ਆਤਿਸ਼ ਗੁਪਤਾ
ਚੰਡੀਗੜ੍ਹ, 11 ਨਵੰਬਰ
ਚੰਡੀਗੜ੍ਹ ਨਗਰ ਨਿਗਮ ਚੋਣਾਂ ਦੇ ਨੇੜੇ ਆਉਂਦਿਆਂ ਹੀ ਸਾਰੀਆਂ ਸਿਆਸੀ ਪਾਰਟੀਆਂ ਨੇ ਗਤੀਵੀਧੀਆਂ ਤੇਜ਼ ਕਰ ਦਿੱਤੀਆਂ ਹਨ। ਇਸ ਤਹਿਤ ਭਾਰਤੀ ਜਨਤਾ ਪਾਰਟੀ ਨੇ ਵੀ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦਿਆਂ ਨਿਗਮ ਚੋਣਾਂ ਦੀ ਸ਼ੁਰੂਆਤ ਕਰ ਦਿੱਤੀ ਹੈ। ਭਾਜਪਾ ਨੇ ‘ਚੱਲੋ ਚੱਲੀਏ ਮੋਦੀ ਦੇ ਨਾਲ’ ਨਾਅਰੇ ਨਾਲ ਚੋਣ ਮੈਦਾਨ ’ਚ ਉੱਤਰਨ ਦੀ ਤਿਆਰੀ ਖਿੱਚ ਲਈ ਹੈ। ਭਾਜਪਾ ਦੇ ਕੌਮੀ ਸਕੱਤਰ ਅਤੇ ਚੰਡੀਗੜ੍ਹ ਚੋਣਾਂ ਦੇ ਇੰਚਾਰਜ ਵਿਨੋਦ ਤਾਵੜੇ ਨੇ ਕਿਹਾ ਕਿ ਭਾਜਪਾ ਦੀ ਅਗਵਾਈ ’ਚ ਨਗਰ ਨਿਗਮ ਵੱਲੋਂ ਪਿਛਲੇ 5 ਸਾਲਾਂ ਦੌਰਾਨ ਕੀਤੇ ਕੰਮਾਂ ਦੇ ਆਧਾਰ ’ਤੇ ਵੋਟ ਮੰਗੀ ਜਾਵੇਗੀ। ਇਸ ਦੇ ਨਾਲ ਹੀ ਲੋਕਾਂ ਦੀ ਸ਼ਮੂਲੀਅਤ ਨਾਲ ਚੋਣ ਘੋਸ਼ਣਾ ਪੱਤਰ ਤਿਆਰ ਕੀਤਾ ਜਾਵੇਗਾ।
ਤਾਵੜੇ ਨੇ ਦੱੱਸਿਆ ਕਿ ਨਿਗਨ ਚੋਣਾਂ ਲਈ ਭਾਜਪਾ ਪ੍ਰਧਾਨ ਅਰੁਣ ਸੂਦ, ਸੰਸਦ ਮੈਂਬਰ ਕਿਰਨ ਖੇਰ, ਸਾਬਕਾ ਸੰਸਦ ਸਤਿਆਪਾਲ ਜੈਨ ਅਤੇ ਸਾਬਕਾ ਪ੍ਰਧਾਨ ਸੰਜੇ ਟੰਡਨ ਦੀ ਅਗਵਾਈ ਹੇਠ 85 ਮੈਂਬਰੀ ਚੋਣ ਕਮੇਟੀ ਤਿਆਰ ਕੀਤੀ ਗਈ ਹੈ। ਇਹ ਕਮੇਟੀ ਚੋਣਾਂ ਦੀ ਰਣਨੀਤੀ ਤਿਆਰ ਕਰੇਗੀ। ਉਨ੍ਹਾਂ ਕਿਹਾ ਕਿ ਨਿਗਮ ਚੋਣਾਂ ’ਚ ਸ਼ਹਿਰ ਦੇ ਨੌਜਵਾਨਾਂ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਟਿਕਟਾਂ ਲਈ ਚਾਹਵਾਨ ਉਮੀਦਵਾਰਾਂ ਦੀ ਸੂਚੀ ਤਿਆਰ ਕਰ ਕੇ ਜ਼ਿਲ੍ਹਾ ਟੀਮ ਕੋਲ ਭੇਜੀ ਜਾਵੇਗਾ ਜਿਸ ਤੋਂ ਬਾਅਦ ਵਿਚਾਰ ਕਰਕੇ ਉਮੀਦਵਾਰਾਂ ਦਾ ਐਲਾਨ ਕੀਤਾ ਜਾਵੇਗਾ।
ਭਾਜਪਾ ਦੇ ਕੌਮੀ ਸਕੱਤਰ ਨੇ ਆਮ ਆਦਮੀ ਪਾਰਟੀ ’ਤੇ ਵਰ੍ਹਦਿਆ ਕਿਹਾ ਕਿ ਉਹ ਕਾਂਗਰਸ ਦੀ ਬੀ ਟੀਮ ਹੈ। ਜਿਸ ਵਿੱਚ ਕਾਂਗਰਸ ਦੇ ਲੋਕ ਹੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵੱਡੇ-ਵੱਡੇ ਬਿਲਡਰਾਂ ਤੋਂ ਰੁਪਏ ਲੈ ਕੇ ਟਿਕਟਾ ਦੀ ਵੰਡ ਕਰਕੇ ਪੈਸੇ ਦੇ ਦਮ ’ਤੇ ਨਿਗਮ ਚੋਣਾਂ ਜਿੱਤਣਾ ਚਾਹੁੰਦੀ ਹੈ ਪਰ ਕਾਂਗਰਸ ਨੂੰ ਅਜਿਹੇ ਮਨਸੂਬਿਆਂ ਵਿੱਚ ਕਦੇ ਵੀ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਇਸ ਮੌਕੇ ਸਹਿ ਚੋਣ ਇੰਚਾਰਜ ਅਤੇ ਰਾਜ ਸਭਾ ਮੈਂਬਰ ਸੰਸਦ ਇੰਦੂ ਬਾਲਾ ਗੋਸਵਾਮੀ, ਭਾਜਪਾ ਪ੍ਰਧਾਨ ਅਰੁਣ ਸੂਦ, ਮੇਅਰ ਰਵੀਕਾਂਤ ਸ਼ਰਮਾ, ਜਨਰਲ ਸਕੱਤਰ ਰਾਮਵੀਰ ਭੱਟੀ, ਚੰਦਰਸ਼ੇਖਰ ਅਤੇ ਪਾਰਟੀ ਦੇ ਬੁਲਾਰੇ ਕੈਲਾਸ਼ ਚੰਦਰ ਜੈਨ ਹਾਜ਼ਰ ਸਨ।