ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 23 ਅਪਰੈਲ
ਮੁਹਾਲੀ ਪੁਲੀਸ ਨੇ ਅੱਜ ਇੱਥੋਂ ਦੇ ਸੈਕਟਰ-70 ਵਿਚਲੀ ਮਾਰਕੀਟ ਦੀ ਵਾਹਨ ਪਾਰਕਿੰਗ ਵਿੱਚ ਖੜ੍ਹੀ ਇੱਕ ਕਾਰ ’ਚੋਂ ਲਾਸ਼ ਬਰਾਮਦ ਕੀਤੀ ਹੈ। ਪੁਲੀਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਫੇਜ਼-6 ਵਿੱਚ ਭੇਜ ਦਿੱਤਾ ਹੈ। ਮ੍ਰਿਤਕ ਵਿਅਕਤੀ ਦੀ ਪਛਾਣ ਰਵਿੰਦਰ ਸੇਠੀ (49) ਵਾਸੀ ਫ਼ਰੀਦਕੋਟ ਵਜੋਂ ਹੋਈ ਹੈ।
ਮਟੌਰ ਥਾਣੇ ਦੇ ਐੱਸਐੱਚਓ ਇੰਸਪੈਕਟਰ ਗੱਬਰ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਰਵਿੰਦਰ ਟੈਕਸੀ ਚਲਾਉਂਦਾ ਸੀ। ਬੀਤੀ ਰਾਤ ਰਵਿੰਦਰ ਵਾਹਨ ਪਾਰਕਿੰਗ ਵਿੱਚ ਗੱਡੀ ਖੜ੍ਹੀ ਕਰ ਕੇ ਉੱਥੇ ਹੀ ਸੌਂ ਗਿਆ ਸੀ, ਅੱਜ ਸਵੇਰੇ ਕਾਰ ’ਚੋਂ ਉਸ ਦੀ ਲਾਸ਼ ਬਰਾਮਦ ਹੋਈ ਹੈ। ਇਸ ਸਬੰਧੀ ਪੁਲੀਸ ਨੇ ਫ਼ਿਲਹਾਲ ਧਾਰਾ-174 ਤਹਿਤ ਕਾਰਵਾਈ ਕੀਤੀ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ।