ਪੱਤਰ ਪ੍ਰੇਰਕ
ਐੱਸ.ਏ.ਐੱਸ. ਨਗਰ (ਮੁਹਾਲੀ), 21 ਸਤੰਬਰ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਹਰ ਮਹੀਨੇ ਪ੍ਰਕਾਸ਼ਿਤ ਕੀਤੇ ਜਾਂਦੇ ਬਾਲ ਰਸਾਲੇ ‘ਪੰਖੜੀਆਂ’ ਦਾ ਵਿਸ਼ੇਸ਼ ਅੰਕ ਅੱਜ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਲੋਕ ਅਰਪਣ ਕੀਤਾ। ਸਤੰਬਰ ਮਹੀਨੇ ਦਾ ਇਹ ‘ਪੰਖੜੀਆਂ’ ਦਾ ਵਿਸ਼ੇਸ਼ ਅੰਕ ਅਧਿਆਪਕ ਦਿਵਸ ਅਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਜਨਮ ਸ਼ਤਾਬਦੀ ਨੂੰ ਸਮਰਪਿਤ ਕੀਤਾ ਗਿਆ। ਇਸ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਪ੍ਰੋ. ਯੋਗਰਾਜ, ਵਾਈਸ ਚੇਅਰਮੈਨ ਡਾ. ਵਰਿੰਦਰ ਭਾਟੀਆ ਆਦਿ ਦੇ ਸੰਦੇਸ਼ ਵੀ ਵਿਸ਼ੇਸ਼ ਤੌਰ ’ਤੇ ਪ੍ਰਕਾਸ਼ਿਤ ਕੀਤੇ ਗਏ ਹਨ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ‘ਪੰਖੜੀਆਂ’ ਵਿਸ਼ੇਸ਼ ਅੰਕ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਇੱਕ ਬਹੁਤ ਹੀ ਜਾਣਕਾਰੀ ਭਰਪੂਰ ਅੰਕ ਹੈ। ਇਸ ਵਿੱਚ ਭਗਤ ਸਿੰਘ ਦੇ ਜੀਵਨ ਨਾਲ ਜੁੜੀਆਂ ਬਹੁਤ ਸਾਰੀਆਂ ਘਟਨਾਵਾਂ ਨੂੰ ਪ੍ਰਕਾਸ਼ਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਇੱਕ ਸਾਂਭਣਯੋਗ ਅੰਕ ਹੈ ਅਤੇ ਇਹ ਵਿਸ਼ੇਸ਼ ਅੰਕ ਸਾਰੇ ਸਰਕਾਰੀ-ਪ੍ਰਾਈਵੇਟ ਸਕੂਲਾਂ ਦੀਆਂ ਲਾਇਬ੍ਰੇਰੀਆਂ ਵਿੱਚ ਪਹੁੰਚਣਾ ਚਾਹੀਦਾ ਹੈ। ਇਸ ਮੌਕੇ ਪੰਖੜੀਆਂ ਦੇ ਸੰਪਾਦਕ ਦਰਸ਼ਨ ਸਿੰਘ ਬਨੂੜ ਵੀ ਮੌਜੂਦ ਸਨ।