ਮੋਰਚੇ ਦਾ ਧਰਨਾ 29ਵੇਂ ਦਿਨ ਵੀ ਜਾਰੀ
ਪੱਤਰ ਪ੍ਰੇਰਕ
ਮੋਰਿੰਡਾ, 5 ਅਕਤੂਬਰ
ਵੱਖ-ਵੱਖ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਵੱਲੋਂ ਲਾਇਆ ਧਰਨਾ ਅੱਜ 29ਵੇਂ ਦਿਨ ’ਚ ਦਾਖ਼ਲ ਹੋ ਗਿਆ ਹੈ। ਮੋਰਚੇ ਦੇ ਆਗੂ ਵਰਿੰਦਰ ਸਿੰਘ ਮੋਮੀ, ਗੁਰਵਿੰਦਰ ਸਿੰਘ, ਜਗਸੀਰ ਸਿੰਘ ਭੰਗੂ, ਵਰਿੰਦਰ ਸਿੰਘ, ਗੁਰਪ੍ਰੀਤ ਸਿੰਘ ਅਤੇ ਪਰਮਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਧਰਨਾ 7 ਸਤੰਬਰ ਨੂੰ ਪਟਿਆਲਾ ਤੋਂ ਸ਼ੁਰੂ ਹੋਇਆ ਸੀ ਤੇ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਉਪਰੰਤ 25 ਸਤੰਬਰ ਤੋਂ ਮੋਰਿੰਡਾ-ਸਰਹਿੰਦ ਬਾਈਪਾਸ ’ਤੇ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੈਨਲ ਮੀਟਿੰਗ ਕਰਨ ਤੋਂ ਲਗਾਤਾਰ ਪਾਸਾ ਵੱਟ ਰਹੀ ਹੈ, ਜਿਸ ਕਾਰਨ ਠੇਕਾ ਮੁਲਾਜ਼ਮਾਂ ਵਿੱਚ ਕਾਫੀ ਰੋਸ ਪਾਇਆ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਜੇ ਸਰਕਾਰ ਨੇ ਪੈਨਲ ਮੀਟਿੰਗ ਸੱਦ ਕੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਬੀਐੱਡ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਨੂੰ ਧਰਨੇ ਤੋਂ ਹਟਾਉਣ ਨੂੰ ਲੈ ਕੇ ਪ੍ਰਸ਼ਾਸਨ ਦੀ ਨਿਖੇਧੀ ਵੀ ਕੀਤੀ ਗਈ।
ਕੈਪਸ਼ਨ- ਮੋਰਿੰਡਾ-ਸਰਹਿੰਦ ਬਾਈਪਾਸ ’ਤੇ ਧਰਨਾ ਦੇ ਰਹੇ ਠੇਕਾ ਮੁਲਾਜ਼ਮ।