ਖੇਤਰੀ ਪ੍ਰਤੀਨਿਧ
ਚੰਡੀਗੜ੍ਹ, 31 ਅਕਤੂਬਰ
ਚੰਡੀਗੜ੍ਹ ਨਗਰ ਨਿਗਮ ਦੀ ਮੇਅਰ ਸਰਬਜੀਤ ਕੌਰ ਸਮੇਤ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਦੀ ਅੱਜ ਹਾਈ ਕੋਰਟ ਵਿੱਚ ਹੋਣ ਵਾਲੀ ਸੁਣਵਾਈ ਅੱਗੇ ਪਾ ਦਿੱਤੀ ਗਈ ਹੈ। ਇਸ ਮਾਮਲੇ ਦੀ ਸੁਣਵਾਈ ਦੁਪਹਿਰ ਬਾਅਦ ਹੋਣੀ ਸੀ ਪਰ ਦੁਪਹਿਰ ਦੇ ਖਾਣੇ ਤੋਂ ਬਾਅਦ ਹਾਈ ਕੋਰਟ ਬਾਰ ਐਸੋਸੀਏਸ਼ਨ ਵੱਲੋਂ ਪਿਛਲੇ ਦਿਨੀਂ ਇੱਕ ਵਕੀਲ ਦੇ ਘਰ ਕੌਮੀ ਜਾਂਚ ਏਜੰਸੀ (ਐੱਨਆਈਏ) ਦੇ ਛਾਪੇ ਦੇ ਵਿਰੋਧ ਵਿੱਚ ਕੰਮਕਾਜ ਠੱਪ ਕਰਨ ਦੇਣ ਕਾਰਨ ਮਾਮਲੇ ਦੀ ਸੁਣਵਾਈ ਨਹੀਂ ਹੋ ਸਕੀ।
ਜ਼ਿਕਰਯੋਗ ਹੈ ਕਿ ਇਸ ਸਾਲ ਜਨਵਰੀ ਮਹੀਨੇ ਵਿੱਚ ਸ਼ਹਿਰ ਦੀ ਮੇਅਰ ਦੀ ਚੋਣ ਵਿੱਚ ਕਥਿਤ ਤੌਰ ’ਤੇ ਘਪਲੇ ਦਾ ਦੋਸ਼ ਲਗਾਉਂਦਿਆਂ ਆਮ ਆਦਮੀ ਪਾਰਟੀ (ਆਪ) ਦੀ ਮੇਅਰ ਦੇ ਅਹੁਦੇ ਦੀ ਉਮੀਦਵਾਰ ਅੰਜੂ ਕਤਿਆਲ ਅਤੇ ਹੋਰਨਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਹੁਣ ਮੇਅਰ ਦੇ ਕਾਰਜਕਾਲ ਵਿੱਚ ਸਿਰਫ਼ 2 ਮਹੀਨੇ ਬਾਕੀ ਹਨ ਅਤੇ ਦੂਜੇ ਪਾਸੇ ਪਟੀਸ਼ਨ ’ਤੇ ਸੁਣਵਾਈ ਅਜੇ ਕਿਸੇ ਨਤੀਜੇ ’ਤੇ ਨਹੀਂ ਪਹੁੰਚੀ ਹੈ। ਇਸ ਮਾਮਲੇ ਦੀ ਅੰਤਿਮ ਸੁਣਵਾਈ ਲੰਘੀ 28 ਸਤੰਬਰ ਨੂੰ ਹੋਈ ਸੀ। ਹਾਈ ਕੋਰਟ ਨੇ ਦੋਵਾਂ ਧਿਰਾਂ ਦੇ ਵਕੀਲ ਦੀ ਮੰਗ ’ਤੇ ਸੁਣਵਾਈ 31 ਅਕਤੂਬਰ ਤੱਕ ਮੁਲਤਵੀ ਕਰ ਦਿੱਤੀ ਸੀ।
