ਪੀ.ਪੀ. ਵਰਮਾ
ਪੰਚਕੂਲਾ, 28 ਜੂਨ
ਪੰਚਕੂਲਾ ਵਿੱਚ ਅੱਜ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਬੈਠਕ ਦੀ ਪ੍ਰਧਾਨਗੀ ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ਨੇ ਕੀਤੀ। ਸ਼ਿਕਾਇਤਾਂ ਸੁਣਦੇ ਹੋਏ ਖੇਡ ਮੰਤਰੀ ਨੇ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਦਾ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ ਅਤੇ ਅਧਿਕਾਰੀ ਲੋਕਾਂ ਦੀਆਂ ਸ਼ਿਕਾਇਤਾਂ ਦੂਰ ਕਰਨ ਲਈ ਵੱਧ ਤੋਂ ਵੱਧ ਸਮਾਂ ਦੇਣ। ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਵਿੱਚ ਅੱਜ 14 ਸ਼ਿਕਾਇਤਾਂ ਦੀ ਸੁਣਵਾਈ ਹੋਈ, ਜਿਨ੍ਹਾਂ ਵਿੱਚੋਂ ਪੰਜ ਸ਼ਿਕਾਇਤਾਂ ਦੀ ਜਾਂਚ ਦੇ ਹੁਕਮ ਦਿੱਤੇ ਗਏ। ਬਹੁਤੀਆਂ ਸ਼ਿਕਾਇਤਾਂ ਪੈਨਸ਼ਨ ਦੇ ਮਾਮਲੇ ਨਾਲ ਸਬੰਧਤ ਸਨ, ਕੁਝ ਸ਼ਿਕਾਇਤਾਂ ਬਿਜਲੀ, ਪਾਣੀ, ਪੁਲੀਸ ਮਾਮਲਿਆਂ ਬਾਰੇ ਅਤੇ ਖਸਤਾ ਹਾਲਤ ਵਿੱਚ ਸੜਕਾਂ ਤੋਂ ਇਲਾਵਾ ਨਗਰ ਨਿਗਮ ਅਤੇ ਹੁੱਡਾ ਅਥਾਰਟੀ ਬਾਰੇ ਵੀ ਸਨ। ਸ਼ਿਕਾਇਤ ਨਿਵਾਰਨ ਕਮੇਟੀ ਵਿੱਚ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ, ਪੰਚਕੂਲਾ ਦੇ ਮੇਅਰ ਕੁਲਭੂਸ਼ਣ ਗੋਇਲ, ਡੀਸੀ ਵਿਨੈ ਪ੍ਰਤਾਪ ਸਿੰਘ, ਪੰਚਕੂਲਾ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਜੈ ਸ਼ਰਮਾ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਸ਼ਾਮਲ ਸਨ। ਖੇਡ ਮੰਤਰੀ ਨੇ ਜ਼ਿਲ੍ਹੇ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਵੀ ਮੀਟਿੰਗ ਕੀਤੀ ਅਤੇ ਪੁਲੀਸ ਅਧਿਕਾਰੀਆਂ ਨੂੰ ਲੋਕਾਂ ਨਾਲ ਸਹਿਜਤਾ ਨਾਲ ਪੇਸ਼ ਆਉਣ ਦੀ ਹਦਾਇਤ ਕੀਤੀ।