾਨ ਭਾਜਪਾ ਦੇ ਕਈ ਆਗੂਆਂ ਦੀ ਮੌਤ ਹੋ ਗਈ ਹੈ। ਉਨ੍ਹਾਂ ਨੇ ਇਨ੍ਹਾਂ ਹਮਲਿਆਂ ਪਿੱਛੇ ਟੀਐੱਮਸੀ ਨੂੰ ਜ਼ਿੰਮੇਵਾਰ ਠਹਿਰਾਇਆ। ਸ੍ਰੀ ਸੂਦ ਨੇ ਕਿਹਾ ਕਿ ਜੇ ਪੱਛਮੀ ਬੰਗਾਲ ਸਰਕਾਰ ਅਜਿਹੀਆਂ ਘਟਨਾਵਾਂ ਰੋਕ ਨਹੀਂ ਸਕਦੀ ਤਾਂ ਉੱਥੇ ਰਾਸ਼ਟਰਪਤੀ ਸ਼ਾਸਨ ਲਗਾ ਦਿੱਤਾ ਜਾਵੇ।
ਲੌਕਡਾਊਨ ਦੇ ਬਾਵਜੂਦ ਭਾਜਪਾ ਵੱਲੋਂ ਪ੍ਰਦਰਸ਼ਨ
ਪੰਚਕੂਲਾ (ਪੱਤਰ ਪ੍ਰੇਰਕ): ਸਥਾਨਕ ਬੇਲਾਵਿਸ਼ਟਾ ਚੌਕ ’ਤੇ ਪੱਛਮੀ ਬੰਗਾਲ ਵਿੱਚ ਮਮਤਾ ਬੈਨਰਜੀ ਦੀ ਜਿੱਤ ਤੋਂ ਬਾਅਦ ਬੰਗਾਲ ਵਿੱਚ ਭਾਜਪਾ ਵਰਕਰਾਂ ’ਤੇ ਹੋਏ ਹਮਲੇ ਨੂੰ ਲੈ ਕੇ ਭਾਜਪਾ ਨੇਤਾਵਾਂ ਨੇ ਪ੍ਰਦਰਸ਼ਨ ਕੀਤਾ। ਭਾਵੇਂ ਅੱਜ ਲੌਕਡਾਊਨ ਸੀ ਪਰ ਇਸ ਦੇ ਬਾਵਜੂਦ ਕੇਂਦਰੀ ਮੰਤਰੀ ਰਤਨ ਲਾਲ ਕਟਾਰੀਆ, ਨਗਰ ਨਿਗਮ ਦੇ ਮੇਅਰ ਕੁਲਭੂਸ਼ਨ ਗੋਇਲ, ਸਾਬਕਾ ਜ਼ਿਲ੍ਹਾ ਪ੍ਰਧਾਨ ਦੀਪਕ ਸ਼ਰਮਾ, ਭਾਜਪਾ ਦੀ ਸੀਨੀਅਰ ਮਹਿਲਾ ਨੇਤਾ ਬੰਤੋ ਕਟਾਰੀਆ, ਜ਼ਿਲ੍ਹਾ ਪ੍ਰਧਾਨ ਅਜੇ ਸ਼ਰਮਾ, ਸ਼ਾਮਲਾਲ ਬਾਂਸਲ ਅਤੇ ਵਰਿੰਦਰ ਰਾਣਾ ਸਣੇ ਕਈ ਹੋਰ ਭਾਜਪਾ ਨੇਤਾ ਪ੍ਰਦਰਸ਼ਨ ਵਿਚ ਸ਼ਾਮਿਲ ਸਨ। ਕੇਂਦਰ ਮੰਤਰੀ ਰਤਨ ਲਾਲ ਕਟਾਰੀਆ ਨੇ ਮੰਗ ਕੀਤੀ ਕਿ ਬੰਗਾਲ ਵਿੱਚ ਰਾਸ਼ਟਰਪਤੀ ਰਾਜ ਲਾਗੂ ਹੋਵੇ। ਮੁੱਖ ਪ੍ਰਦਰਸ਼ਕਾਰੀਆਂ ਤੋਂ ਇਲਾਵਾ ਸਹਿਯੋਗ ਵਾਲਿਆਂ ਨੇ ਮਾਸਕ ਵੀ ਨਹੀਂ ਪਹਿਨੇ ਹੋਏ ਸਨ।