ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 2 ਅਪਰੈਲ
ਮੁਹਾਲੀ ਤੋਂ ਕੁਰਾਲੀ ਤੱਕ ਬਣਨ ਵਾਲੇ ਪ੍ਰਸਤਾਵਿਤ ਨੈਸ਼ਨਲ ਹਾਈਵੇਅ ਲਈ ਐਕੁਆਇਰ ਕੀਤੀ ਜਾਣ ਜ਼ਮੀਨ ਦਾ ਘੱਟ ਮੁਆਵਜ਼ਾ ਦੇਣ ਦਾ ਮਾਮਲਾ ਕੇਂਦਰੀ ਮੰਤਰੀ ਨਿਤਿਨ ਗਡਕਰੀ ਕੋਲ ਪਹੁੰਚ ਗਿਆ ਹੈ।
ਇਲਾਕੇ ਦੇ ਕਿਸਾਨਾਂ ਨੇ ਕੇਂਦਰੀ ਮੰਤਰੀ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਇਸ ਪ੍ਰਾਜੈਕਟ ਲਈ ਐਕਵਾਇਰ ਕੀਤੀ ਜਾਣ ਵਾਲੀ ਜ਼ਮੀਨ ਦਾ ਕਿਸਾਨਾਂ ਨੂੰ ਮੌਜੂਦਾ ਮਾਰਕੀਟ ਭਾਅ ਦੇ ਮੁਤਾਬਕ ਯੋਗ ਮੁਆਵਜ਼ਾ ਦਿੱਤਾ ਜਾਵੇ। ਵਿਰੋਧ ਕਰਨ ਵਾਲਿਆਂ ਵਿੱਚ ਪਿੰਡ ਨਗਾਰੀਂ, ਗੁਡਾਣਾ, ਢੇਲਪੁਰ, ਝੰਜੇੜੀ, ਰੁੜਕੀ ਪੁਖਤਾ ਅਤੇ ਪਡਿਆਲਾ ਦੇ ਕਿਸਾਨ ਸ਼ਾਮਲ ਹਨ।
ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਨਿਆਮੀਆਂ ਤੇ ਹੋਰਨਾਂ ਨੇ ਕਿਹਾ ਕਿ ਪ੍ਰਸਤਾਵਿਤ ਨੈਸ਼ਨਲ ਹਾਈਵੇਅ 05-ਏ ਅਤੇ ਐਨਐਚ 205-ਏ ਲਈ ਬਹੁਤ ਸਾਰੇ ਪਿੰਡਾਂ ਦੀ ਜ਼ਮੀਨ ਐਕਵਾਇਰ ਕੀਤੀ ਜਾ ਰਹੀ ਹੈ ਪਰ ਨੈਸ਼ਨਲ ਹਾਈਵੇਅ ਅਥਾਰਿਟੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਮੀਨ ਮਾਲਕਾਂ ਨੂੰ ਬਹੁਤ ਘੱਟ ਮੁਆਵਜ਼ਾ ਦੇਣ ਦਾ ਐਵਾਰਡ ਸੁਣਾਇਆ ਗਿਆ ਹੈ। ਜਦੋਂਕਿ ਉਨ੍ਹਾਂ ਦੀ ਐਕਵਾਇਰ ਜ਼ਮੀਨ ਦਾ ਮਾਰਕੀਟ ਰੇਟ ਬਹੁਤ ਜ਼ਿਆਦਾ ਹੈ।