ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 4 ਦਸੰਬਰ
ਮੁਹਾਲੀ ਨਗਰ ਨਿਗਮ ਦੀ ਚੋਣਾਂ ਸਬੰਧੀ ਨਵੀਂ ਵਾਰਡਬੰਦੀ ਅਤੇ ਰਾਖਵੇਂਕਰਨ ਦਾ ਮਾਮਲਾ ਫਿਰ ਤੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਪਹੁੰਚ ਗਿਆ ਹੈ। ਅਕਾਲੀ ਦਲ ਦੇ ਸਾਬਕਾ ਕੌਂਸਲਰ ਸੁਖਦੇਵ ਸਿੰਘ ਪਟਵਾਰੀ ਨੇ ਗਲਤ ਤਰੀਕੇ ਨਾਲ ਵਾਰਡਬੰਦੀ ਕਰਨ ਅਤੇ ਫੇਜ਼-6 ਦੇ ਵਸਨੀਕ ਬਚਨ ਸਿੰਘ ਨੇ ਰਾਖਵੇਂਕਰਨ ਖ਼ਿਲਾਫ਼ ਵੱਖੋ-ਵੱਖ ਪਟੀਸ਼ਨਾਂ ਦਾਇਰ ਕਰਕੇ ਇਨਸਾਫ਼ ਦੀ ਮੰਗ ਕੀਤੀ ਗਈ ਹੈ। ਪਟੀਸ਼ਨਾਂ ’ਤੇ ਅੱਜ ਜਸਟਿਸ ਗਿਰੀਸ਼ ਅਗਨੀਹੋਤਰੀ ਅਤੇ ਜਤਿੰਦਰਾ ਚੌਹਾਨ ਦੀ ਅਗਵਾਈ ਵਾਲੇ ਬੈਂਚ ਸੁਣਵਾਈ ਕੀਤੀ ਤੇ ਸੋਮਵਾਰ ਤੱਕ ਸੁਣਵਾਈ ਟਾਲ ਦਿੱਤੀ ਹੈ। ਪੰਜਾਬ ਸਰਕਾਰ ਨੇ ਦੋਵੇਂ ਪਟੀਸ਼ਨਾਂ ਬਾਰੇ ਆਪਣਾ ਜਵਾਬ ਕਰ ਦਿੱਤਾ ਹੈ। ਜੱਜਾਂ ਵੱਲੋਂ ਸਾਰੀਆਂ ਧਿਰਾਂ ਨੂੰ ਸੁਣਿਆ ਗਿਆ। ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਛੋਟੇ ਭਰਾ ਅਤੇ ਵਾਰਡਬੰਦੀ ਬੋਰਡ ਦੇ ਗੈਰ ਸਰਕਾਰੀ ਮੈਂਬਰ ਅਮਰਜੀਤ ਸਿੰਘ ਜੀਤੀ ਸਿੱਧੂ ਅਤੇ ਸਾਬਕਾ ਕੌਂਸਲਰ ਕੁਲਜੀਤ ਸਿੰਘ ਬੇਦੀ ਵੀ ਇਸ ਕੇਸ ਵੀ ਧਿਰ ਬਣ ਗਏ ਹਨ। ਇਨ੍ਹਾਂ ਨੇ ਆਪਣੇ ਵਕੀਲ ਰਾਹੀਂ ਵੱਖੋ ਵੱਖਰੀਆਂ ਅਰਜ਼ੀਆਂ ਦਾਇਰ ਕਰਕੇ ਪੱਖ ਸੁਣਨ ਦੀ ਅਪੀਲ ਕੀਤੀ ਹੈ। ਇਸ ਤੋਂ ਪਹਿਲਾਂ ਵੀ ਅਕਾਲੀ ਦਲ ਨੇ ਦੋ ਵਾਰ ਵੱਖੋ ਵੱਖਰੀਆਂ ਪਟੀਸ਼ਨਾਂ ਦਾਇਰ ਕਰਕੇ ਨਵੀਂ ਵਾਰਡਬੰਦੀ ਬਾਰੇ ਨੋਟੀਫ਼ਿਕੇਸ਼ਨ ਜਾਰੀ ਕਰਨ ਖ਼ਿਲਾਫ਼ ਹਾਈ ਕੋਰਟ ਦਾ ਬੂਹਾ ਖੜਕਾਇਆ ਜਾ ਚੁੱਕਾ ਹੈ ਪਰ ਵਿਰੋਧੀ ਧਿਰ ਨੂੰ ਉੱਚ ਅਦਾਲਤ ਤੋਂ ਕੋਈ ਰਾਹਤ ਨਹੀਂ ਮਿਲੀ ਹੈ। ਹਾਈ ਕੋਰਟ ਦੇ ਡਬਲ ਬੈਂਚ ਨੇ ਪਹਿਲੀਆਂ ਪਟੀਸ਼ਨਾਂ ’ਤੇ ਵੀ ਸੁਣਵਾਈ 6 ਜਨਵਰੀ 2021 ਤੱਕ ਅੱਗੇ ਟਾਲ ਦਿੱਤੀ ਸੀ।
