ਖੇਤਰੀ ਪ੍ਰਤੀਨਿਧ
ਐਸ.ਏ.ਐਸ. ਨਗਰ (ਮੁਹਾਲੀ) 28 ਜੁਲਾਈ
ਖੇਤੀਬਾੜੀ ਤੇ ਪੇਂਡੂ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸੂਬੇ ’ਚ ਕਿਫਾਇਤੀ ਬਿਜਲੀ ਮੁਹੱਈਆ ਕਰਵਾਉਣ ਲਈ ਪੰਜਾਬ ਮੰਡੀ ਬੋਰਡ ਅਧੀਨ ਆਉਦੀਆਂ ਸਾਰੀਆਂ ਮੰਡੀਆਂ ਵਿਚ ਸੋਲਰ ਪਾਵਰ ਪਲਾਂਟ ਲਾਏ ਜਾਣ ਦੀ ਤਜਵੀਜ਼ ਨੂੰ ਜਲਦੀ ਹੀ ਅਮਲੀ ਜਾਮਾ ਪਹਿਨਾਇਆ ਜਾਵੇਗਾ। ਉਨ੍ਹਾਂ ਨੇ ਮੁਹਾਲੀ ਦੇ ਫੇਜ਼-11 ਵਿੱਚ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਹਦਾਇਤ ਕੀਤੀ ਕਿ ਸਾਰੀਆਂ ਅਨਾਜ ਅਤੇ ਸਬਜ਼ੀ ਮੰਡੀਆਂ ਵਿਚ ਸੋਲਰ ਪਾਵਰ ਪਲਾਂਟ ਲਾਉਣ ਲਈ ਜਲਦੀ ਕਾਰਵਾਈ ਆਰੰਭੀ ਜਾਵੇ। ਧਾਲੀਵਾਲ ਨੇ ਦੱਸਿਆ ਕਿ ਚਾਰ ਮੰਡੀਆਂ ਵਿਚ ਨੈੱਟ ਮੀਟਰਿੰਗ ਰੂਫ ਟਾਪ ਸੋਲਰ ਪਾਵਰ ਪਲਾਂਟ ਲਾਉਣ ਦਾ ਪਾਇਲਟ ਪ੍ਰਾਜੈਕਟ ਚੱਲ ਰਿਹਾ, ਇਸ ਤਰਜ ’ਤੇ 23 ਮੰਡੀਆਂ ਵਿਚ ਸੋਲਰ ਪਾਵਰ ਪਲਾਂਟ ਜਲਦੀ ਮੁਕੰਮਲ ਹੋ ਜਾਣਗੇ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸਾਰੀਆਂ ਮੰਡੀਆਂ ਦੀ ਰਿਪੋਰਟ ਤਿਆਰ ਕੀਤੀ ਜਾਵੇ ਤਾਂ ਜੋ ਲੋਕਾਂ ਨੂੰ ਨਿਰਵਿਘਨ ਬਿਜਲੀ ਮੁਹੱਈਆ ਕਰਵਾਈ ਜਾ ਸਕੇ। ਉਨ੍ਹਾਂ ਪਿੰਡਾਂ ਦੀਆਂ ਦੀਆਂ ਅਨਾਜ ਮੰਡੀਆਂ ਅਤੇ ਖਰੀਦ ਕੇਂਦਰਾਂ ਵਿੱਚ ਅਜਿਹੇ ਸ਼ੈੱਡ ਬਣਾਉਣ ਬਾਰੇ ਵੀ ਹਦਾਇਤ ਕੀਤੀ ਜਿਨ੍ਹਾਂ ਉੱਤੇ ਆਸਾਨੀ ਨਾਲ ਸੋਲਰ ਪੈਨਲ ਲਾਏ ਜਾ ਸਕਣ। ਮੰਤਰੀ ਨੇ ਅਧਿਕਾਰੀਆਂ ਨੂੰ ਸਬਜ਼ੀ ਮੰਡੀਆਂ ਦੇ ਸਫ਼ਾਈ ਪ੍ਰਬੰਧ ਦਰੁਸਤ ਕਰਨ ਦੀ ਹਦਾਇਤ ਵੀ ਕੀਤੀ।