ਪੱਤਰ ਪ੍ਰੇਰਕ
ਚੰਡੀਗੜ੍ਹ, 28 ਅਕਤੂਬਰ
ਪੰਜਾਬ ਸਿਵਲ ਸਕੱਤਰੇਤ ਅਤੇ ਡਾਇਰੈਕਟੋਰੇਟਾਂ ਦੀਆਂ ਸਮੂਹ ਐਸੋਸੀਏਸ਼ਨਾਂ ਵੱਲੋਂ ਛੇਵੇਂ ਅਧੂਰੇ ਤਨਖਾਹ ਕਮਿਸ਼ਨ ਦੀ ਰਿਪੋਰਟ ਸਮੇਤ ਹੋਰ ਕਈ ਮੁਲਾਜ਼ਮ/ਪੈਨਸ਼ਨਰ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਮੁਕੰਮਲ ਹੜਤਾਲ ਅੱਜ ਦੂਸਰੇ ਦਿਨ ਵੀ ਜਾਰੀ ਰਹੀ। ਮੁਲਾਜ਼ਮਾਂ ਵੱਲੋਂ ‘ਜਾਗੋ’ ਕੱਢ ਕੇ ਸਰਕਾਰ ਨੂੰ ਜਗਾਉਣ ਦਾ ਯਤਨ ਕੀਤਾ ਗਿਆ। ਅੱਜ ਦੂਸਰੇ ਦਿਨ ਵੀ ਸਿਵਲ ਸਕੱਤਰੇਤ ਵਿੱਚ ਸੰਨਾਟਾ ਛਾਇਆ ਰਿਹਾ ਅਤੇ ਕਿਸੇ ਵੀ ਮੁਲਾਜ਼ਮ ਵੱਲੋਂ ਕੋਈ ਕੰਮ-ਕਾਜ ਨਹੀਂ ਕੀਤਾ ਗਿਆ।
ਰੋਸ ਰੈਲੀ ਦੌਰਾਨ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁਲਾਜ਼ਮ ਵਰਗ ਬਹੁਤ ਜ਼ਿਆਦਾ ਦੁਖੀ ਹੋ ਚੁੱਕਾ ਹੈ ਜਿਸ ਕਰਕੇ ਹੜਤਾਲ ਕੀਤੀ ਜਾ ਰਹੀ ਹੈ ਪ੍ਰੰਤੂ ਸਰਕਾਰ ਟੱਸ ਤੋਂ ਮੱਸ ਨਹੀਂ ਹੋ ਰਹੀ ਹੈ। ਜਿਹੜੀਆਂ ਮੰਗਾਂ ਸਬੰਧੀ ਸਰਕਾਰ ਨੇ ਫੈਸਲੇ ਕਰ ਦਿੱਤੇ ਹੋਏ ਹਨ, ਉਹ ਮੰਗਾਂ ਸਬੰਧੀ ਵੀ ਪੱਤਰ ਜਾਰੀ ਨਹੀਂ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਕੋਈ ਹਾਂ-ਪੱਖੀ ਫ਼ੈਸਲਾ ਨਾ ਲਿਆ ਤਾਂ ਸਾਂਝਾ ਮੁਲਾਜ਼ਮ ਮੰਚ ਪੰਜਾਬ ਤੇ ਯੂ.ਟੀ. ਚੰਡੀਗੜ੍ਹ ਦੀਆਂ ਜਥੇਬੰਦੀਆਂ ਪੰਜਾਬ ਭਰ ਵਿੱਚ ਹੜਤਾਲ ਨੂੰ ਹੋਰ ਲੰਮਾ ਲੈ ਕੇ ਜਾਣਗੀਆਂ।
ਸਕੱਤਰੇਤ ਤੋਂ ਇਲਾਵਾ ਅੱਜ ਪੰਜਾਬ ਸਰਕਾਰ ਦੇ ਸਮੂਹ ਡਾਇਰੈਕਟੋਰੇਟਾਂ ਵੱਲੋਂ ਸੈਕਟਰ 17 ਵਿੱਚ ਇੱਕ ਵਿਸ਼ਾਲ ਰੋਸ ਰੈਲੀ ਕੀਤੀ ਗਈ। ਇਸ ਮੌਕੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਤੇ ਯੂ.ਟੀ. ਚੰਡੀਗੜ੍ਹ ਦੇ ਕਨਵੀਨਰ ਸੁਖਚੈਨ ਸਿੰਘ ਖਹਿਰਾ, ਪੀ.ਐਸ.ਐਮ.ਐਸ.ਯੂ. ਦੇ ਜਨਰਲ ਸਕੱਤਰ ਮਨਦੀਪ ਸਿੰਘ ਸਿੱਧੂ, ਉਦਯੋਗ ਵਿਭਾਗ ਕਰਮਚਾਰੀ ਯੂਨੀਅਨ ਪ੍ਰਧਾਨ ਰੰਜੀਵ ਸ਼ਰਮਾ, ਜਸਮਿੰਦਰ ਸਿੰਘ ਪ੍ਰਧਾਨ ਸਹਿਕਾਰਤਾ ਵਿਭਾਗ ਯੂਨੀਅਨ, ਜਗਜੀਵਨ ਸਿੰਘ ਟਰਾਂਸਪੋਰਟ ਵਿਭਾਗ ਯੂਨੀਅਨ, ਕਮਲਜੀਤ ਕੌਰ ਕਨਵੀਨਰ ਸਾਂਝਾ ਮੁਲਾਜ਼ਮ ਮੰਚ (ਇਸਤਰੀ ਵਿੰਗ) ਆਦਿ ਨੇ ਕਿਹਾ ਕਿ ਜੇਕਰ ਸਰਕਾਰ ਨੇ ਦੀਵਾਲੀ ਤੋਂ ਪਹਿਲਾਂ-ਪਹਿਲਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਹੱਕ ਵਿੱਚ ਹਾਂਪੱਖੀ ਫ਼ੈਸਲਾ ਨਾ ਲਿਆ ਤਾਂ ਉਹ ਕਾਲ਼ੀ ਦੀਵਾਲੀ ਮਨਾਉਣ ਲਈ ਮਜਬੂਰ ਹੋਣਗੇ।
ਫੋਟੋ ਕੈਪਸ਼ਨ :
ਪੰਜਾਬ ਸਿਵਲ ਸਕੱਤਰੇਤ ਵਿੱਚ ਮੁਲਾਜ਼ਮ ‘ਜਾਗੋ’ ਕੱਢ ਕੇ ਸਰਕਾਰ ਨੂੰ ਜਗਾਉਣ ਦਾ ਯਤਨ ਕਰਦੇ ਹੋਏ।