ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 23 ਅਪਰੈਲ
ਚੰਡੀਗੜ੍ਹ ਤੇ ਮੁਹਾਲੀ ਦੇ ਸਰਹੱਦ ’ਤੇ ਸਥਿਤ ਸੈਕਟਰ-56 ਵਿੱਚ ਪੁਲੀਸ ਚੌਕੀ ਸਾਹਮਣੇ ਹਰਿਆਣਾ ਪੁਲੀਸ ਦੇ ਕਾਂਸਟੇਬਲ ਦੀ ਹੱਤਿਆ ਕਰ ਦਿੱਤੀ ਗਈ ਹੈ। ਮ੍ਰਿਤਕ ਦੇ ਚਿਹਰੇ ਅਤੇ ਸਰੀਰ ’ਤੇ ਸੱਟਾਂ ਦੇ ਨਿਸ਼ਾਨ ਹਨ। ਇਸ ਬਾਰੇ ਜਾਣਕਾਰੀ ਮਿਲਦਿਆਂ ਹੀ ਚੰਡੀਗੜ੍ਹ ਪੁਲੀਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਨੇ ਮ੍ਰਿਤਕ ਦੀ ਲਾਸ਼ ਪੋਸਟਮਾਰਟਮ ਲਈ ਸੈਕਟਰ-16 ਦੇ ਹਸਪਤਾਲ ਵਿੱਚ ਰੱਖ ਦਿੱਤੀ ਹੈ। ਮ੍ਰਿਤਕ ਦੀ ਪਛਾਣ ਅਜੀਤ ਸਿੰਘ ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ ਅੱਜ ਸਵੇਰੇ 7 ਵਜੇ ਦੇ ਕਰੀਬ ਇਕ ਔਰਤ ਨੇ ਪੁਲੀਸ ਚੌਕੀ ਦੇ ਸਾਹਮਣੇ ਜੰਗਲ ਦੇ ਇਲਾਕੇ ਵਿੱਚ ਇਕ ਪੁਲੀਸ ਮੁਲਾਜ਼ਮ ਦੀ ਲਾਸ਼ ਪਏ ਹੋਣ ਦੀ ਸੂਚਨਾ ਦਿੱਤੀ। ਪੁਲੀਸ ਨੇ ਲਾਸ਼ ਬਾਰੇ ਜਾਣਕਾਰੀ ਮਿਲਦਿਆਂ ਹੀ ਜਾਂਚ ਸ਼ੁਰੂ ਕਰ ਦਿੱਤੀ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਕਿ ਮੁਲਜ਼ਮ ਨੇ ਹਰਿਆਣਾ ਪੁਲੀਸ ਦੀ ਵਰਦੀ ਪਾਈ ਹੋਈ ਸੀ, ਉਸ ਦੇ ਚਿਹਰੇ ਅਤੇ ਸਰੀਰ ’ਤੇ ਸੱਟਾਂ ਦੇ ਨਿਸ਼ਾਨ ਹਨ। ਪੁਲੀਸ ਨੂੰ ਮ੍ਰਿਤਕ ਦੀ ਪੋਸਟਿੰਗ ਬਾਰੇ ਪੁਸ਼ਟੀ ਨਹੀਂ ਹੋ ਪਾ ਰਹੀ ਹੈ। ਉਸ ਦਾ ਬਟੂਆ ਅਤੇ ਮੋਬਾਈਲ ਫੋਨ ਗਾਇਬ ਹੈ। ਚੰਡੀਗੜ੍ਹ ਪੁਲੀਸ ਦੇ ਡੀਐੱਸਪੀ ਚਰਨਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਵੱਲੋਂ ਅਣਪਛਾਤੇ ਵਿਅਕਤੀ ਵਿਰੁੱਧ ਕਤਲ ਦਾ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪੁਲੀਸ ਵੱਲੋਂ ਹਰਿਆਣਾ ਪੁਲੀਸ ਨੂੰ ਵੀ ਘਟਨਾ ਸਬੰਧੀ ਸੂਚਿਤ ਕਰ ਦਿੱਤਾ ਗਿਆ ਹੈ।