ਦਰਸ਼ਨ ਸਿੰਘ ਸੋਢੀ
ਐੱਸ.ਏ.ਐੱਸ. ਨਗਰ (ਮੁਹਾਲੀ), 19 ਮਾਰਚ
ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਤੁਰੰਤ ਬਾਅਦ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਹਿਰ ਮੁਹਾਲੀ ਵਿੱਚ ‘ਆਪ’ ਵਾਲੰਟੀਅਰ ਤੇ ਸਾਬਕਾ ਕੌਂਸਲਰ ਗੁਰਮੁੱਖ ਸਿੰਘ ਸੋਹਲ ਦੇ ਘਰ ਦੇ ਬਾਹਰ ਖੜ੍ਹੀ ਫੋਰਡ ਐਨਡੇਵਰ ਗੱਡੀ ਦੇ ਕਿਸੇ ਨੇ ਸ਼ੀਸ਼ੇ ਭੰਨ ਦਿੱਤੇ। ਇਹ ਵਾਰਦਾਤ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਸਾਬਕਾ ਕੌਂਸਲਰ ਗੁਰਮੁੱਖ ਸਿੰਘ ਸੋਹਲ ਨੇ ਦੱਸਿਆ ਕਿ ਲੰਘੀ ਦੇਰ ਰਾਤ ਕੁੱਝ ਸ਼ਰਾਰਤੀ ਅਨਸਰਾਂ ਨੇ ਉਨ੍ਹਾਂ ਦੀ ਕਾਰ ਦੇ ਸ਼ੀਸ਼ੇ ਭੰਨ ਦਿੱਤੇ ਅਤੇ ਟਾਇਰ ਨੂੰ ਤੇਜ਼ਧਾਰ ਹਥਿਆਰ ਨਾਲ ਪਾੜ ਦਿੱਤਾ ਜਿਸ ਨਾਲ ਉਨ੍ਹਾਂ ਦਾ ਕਾਫ਼ੀ ਨੁਕਸਾਨ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਸ ਵਾਰਦਾਤ ਨੂੰ ਪੰਜ ਨੌਜਵਾਨਾਂ ਵੱਲੋਂ ਅੰਜਾਮ ਦਿੱਤਾ ਗਿਆ ਹੈ। ਸੀਸੀਟੀਵੀ ਵਿਚ ਸ਼ਰਾਰਤੀ ਨੌਜਵਾਨਾਂ ਦਾ ਇਹ ਟੋਲਾ ਆਪਣੇ ਹੱਥਾਂ ਵਿੱਚ ਪੱਥਰ ਅਤੇ ਇੱਟਾਂ ਲੈ ਕੇ ਸੜਕ ਤੋਂ ਲੰਘਦਾ ਦਿਖਾਈ ਦੇ ਰਿਹਾ ਹੈ। ਪੁਲੀਸ ਨੇ ਕੁੱਝ ਹੀ ਘੰਟਿਆਂ ਬਾਅਦ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲਿਆਂ ਨੂੰ ਟਰੇਸ ਕਰ ਲਿਆ।
ਸ੍ਰੀ ਸੋਹਲ ਨੇ ਦੱਸਿਆ ਕਿ ਇਸ ਘਟਨਾ ਨੂੰ ਜਿਹੜੇ ਪੰਜ ਨੌਜਵਾਨਾਂ ਨੇ ਅੰਜਾਮ ਦਿੱਤਾ ਸੀ ਉਨ੍ਹਾਂ ਵਿੱਚ ਦੋ ਨਵਾਂ ਸ਼ਹਿਰ, ਦੋ ਸੈਕਟਰ-66 ਅਤੇ ਇਕ ਮੁਹਾਲੀ ਸ਼ਹਿਰ ਦਾ ਵਸਨੀਕ ਹੈ। ਉਨ੍ਹਾਂ ਦੀ ਉਮਰ 18 ਸਾਲ ਤੋਂ ਘੱਟ ਹੋਣ ਕਾਰਨ ਉਨ੍ਹਾਂ ਦੇ ਭਵਿੱਖ ਨੂੰ ਦੇਖਦੇ ਹੋਏ ਪੀੜਤ ‘ਆਪ’ ਆਗੂ ਨੇ ਮੁਆਫ਼ ਕਰ ਦਿੱਤਾ ਹੈ।
ਉਕਤ ਨੌਜਵਾਨਾਂ ਨੂੰ ਪੁਲੀਸ ਵੱਲੋਂ ਥਾਣੇ ਸੱਦਿਆ ਗਿਆ, ਜਿੱਥੇ ਉਨ੍ਹਾਂ ਨੌਜਵਾਨਾਂ ਦੇ ਮਾਪਿਆਂ ਨੇ ਸ੍ਰੀ ਸੋਹਲ ਤੋਂ ਲਿਖਤੀ ਮੁਆਫ਼ੀ ਮੰਗਦਿਆਂ ਨੁਕਸਾਨ ਦੀ ਭਰਪਾਈ ਕਰਨ ਦਾ ਭਰੋਸਾ ਦਿੱਤਾ।