ਸਾਬਕਾ ਮੇਅਰ ਕੁਲਵੰਤ ਸਿੰਘ ਧੜੇ ਦੇ ਸਾਬਕਾ ਕੌਂਸਲਰ ਆਰਪੀ ਸ਼ਰਮਾ ਨੇ ਦੱਸਿਆ ਕਿ ਇੱਥੋਂ ਦੇ ਫੇਜ਼-6 (ਨਵਾਂ ਵਾਰਡ ਨੰਬਰ-49) ਨੂੰ ਜਨਰਲ ਪੁਰਸ਼ ਤੋਂ ਅਨੁਸੂਚਿਤ ਜਾਤੀ ਦੀ ਔਰਤਾਂ ਲਈ ਰਾਖਵਾਂ ਕਰ ਦਿੱਤਾ ਗਿਆ ਹੈ, ਜਦੋਂਕਿ ਇਸ ਇਲਾਕੇ ਵਿੱਚ ਜ਼ਿਆਦਾਤਰ ਵਸੋਂ ਜਨਰਲ ਵਰਗ ਦੇ ਲੋਕਾਂ ਦੀ ਹੈ। ਉਨ੍ਹਾਂ ਦੱਸਿਆ ਕਿ ਵਾਰਡ ਨੰਬਰ-49 ਵਿੱਚ 250 ਘਰ ਹਨ। ਨਵੀਂ ਵਾਰਡਬੰਦੀ ਤੋਂ ਬਾਅਦ ਇਨ੍ਹਾਂ ਘਰਾਂ ਦਾ ਸਰਵੇ ਕੀਤਾ ਗਿਆ ਹੈ ਅਤੇ ਇੱਥੇ ਰਹਿੰਦੇ ਲੋਕਾਂ ਤੋਂ ਲਿਖਤੀ ਸਹਿਮਤੀ ਲਈ ਗਈ ਹੈ, ਜਿਸ ਤੋਂ ਪਤਾ ਚਲਦਾ ਹੈ ਕਿ ਇੱਥੇ ਸਿਰਫ਼ 9 ਘਰ ਅਨੁਸੂਚਿਤ ਜਾਤੀ ਅਤੇ ਅਨੁਸੂਚਿਤ ਜਨਜਾਤੀ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਹੁਕਮਰਾਨ ਗਲਤ ਤਰੀਕੇ ਨਾਲ ਚੋਣਾਂ ਜਿੱਤਣ ਲਈ ਹਰ ਹੀਲਾ ਵਰਤ ਰਹੇ ਹਨ।
ਸਾਬਕਾ ਕੌਂਸਲਰ ਸੁਖਦੇਵ ਸਿੰਘ ਪਟਵਾਰੀ ਨੇ ਆਪਣੀ ਪਟੀਸ਼ਨ ਵਿੱਚ ਦੋਸ਼ ਲਾਇਆ ਹੈ ਕਿ ਸੈਕਟਰ-70 ਸਥਿਤ ਉਸ ਦੇ ਵਾਰਡ ਨੂੰ ਜਾਣਬੁੱਝ ਕੇ ਰਾਖਵੇਂਕਰਨ ਦੇ ਤਹਿਤ ਲਿਆਂਦਾ ਗਿਆ ਹੈ ਤਾਂ ਜੋ ਉਹ ਜਾਂ ਉਸ ਦੇ ਪਰਿਵਾਰ ਦਾ ਕੋਈ ਮੈਂਬਰ ਚੋਣ ਨਾ ਲੜ ਸਕੇ। ਉਨ੍ਹਾਂ ਕਿਹਾ ਕਿ ਇਸ ਵਾਰਡ ਨੂੰ ਸੋਹਾਣਾ ਪਿੰਡ ਨਾਲ ਜੋੜਿਆ ਗਿਆ ਹੈ, ਜਦੋਂਕਿ ਪਿੰਡ ਸੋਹਾਣਾ ਇੱਥੋਂ ਕਾਫੀ ਫਰਕ ਨਾਲ ਹੈ। ਇਹੀ ਨਹੀਂ ਪਿੰਡ ਦੀਆਂ 500 ਵੋਟਾਂ ਸ਼ਹਿਰੀ ਖੇਤਰ ਨਾਲ ਜੋੜੀਆਂ ਗਈਆਂ ਹਨ। ਲੋਕਾਂ ਨੂੰ ਇੱਧਰ ਉਧਰ ਆਉਣ ਜਾਣ ਲਈ ਏਅਰਪੋਰਟ ਸੜਕ ਰਾਹੀਂ ਹੋ ਕੇ ਲੰਘਣਾ ਪਵੇਗਾ।