ਮੁਕੇਸ਼ ਕੁਮਾਰ
ਚੰਡੀਗੜ੍ਹ, 19 ਮਈ
ਚੰਡੀਗੜ੍ਹ ਸ਼ਹਿਰ ਵਿੱਚ ਚੌਵੀ ਘੰਟੇ ਪੀਣ ਵਾਲੇ ਪਾਣੀ ਦੀ ਸਪਲਾਈ ਦੇ ਪ੍ਰਾਜੈਕਟ ਨੂੰ ਫੰਡ ਉਪਲਬਧ ਕਰਵਾਉਣ ਵਾਲੀਆਂ ਵਿਦੇਸ਼ੀ ਕੰਪਨੀਆਂ ਏਜੰਸੀ ਫ੍ਰੈਂਚਾਈਜ਼ ਡਿਵੈਲਪਮੈਂਟ (ਏਐੱਫਡੀ) ਅਤੇ ਯੂਰਪੀਅਨ ਯੂਨੀਅਨ ਵਲੋਂ ਪ੍ਰਾਜੈਕਟ ਗਵਰਨੈਂਸ ਕਮੇਟੀ ਦੀ ਅੱਜ ਪਲੇਠੀ ਮੀਟਿੰਗ ਕੀਤੀ ਗਈ। ਇਸ ਪ੍ਰਾਜੈਕਟ ਨੂੰ ਲੈ ਕੇ ਫੰਡ ਉਪਲਬਧ ਕਰਵਾਉਣ ਵਾਲੀਆਂ ਦੋਵੇਂ ਵਿਦੇਸ਼ੀ ਕੰਪਨੀਆਂ ਦੇ ਨੁਮਾਇੰਦਿਆਂ ਨੇ ਇਸ ਮੀਟਿੰਗ ਵਿੱਚ ਆਨਲਾਈਨ ਪ੍ਰਣਾਲੀ ਤਹਿਤ ਹਾਜ਼ਰ ਹੋ ਕੇ ਇਸ ਪ੍ਰਾਜੈਕਟ ਬਾਰੇ ਸੰਪੂਰਨ ਜਾਣਕਾਰੀ ਲਈ। ਮੀਟਿੰਗ ਦੌਰਾਨ ਚੰਡੀਗੜ੍ਹ ਪ੍ਰਸ਼ਾਸਕ ਦੇ ਸਲਾਹਕਾਰ ਮਨੋਜ ਪਰੀਦਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਇਸ ਮਹੱਤਵਪੂਰਨ ਪ੍ਰਾਜੈਕਟ ਨੂੰ ਲੈ ਕੇ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਚੰਡੀਗੜ੍ਹ ਨਗਰ ਨਿਗਮ ਦੇ ਕਮਿਸ਼ਨਰ ਕਮਲ ਕਿਸ਼ੋਰ ਯਾਦਵ ਨੇ ਸ਼ਹਿਰ ਵਿੱਚ ਚੌਵੀ ਘੰਟੇ ਪੀਣ ਵਾਲੇ ਪਾਣੀ ਦੀ ਸਪਲਾਈ ਤੇ ਇਸ ਪ੍ਰਾਜੈਕਟ ਦੇ ਦਾਇਰੇ, ਖਰੀਦ ਯੋਜਨਾ, ਇਕਰਾਰ ਨਾਮੇ ਦੀਆਂ ਸ਼ਰਤਾਂ ਅਤੇ ਪ੍ਰਾਜੈਕਟ ਦੇ ਹੋਰ ਭਾਗਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਮੀਟਿਗਾਂ ਦੌਰਾਨ ਪ੍ਰਾਜੈਕਟ ਗਵਰਨੈਂਸ ਕਮੇਟੀ ਨੇ ਇਸ ਪ੍ਰਾਜੈਕਟ ਸਬੰਧੀ ਸਾਰੇ ਲੋੜੀਂਦੇ ਦਸਤਾਵੇਜ਼ਾਂ ਦੀ ਸਮੀਖਿਆ ਕੀਤੀ ਅਤੇ ਉਨ੍ਹਾਂ ਨੂੰ ਏਐੱਫਡੀ ਅਤੇ ਕੇਂਦਰ ਸਰਕਾਰ ਕੋਲ ਜਮ੍ਹਾਂ ਕਰਵਾਉਣ ਲਈ ਕਮੇਟੀ ਦੇ ਚੇਅਰਮੈਨ ਵਲੋਂ ਪ੍ਰਵਾਨਗੀ ਦਿੱਤੀ ਗਈ। ਇਸ ਪ੍ਰਾਜੈਕਟ ਨੂੰ ਲੈ ਕੇ ਸਮਝੌਤੇ ’ਤੇ ਜੁਲਾਈ 2021 ਵਿਚ ਦਸਤਖਤ ਕੀਤੇ ਜਾਣ ਦੀ ਉਮੀਦ ਹੈ।