ਮੁਹਾਲੀ ਦੀ ਆਧੁਨਿਕ ਮੰਡੀ ਵੇਚਣ ਦਾ ਮਾਮਲਾ ਭਖ਼ਿਆ
ਪੰਜਾਬ ਮੰਡੀਬੋਰਡ ਦੇ ਬੋਰਡ ਆਫ਼ ਡਾਇਰੈਕਟਰਜ਼ ਵੱਲੋਂ ਮੁਹਾਲੀ ਦੇ ਸੈਕਟਰ 65 ਦੀ 12 ਏਕੜ ਵਿਚ ਬਣੀ ਹੋਈ ਆਧੁਨਿਕ ਫ਼ਲ ਅਤੇ ਸਬਜ਼ੀ ਮੰਡੀ ਨੂੰ ਪੁੱਡਾ ਨੂੰ ਤਬਦੀਲ ਕਰਨ ਦਾ ਮਾਮਲਾ ਗਰਮਾ ਗਿਆ ਹੈ। ਕਾਂਗਰਸ, ਅਕਾਲੀ ਦਲ ਅਤੇ ਪੁਨਰ ਸੁਰਜੀਤ ਅਕਾਲੀ ਦਲ ਨੇ ਇਸ ਦਾ ਸਖ਼ਤ ਵਿਰੋਧ ਕਰਦਿਆਂ ਮੰਡੀ ਬੋਰਡ ਤੋਂ ਤੁਰੰਤ ਇਹ ਫੈਸਲਾ ਵਾਪਿਸ ਲਏ ਜਾਣ ਦੀ ਮੰਗ ਕੀਤੀ ਹੈ। ਸਾਰੀਆਂ ਪਾਰਟੀਆਂ ਨੇ ਇਸ ਮਾਮਲੇ ਨੂੰ ਅਦਾਲਤ ਵਿਚ ਲਿਜਾਏ ਜਾਣ ਦਾ ਐਲਾਨ ਵੀ ਕੀਤਾ ਹੈ।
ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੰਡੀ ਵਿੱਚ ਦੁਕਾਨਾਂ ਲੈਣ ਵਾਲੇ ਆੜਤੀਆਂ ਦੇ ਵਫ਼ਦ ਨੂੰ ਯਕੀਨ ਦਿਵਾਇਆ ਕਿ ਉਹ ਕਿਸੇ ਵੀ ਕੀਮਤ ’ਤੇ ਇਸ ਮੰਡੀ ਨੂੰ ਨਹੀਂ ਵਿਕਣ ਦੇਣਗੇ। ਉਨ੍ਹਾਂ ਕਿਹਾ ਕਿ ਆੜ੍ਹਤੀਆਂ ਨੇ ਕੁੱਝ ਮਹੀਨੇ ਪਹਿਲਾਂ ਹੀ ਇਸ ਮੰਡੀ ਵਿਚ ਦੁਕਾਨਾਂ ਖਰੀਦੀਆਂ ਹਨ ਤੇ ਉਨ੍ਹਾਂ ਨੂੰ ਕਾਰੋਬਾਰ ਆਰੰਭ ਕਰਨ ਤੋਂ ਪਹਿਲਾਂ ਹੀ ਮੰਡੀ ਨੂੰ ਵੇਚ ਦੇਣਾ ਸਹੀ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬੁਰੀ ਤਰ੍ਹਾਂ ਫੇਲ ਹੋ ਚੁੱਕੀ ਹੈ, ਗੰਭੀਰ ਆਰਥਿਕ ਸੰਕਟ ਦਾ ਸ਼ਿਕਾਰ ਹੈ ਤੇ ਸਰਕਾਰੀ ਜਾਇਦਾਦਾਂ ਵੇਚਣਾ ਚਾਹੁੰਦੀ ਹੈ, ਤੇ ਕਾਂਗਰਸ ਕਿਸੇ ਵੀ ਤਰਾਂ ਉਨ੍ਹਾਂ ਦੇ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦੇਵੇਗੀ। ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ ਨੇ ਮੰਡੀਬੋਰਡ ਦੇ ਫੈਸਲੇ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਵੱਲੋਂ ਇਸ ਖਿੱਤੇ ਦੇ ਲੋਕਾਂ ਨੂੰ ਸਹੂਲਤਾਂ ਦੇਣ ਲਈ ਇਹ ਆਧੁਨਿਕ ਮੰਡੀ ਪਿੰਡ ਕੰਬਾਲੀ ਦੇ ਕਿਸਾਨਾਂ ਦੀ ਜ਼ਮੀਨ ਐਕੁਵਾਇਰ ਕਰਕੇ ਬਣਾਈ ਸੀ। ਉਨ੍ਹਾਂ ਕਿਹਾ ਕਿ ਜਿਹੜੇ ਮਕਸਦ ਲਈ ਜ਼ਮੀਨ ਹਾਸਿਲ ਕੀਤੀ ਸੀ ਤੇ ਸਵਰਗੀ ਪ੍ਰਕਾਸ਼ ਸਿੰਘ ਬਾਦਲ ਨੇ ਮੰਡੀ ਬਣਾਈ ਸੀ ਨੂੰ ਹੁਣ ਕਿਸੇ ਵੀ ਕੀਮਤ ਉੱਤੇ ਨਹੀਂ ਵੇਚਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਮੀਨ ਦੀ ਵਪਾਰਿਕ ਵਰਤੋਂ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਲੋਕ ਸੰਘਰਸ਼ ਦੇ ਨਾਲ-ਨਾਲ ਮਾਮਲੇ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਵੀ ਲਿਜਾਇਆ ਜਾਵੇਗਾ।
ਇਸੇ ਤਰ੍ਹਾਂ ਪੁਨਰ ਸੁਰਜੀਤ ਅਕਾਲੀ ਦਲ ਦੇ ਬੁਲਾਰੇ ਇਕਬਾਲ ਸਿੰਘ ਰਾਏਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਸਰਕਾਰੀ ਜਾਇਦਾਦਾਂ ਵੇਚਣ ਦਾ ਫੈਸਲਾ ਕਿਸੇ ਵੀ ਤਰਾਂ ਜਾਇਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਗਲਤ ਨੀਤੀਆਂ ਕਰਨ ਇਸ ਦਾ ਦੀਵਾਲਾ ਨਿਕਲ ਚੁੱਕਾ ਹੈ ਅਤੇ ਹੁਣ ਸਰਕਾਰ ਲੋਕਾਂ ਦੇ ਮੰਤਵਾਂ ਨਾਲ ਜੁੜੀਆਂ ਹੋਈਆਂ ਪ੍ਰਾਪਰਟੀਆਂ ਵੇਚਣ ਦੇ ਰਾਹ ਤੁਰ ਗਈ ਹੈ। ਉਨ੍ਹਾਂ ਕਿਹਾ ਕਿ ਇਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਇਸ ਦਾ ਵਿਰੋਧ ਕੀਤਾ ਜਾਵੇਗਾ।