ਚੰਡੀਗੜ੍ਹ ’ਤੇ ਹੱਕ ਜਤਾਉਣ ਵਾਲੀ ਸਰਕਾਰ ਪਿੰਡਾਂ ਦੀ ਵੀ ਸਾਰ ਲਵੇੇ: ਸਿੱਧੂ
ਕੇਂਦਰ ਸਰਕਾਰ ਵੱਲੋਂ ਸੰਸਦ ਦੇ ਸਰਦ ਰੁੱਤ ਇਜਲਾਸ ਵਿੱਚ ਸੰਵਿਧਾਨ (131ਵੀਂ ਸੋਧ) ਬਿੱਲ ਵਿੱਚ ਚੰਡੀਗੜ੍ਹ ਨੂੰ ਸੰਵਿਧਾਨ ਦੀ ਧਾਰਾ 240 ਅਧੀਨ ਲਿਆਉਣ ਦੇ ਮਾਮਲੇ ’ਤੇ ਪੰਜਾਬ ਅਤੇ ਚੰਡੀਗੜ੍ਹ ਵਿੱਚ ਸਿਆਸਤ ਗਰਮਾ ਗਈ ਹੈ। ਕੇਂਦਰ ਤੇ ਪੰਜਾਬ ਸਰਕਾਰ ਵਿਚਕਾਰ ਚੰਡੀਗੜ੍ਹ ਨੂੰ ਲੈ ਕੇ ਛਿੜੇ ਟਕਰਾਅ ਦਰਮਿਆਨ ਚੰਡੀਗੜ੍ਹ ਦੇ ਪਿੰਡਾਂ ਦੇ ਲੋਕ ਵੀ ਨਿੱਤਰ ਆਏ ਹਨ। ਅੱਜ ‘ਦਿ ਚੰਡੀਗੜ੍ਹ ਸਟੇਟ ਕੋ-ਆਪ੍ਰੇਟਿਵ ਬੈਂਕ ਚੰਡੀਗੜ੍ਹ’ ਦੇ ਚੇਅਰਮੈਨ ਅਤੇ ਚੰਡੀਗੜ੍ਹ ਪੇਂਡੂ ਵਿਕਾਸ ਮੰਚ ਦੇ ਪ੍ਰਧਾਨ ਸਤਿੰਦਰਪਾਲ ਸਿੰਘ ਸਿੱਧੂ ਨੇ ਪੰਜਾਬ ਤੇ ਹਰਿਆਣਾ ਸਰਕਾਰ ’ਤੇ ਚੰਡੀਗੜ੍ਹ ਦੇ ਬਚੇ ਹੋਏ 22 ਜੱਦੀ-ਪੁਸ਼ਤੀ ਪਿੰਡਾਂ ਦੇ ਲੋਕਾਂ ਨੂੰ ਅਣਗੌਲਿਆ ਕਰਨ ਦੇ ਦੋਸ਼ ਲਾਏ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਾਰ-ਵਾਰ ਚੰਡੀਗੜ੍ਹ ’ਤੇ ਆਪਣਾ ਹੱਕ ਜਤਾਇਆ ਜਾਂਦਾ ਹੈ, ਪਰ ਕਦੇ ਵੀ ਪੰਜਾਬ ਵੱਲੋਂ ਚੰਡੀਗੜ੍ਹ ਦੇ ਬਚੇ ਹੋਏ ਜੱਦੀ-ਪੁਸ਼ਤੀ ਪਿੰਡਾਂ ਦੇ ਲੋਕਾਂ ਦੀ ਸਾਰ ਨਹੀਂ ਲਈ ਗਈ ਹੈ। ਇਸੇ ਕਰਕੇ ਚੰਡੀਗੜ੍ਹ ਵਸਾਉਣ ਲਈ ਉਜਾੜੇ ਗਏ ਪਿੰਡਾਂ ਦੇ ਲੋਕਾਂ ਨੂੰ ਅੱਜ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕੇਂਦਰ ਤੇ ਪੰਜਾਬ ਸਰਕਾਰ ਤੋਂ ਚੰਡੀਗੜ੍ਹ ਦੇ ਜੱਦੀ-ਪੁਸ਼ਤੀ ਲੋਕਾਂ ਦੇ ਹਿੱਤ ਵਿੱਚ ਨੀਤੀ ਤਿਆਰ ਕਰਨ ਦੀ ਮੰਗ ਕੀਤੀ ਤਾਂ ਜੋ ਚੰਡੀਗੜ੍ਹ ਦੇ ਪਿੰਡਾਂ ਦਾ ਵਿਕਾਸ ਕੀਤਾ ਜਾ ਸਕੇ।