ਚੰਡੀਗੜ੍ਹ ‘ਆਪ’ ਦੇ ਕਨਵੀਨਰ ਪ੍ਰੇਮ ਗਰਗ ਦਾ ਕਹਿਣਾ ਹੈ ਕਿ ਇਹ ਬੜੀ ਮੰਦਭਾਗੀ ਗੱਲ ਹੈ ਕਿ ਮੇਅਰ ਦੀ ਚੋਣ ਨੂੰ ਲੈ ਕੇ ਦਾਇਰ ਪਟੀਸ਼ਨ ਲੰਬੇ ਸਮੇਂ ਤੋਂ ਪੈਂਡਿੰਗ ਹੈ। ਇਸ ਦਾ ਨਬਿੇੜਾ ਜਲਦੀ ਹੋ ਜਾਣਾ ਚਾਹੀਦਾ ਸੀ। ‘ਆਪ’ ਕੌਂਸਲਰ ਅੰਜੂ ਕਤਿਆਲ, ਪ੍ਰੇਮ ਲਤਾ ਅਤੇ ਰਾਮ ਚੰਦਰ ਯਾਦਵ ਨੇ ਹਾਈ ਕੋਰਟ ’ਚ ਪਟੀਸ਼ਨ ਦਾਇਰ ਕੀਤੀ ਸੀ। ਇਸ ਪਟੀਸ਼ਨ ਵਿੱਚ ਭਾਜਪਾ ਦੀ ਮੇਅਰ ਸਰਬਜੀਤ ਕੌਰ ਸਮੇਤ ਸੀਨੀਅਰ ਡਿਪਟੀ ਮੇਅਰ ਦਲੀਪ ਸ਼ਰਮਾ ਅਤੇ ਡਿਪਟੀ ਮੇਅਰ ਅਨੂਪ ਗੁਪਤਾ ਦੀ ਚੋਣ ਰੱਦ ਕਰਨ ਦੀ ਮੰਗ ਕੀਤੀ ਗਈ। ‘ਆਪ’ ਵੱਲੋਂ ਇਸ ਚੋਣ ਨਤੀਜੇ ਨੂੰ ਗੈਰ-ਕਾਨੂੰਨੀ ਕਰਾਰ ਦਿੰਦਿਆਂ ਨਗਰ ਨਿਗਮ ਦੇ ਰਾਜ ਚੋਣ ਕਮਿਸ਼ਨਰ ਅਤੇ ਹੋਰ ਜਵਾਬਦੇਹ ਧਿਰਾਂ ਨੂੰ ਮੁੜ ਨਵੇਂ ਸਿਰੇ ਤੋਂ ਚੋਣਾਂ ਕਰਵਾਉਣ ਦੇ ਹੁਕਮ ਜਾਰੀ ਕਰਨ ਦੀ ਮੰਗ ਕੀਤੀ ਗਈ ਸੀ। ‘ਆਪ’ ਨੇ ਕਿਹਾ ਕਿ ਦਸੰਬਰ, 2021 ’ਚ ਹੋਈਆਂ ਮਿਉਂਸਿਪਲ ਚੋਣਾਂ ’ਚ ‘ਆਪ’ 14 ਸੀਟਾਂ ਨਾਲ ਸਭ ਤੋਂ ਵੱਡੀ ਪਾਰਟੀ ਬਣ ਕੇ ਉੱਭਰੀ ਸੀ ਪਰ ਮੇਅਰ ਦੀ ਚੋਣ ਦੌਰਾਨ ਘੱਟ ਵੋਟਾਂ ਮਿਲਣ ਦੇ ਬਾਵਜੂਦ ਭਾਜਪਾ ਦੇ ਉਮੀਦਵਾਰ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਚੁਣੇ ਗਏ।
ਹਾਈ ਕੋਰਟ ਦੇ ਵਕੀਲਾਂ ਵੱਲੋਂ ਕੰਮਕਾਜ ਠੱਪ
