ਸਰਬਜੀਤ ਸਿੰਘ ਭੱਟੀ
ਲਾਲੜੂ, 23 ਅਗਸਤ
‘ਇਲਾਕੇ ਵਿੱਚ ਵਿਕਸਿਤ ਪਿੰਡ ਵਜੋਂ ਸਾਹਮਣੇ ਆਏ ਸਰਸੀਣੀ ਨੂੰ ਕੌਮੀ ਪੱਧਰ ’ਤੇ ਪੁਰਸਕਾਰ ਦਿਵਾਉਣ ਲਈ ਸਿਫਾਰਸ਼ ਕੀਤੀ ਜਾਵੇਗੀ ਤੇ ਹੋਰ ਪਿੰਡਾਂ ਨੂੰ ਵੀ ਸੱਦਾ ਦਿੱਤਾ ਜਾਂਦਾ ਹੈ ਕਿ ਉਹ ਵੀ ਪਿੰਡਾਂ ਵਿੱਚ ਸੁਧਾਰ ਕਰਨ ਤਾਂ ਜੋ 2023 ਦੇ ਪੰਚਾਇਤਾਂ ਨਾਲ ਸਬੰਧਤ ਵੱਕਾਰੀ ਪੁਰਸਕਾਰਾਂ ਦੀ ਸੂਚੀ ਵਿੱਚ ਉਨ੍ਹਾਂ ਦੇ ਪਿੰਡ ਦਾ ਨਾਂ ਵੀ ਸ਼ਾਮਲ ਹੋ ਸਕੇ।’
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੇਂਦਰੀ ਪੇਂਡੂ ਵਿਕਾਸ ਰਾਜ ਮੰਤਰੀ ਕਪਿਲ ਮੋਰੇਸਵਰ ਪਾਟਿਲ ਨੇ ਇਥੋਂ ਨੇੜਲੇ ਪਿੰਡ ਸਰਸੀਣੀ ਦੇ ਵਿਸ਼ੇਸ਼ ਦੌਰੇ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਅਤੇ ਵੱਡੀ ਗਿਣਤੀ ਵਿੱਚ ਪ੍ਰਸ਼ਾਸਨ ਦੇ ਅਧਿਕਾਰੀ ਹਾਜ਼ਰ ਸਨ।
ਇਸ ਮੌਕੇ ਸ੍ਰੀ ਪਾਟਿਲ ਪਿੰਡ ਦੇ ਵਿਕਾਸ ਕਾਰਜਾਂ ਨੂੰ ਵੇਖ ਕੇ ਬਹੁਤ ਪ੍ਰਭਾਵਿੱਤ ਹੋਏ ਅਤੇ ਉਨ੍ਹਾਂ ਨੂੰ ਪਤਾ ਲੱਗਾ ਕਿ ਇਸ ਪਿੰਡ ਦੇ ਵਿਕਾਸ ਵਿੱਚ ਐੱਨਆਰਆਈ ਭਰਾਵਾਂ ਦਾ ਵੱਡਾ ਯੋਗਦਾਨ ਹੈ। ਉਨ੍ਹਾਂ ਵੱਡੀ ਸਕਰੀਨ ਉਤੇ ਪਿੰਡ ਦੇ ਵਿਕਾਸ ਕਾਰਜ ਵੇਖਣ ਤੋਂ ਇਲਾਵਾ ਪਿੰਡ ਦੀ ਹਰ ਇਮਾਰਤ ਦਾ ਦੌਰਾ ਕੀਤਾ। ਪ੍ਰੋਗਰਾਮ ਦੌਰਾਨ ਵੱਖ-ਵੱਖ ਧਿਰਾਂ ਨੇ ਮੌਕੇ ’ਤੇ ਮੌਜੂਦ ਆਗੂਆਂ ਅੱਗੇ ਹਲਕੇ ਅਤੇ ਪੰਜਾਬ ਨਾਲ ਸਬੰਧਤ ਮੰਗਾਂ ਵੀ ਰੱਖੀਆਂ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਹਲਕੇ ਵਿੱਚ ਨਹਿਰੀ ਪਾਣੀ ਦਾ ਪ੍ਰਬੰਧ ਕਰਨ ਸਬੰਧੀ ਮੰਗ ਪੱਤਰ ਦਿੱਤਾ।
ਉਸ ਤੋਂ ਇਲਾਵਾ ਹਵਾਰਾ ਕਮੇਟੀ ਰਿਹਾਈ ਫਰੰਟ ਦੇ ਆਗੂਆਂ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੂੰ ਮੰਗ ਪੱਤਰ ਦਿੱਤਾ।
ਹਲਕੇ ਦੇ ਕਿਸਾਨਾਂ ਨੇ ਕਿਹਾ ਕਿ ਇਲਾਕੇ ਵਿੱਚ ਪਾਣੀ ਦਾ ਪੱਧਰ ਬਹੁਤ ਨੀਵਾਂ ਜਾਣ ਕਾਰਨ ਪੀਣ ਵਾਲੇ ਪਾਣੀ ਅਤੇ ਸਿੰਚਾਈ ਲਈ ਲੋਕਾਂ ਨੂੰ ਗੰਭੀਰ ਸਮੱਸਿਆਵਾਂ ਦਾ ਸਹਾਮਣਾ ਕਰਨਾ ਪੈ ਰਿਹਾ ਹੈ, ਜਿਸ ਦਾ ਇਕੋ ਇਕ ਹੱਲ ਹੈ ਕਿ ਹਲਕਾ ਡੇਰਾਬਸੀ ਵਿੱਚ ਨਹਿਰੀ ਪਾਣੀ ਦਾ ਪ੍ਰਬੰਧ ਕਰਨ ਲਈ ਨਹਿਰ ਲਿਆਂਦੀ ਜਾਵੇ ਤਾਂ ਜੋ ਲੋਕਾਂ ਨੂੰ ਖੇਤੀ ਸਿੰਚਾਈ ਲਈ ਅਤੇ ਪੀਣ ਲਈ ਪਾਣੀ ਮਿਲ ਸਕੇ।