ਪੱਤਰ ਪ੍ਰੇਰਕ
ਚੰਡੀਗੜ੍ਹ, 14 ਅਕਤੂਬਰ
ਯੂ.ਟੀ. ਚੰਡੀਗੜ੍ਹ ਪ੍ਰਸ਼ਾਸਕ ਦੇ ਸਲਾਹਕਾਰ ਧਰਮਪਾਲ ਵੱਲੋਂ ਚੰਡੀਗੜ੍ਹ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਨਗਰ ਨਿਗਮ ਦੇ ਵਾਰਡ 19 ਤੋਂ 27 ਦੇ ਕੌਂਸਲਰਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਕੌਂਸਲਰਾਂ ਨੇ ਮਸਲਿਆਂ ਦੇ ਸਮੇਂ ਸਿਰ ਹੱਲ ਲਈ ਸਲਾਹਕਾਰ ਅੱਗੇ ਵਾਰਡ ਵਾਈਜ਼ ਮਸਲੇ ਰੱਖੇ। ਵਾਰਡਾਂ ਦੇ ਨੁਮਾਇੰਦਿਆਂ ਨੇ ਮਸਲਿਆਂ ਦੇ ਨਬਿੇੜੇ ਲਈ ਆਪੋ ਆਪਣੇ ਖੇਤਰਾਂ ਵਿੱਚ ਵਿਕਾਸ ਅਤੇ ਰੱਖ-ਰਖਾਅ ਦੇ ਕੰਮਾਂ ਬਾਰੇ ਚਾਨਣਾ ਪਾਇਆ। ਵੱਖ-ਵੱਖ ਵਾਰਡਾਂ ਵਿੱਚ ਖਾਲੀ ਪਈ ਸਰਕਾਰੀ ਜ਼ਮੀਨ ਦੀ ਦੁਰਵਰਤੋਂ ਦੇ ਮੁੱਦੇ ਬਾਰੇ ਚਰਚਾ ਕੀਤੀ ਗਈ ਜਿਸ ਵਿੱਚ ਸਲਾਹਕਾਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਾਰੀਆਂ ਖਾਲੀ ਸਰਕਾਰੀ ਜਾਇਦਾਦਾਂ ਦੀ ਸੂਚੀ ਬਣਾਉਣ ਅਤੇ ਇਹ ਯਕੀਨੀ ਬਣਾਉਣ ਕਿ ਪ੍ਰਸ਼ਾਸਨ ਦੀ ਜ਼ਮੀਨ ’ਤੇ ਕਿਸੇ ਨੂੰ ਵੀ ਕਬਜ਼ਾ ਨਾ ਕਰਨ ਦਿੱਤਾ ਜਾਵੇ। ਕੌਂਸਲਰਾਂ ਨੇ ਸਲਾਹਕਾਰ ਅੱਗੇ ਵਿਕਾਸ ਅਤੇ ਰੱਖ-ਰਖਾਅ ਦੇ ਮੁੱਦੇ ਰੱਖੇ ਜਿਸ ’ਤੇ ਸਲਾਹਕਾਰ ਨੇ ਅਧਿਕਾਰੀਆਂ ਨੂੰ ਇਨ੍ਹਾਂ ਸਮੱਸਿਆਵਾਂ ਦਾ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਸਕੂਲਾਂ ਦੀ ਸਾਂਭ-ਸੰਭਾਲ ਬਾਰੇ ਵੀ ਚਰਚਾ ਕੀਤੀ ਗਈ। ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੇ ਸਲਾਹਕਾਰ ਨੂੰ ਦੱਸਿਆ ਕਿ ਸਾਰੇ ਸਕੂਲਾਂ ਦਾ ਸਰਵੇਖਣ ਮੁਕੰਮਲ ਕਰ ਲਿਆ ਗਿਆ ਹੈ ਅਤੇ ਰੱਖ-ਰਖਾਅ ਸਬੰਧੀ ਕਿਸੇ ਵੀ ਸਮੱਸਿਆ ਦੇ ਹੱਲ ਲਈ ਲੋੜੀਂਦੀ ਕਾਰਵਾਈ ਪਹਿਲਾਂ ਹੀ ਚੱਲ ਰਹੀ ਹੈ ਅਤੇ ਸਮਾਂਬੱਧ ਢੰਗ ਨਾਲ ਮੁਕੰਮਲ ਕਰ ਲਈ ਜਾਵੇਗੀ। ਮੀਟਿੰਗ ਵਿੱਚ ਨਗਰ ਨਿਗਮ ਦੇ ਮੇਅਰ ਸਰਬਜੀਤ ਕੌਰ, ਕਮਿਸ਼ਨਰ ਡਾ. ਅਨਿੰਦਿਤਾ ਮਿੱਤਰਾ, ਸਕੱਤਰ ਸਪੋਰਟਸ ਵਿਨੋਦ ਪੀ. ਕਾਵਲੇ, ਯਸ਼ਪਾਲ ਗਰਗ, ਸਕੱਤਰ ਸਿਹਤ, ਐਸ.ਐਸ.ਪੀ. ਕੁਲਦੀਪ ਸਿੰਘ ਚਾਹਲ, ਐਸ.ਐਸ.ਪੀ. ਟ੍ਰੈਫ਼ਿਕ ਮਨੀਸ਼ਾ ਚੌਧਰੀ ਸਮੇਤ ਚੰਡੀਗੜ੍ਹ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।