ਆਤਿਸ਼ ਗੁਪਤਾ
ਚੰਡੀਗੜ੍ਹ, 5 ਅਗਸਤ
ਚੰਡੀਗੜ੍ਹ ਕਾਂਗਰਸ ਵਿੱਚ ਚੱਲ ਰਹੇ ਕਾਟੋ-ਕਲੇਸ਼ ਵਿਚਾਲੇ ਪਾਰਟੀ ਦੀ ਸਥਾਨਕ ਇਕਾਈ ਦੀ ਨਵੀਂ ਕਾਰਜਕਾਰਨੀ ਦੀ ਪਹਿਲੀ ਮੀਟਿੰਗ ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ ਅਤੇ ਇਕਾਈ ਦੇ ਪ੍ਰਧਾਨ ਸੁਭਾਸ਼ ਚਾਵਲਾ ਦੀ ਅਗਵਾਈ ਹੇਠ ਸੈਕਟਰ-35 ਸਥਿਤ ਕਾਂਗਰਸ ਭਵਨ ਵਿੱਚ ਹੋਈ। ਮੀਟਿੰਗ ਵਿੱਚ ਸਾਬਕਾ ਪ੍ਰਧਾਨ ਪ੍ਰਦੀਪ ਛਾਬੜਾ ਦੀਆਂ ਬਾਗੀ ਸੁਰਾਂ ਬਾਰੇ ਚਰਚਾ ਹੁੰਦੀ ਰਹੀ। ਸੱਦਾ ਦਿੱਤੇ ਜਾਣ ਦੇ ਬਾਵਜੂਦ ਸਾਬਕਾ ਪ੍ਰਧਾਨ ਅਤੇ ਕਾਜਕਾਰਨੀ ਦੇ ਮੈਂਬਰ ਪ੍ਰਦੀਪ ਛਾਬੜਾ ਮੀਟਿੰਗ ’ਚੋਂ ਗੈਰ-ਹਾਜ਼ਰ ਰਹੇ। ਇਸ ਦੌਰਾਨ ਫ਼ੈਸਲਾ ਲਿਆ ਗਿਆ ਕਿ ਛਾਬੜਾ ਦੀ ਬਿਆਨਬਾਜ਼ੀ ਆਗਾਮੀ ਨਿਗਮ ਚੋਣਾਂ ਵਿੱਚ ਕਾਂਗਰਸ ਪਾਰਟੀ ਨੂੰ ਨੁਕਸਾਨ ਪਹੁੰਚਾ ਸਕਦੀ ਹੈ। ਇਸ ਲਈ ਸਾਬਕਾ ਪ੍ਰਧਾਨ ਨੂੰ ‘ਕਾਰਨ ਦੱਸੋ’ ਨੋਟਿਸ ਜਾਰੀ ਕੀਤਾ ਜਾਵੇਗਾ। ਸ੍ਰੀ ਬਾਂਸਲ ਅਤੇ ਸ੍ਰੀ ਚਾਵਲਾ ਨੇ ਕਿਹਾ ਕਿ ਚੰਡੀਗੜ੍ਹ ਨਗਰ ਨਿਗਮ ’ਤੇ ਕਾਬਜ਼ ਭਾਰਤੀ ਜਨਤਾ ਪਾਰਟੀ ਲੋਕ ਵਿਰੋਧੀ ਫ਼ੈਸਲੇ ਲੈ ਰਹੀ ਹੈ। ਭਾਜਪਾ ਦੀਆਂ ਗ਼ਲਤੀਆਂ ਸਦਕਾ ਅੱਜ ਪਾਣੀ ਅਤੇ ਘਰੋਂ ਕੂੜਾ ਚੁੱਕਣ ਦੀਆਂ ਕੀਮਤਾਂ ਵਧਦੀਆਂ ਜਾ ਰਹੀਆਂ ਹਨ। ਉੱਧਰ, ਚੰਡੀਗੜ੍ਹ ਕਾਂਗਰਸ ਦੇ ਸਾਬਕਾ ਪ੍ਰਧਾਨ ਪ੍ਰਦੀਪ ਛਾਬੜਾ ਦਾ ਕਹਿਣਾ ਹੈ ਕਿ ਚੰਡੀਗੜ੍ਹ ਕਾਂਗਰਸ ਵਿੱਚ ਚਮਚਿਆਂ ਦਾ ਬੋਲਬਾਲਾ ਹੈ। ਉਨ੍ਹਾਂ ਪਾਰਟੀ ਆਗੂਆਂ ’ਤੇ ਦੋਸ਼ ਲਗਾਇਆ ਕਿ ਉਨ੍ਹਾਂ ਨੂੰ ਪਾਰਟੀ ਵਿੱਚੋਂ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।