ਪੱਤਰ ਪ੍ਰੇਰਕ
ਐੱਸ.ਏ.ਐੱਸ. ਨਗਰ (ਮੁਹਾਲੀ), 3 ਮਾਰਚ
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਇੱਥੋਂ ਦੇ ਸੈਕਟਰ-76 ਸਥਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਐੱਨਆਈਸੀ ਦਫ਼ਤਰ ਵਿਖੇ ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਈਸ਼ਾ ਕਾਲੀਆ ਦੀ ਅਗਵਾਈ ਹੇਠ ਵਿਧਾਨ ਸਭਾ ਦੀਆਂ ਚੋਣਾਂ ਸਬੰਧੀ ਵੋਟਾਂ ਦੀ ਗਿਣਤੀ ਕਰਨ ਵਾਲੇ ਸਟਾਫ਼ ਦੀ ਪਹਿਲੀ ਰੈਂਡੋਮਾਈਜੇਸ਼ਨ ਕੀਤੀ ਗਈ। ਉਨ੍ਹਾਂ ਦੱਸਿਆ ਕਿ ਸਟਾਫ਼ ਦੀ ਡਿਊਟੀ ਆਰਡਰ ਪ੍ਰਿੰਟ ਕੀਤੇ ਗਏ ਅਤੇ ਗਿਣਤੀ ਸਟਾਫ਼ ਦੀ ਪਹਿਲੀ ਰਿਹਰਸਲ 5 ਮਾਰਚ ਨੂੰ ਕਰਵਾਈ ਜਾਵੇਗੀ। ਇਸ ਮੌਕੇ ਏਡੀਸੀ (ਜਨਰਲ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ, ਹੋਰ ਅਧਿਕਾਰੀ ਤੇ ਸਟਾਫ਼ ਮੌਜੂਦ ਸੀ।
ਈਸ਼ਾ ਕਾਲੀਆ ਨੇ ਦੱਸਿਆ ਕਿ ਰੈਂਡੋਮਾਈਜੇਸ਼ਨ ਦਾ ਮੰਤਵ 10 ਮਾਰਚ ਨੂੰ ਹੋਣ ਵਾਲੀ ਵੋਟਾਂ ਦੀ ਗਿਣਤੀ ਲਈ ਸਟਾਫ਼ ਦੀਆਂ ਡਿਊਟੀਆਂ ਲਗਾਉਣਾ ਹੈ। ਇਹ ਮੁਹਾਲੀ ਜ਼ਿਲ੍ਹੇ ਅਧੀਨ ਆਉਂਦੇ ਤਿੰਨ ਵਿਧਾਨ ਹਲਕਿਆਂ ਮੁਹਾਲੀ, ਖਰੜ ਅਤੇ ਡੇਰਾਬੱਸੀ ਦੀਆਂ ਵੋਟਾਂ ਦੀ ਗਿਣਤੀ ਸਬੰਧੀ ਸਟਾਫ਼ ਦੀ ਤਾਇਨਾਤੀ ਲਈ ਕੀਤੀ ਗਈ ਹੈ। ਉਧਰ, ਜਿਉਂ ਜਿਉਂ 10 ਮਾਰਚ ਨੇੜੇ ਆ ਰਹੀ ਹੈ। ਚੋਣ ਲੜਨ ਵਾਲੇ ਉਮੀਦਵਾਰਾਂ ਦੀਆਂ ਧੜਕਨਾਂ ਤੇਜ਼ ਹੋ ਰਹੀਆਂ ਹਨ।