ਚੰਡੀਗੜ੍ਹ: ਕੌਮੀ ਜਾਂਚ ਏਜੰਸੀ (ਐੱਨਆਈਏ) ਦੀ ਟੀਮ ਵੱਲੋਂ ਕੁਝ ਦਿਨ ਪਹਿਲਾਂ ਗੈਂਗਸਟਰਾਂ ਦੇ ਕੇਸਾਂ ਦੀ ਪੈਰਵੀ ਕਰਨ ਵਾਲੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੀ ਐਡਵੋਕੇਟ ਸ਼ੈਲੀ ਸ਼ਰਮਾ ਦੇ ਸੈਕਟਰ-27 ਵਿੱਚ ਸਥਿਤ ਘਰ ਵਿੱਚ ਮਾਰੇ ਛਾਪੇ ਤੋਂ ਨਾਰਾਜ਼ ਪੰਜਾਬ ਅਤੇ ਹਰਿਆਣਾ ਹਾਈਕੋਰਟ ਬਾਰ ਐਸੋਸੀਏਸ਼ਨ ਨੇ ਸੋਮਵਾਰ ਨੂੰ ਵੀ ਹੜਤਾਲ ਕੀਤੀ। ਇਸ ਮੌਕੇ ਵਕੀਲਾਂ ਨੇ ਕੰਮਕਾਜ ਠੱਪ ਕਰਦਿਆਂ ਐੱਨਆਈਏ ਦੀ ਛਾਪੇ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਹਾਈ ਕੋਰਟ ਦੇ ਵਕੀਲਾਂ ਨੇ ਐਸੋਸੀਏਸ਼ਨ ਦੇ ਅਗਲੇ ਆਦੇਸ਼ਾਂ ਤੱਕ ਕੰਮਕਾਜ ਠੱਪ ਕਰਨ ਦਾ ਐਲਾਨ ਕੀਤਾ। ਦੂਜੇ ਪਾਸੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਚੰਡੀਗੜ੍ਹ ਨੇ ਵੀ ਮੰਗਲਵਾਰ ਨੂੰ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਬਾਰ ਐਸੋਸੀਏਸ਼ਨ ਨੇ ਹਾਈ ਕੋਰਟ ਦੇ ਰਜਿਸਟਰਾਰ ਜਨਰਲ ਨੂੰ ਪੱਤਰ ਲਿਖਿਆ ਹੈ। ਇਸ ਪੱਤਰ ਵਿੱਚ ਐਸੋਸੀਏਸ਼ਨ ਨੇ ਕਿਹਾ ਕਿ ਐੱਨਆਈਏ ਵੱਲੋਂ ਵਕੀਲਾਂ ਨੂੰ ਤੰਗ ਕੀਤਾ ਜਾ ਰਿਹਾ ਹੈ। ਇਸ ਲਈ ਜਦੋਂ ਤੱਕ ਵਕੀਲ ਹੜਤਾਲ ’ਤੇ ਹਨ, ਉਸ ਸਮੇਂ ਤੱਕ ਅਦਾਲਤਾਂ ਵਿੱਚ ਕੰਮਕਾਜ ਬੰਦ ਰੱਖਿਆ ਜਾਵੇ। ਐਸੋਸੀਏਸ਼ਨ ਦੇ ਸਕੱਤਰ ਵਿਸ਼ਾਲ ਅਗਰਵਾਲ ਨੇ ਕਿਹਾ ਕਿ ਜਾਂਚ ਏਜੰਸੀਆਂ ਨੂੰ ਵਕੀਲਾਂ ਦੇ ਕੰਮਕਾਜ ਵਿੱਚ ਦਖਲ ਦੇਣਾ ਗਲਤ ਹੈ, ਜਿਸ ਨੂੰ ਕਦੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। -ਟਨਸ