ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 12 ਅਕਤੂਬਰ
ਪੰਜਾਬ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਦੇਵ ਸਿੰਘ ਸੈਣੀ, ਐਕਟਿੰਗ ਪ੍ਰਧਾਨ ਜਰਨੈਲ ਸਿੰਘ, ਜਨਰਲ ਸਕੱਤਰ ਸ਼ੀਸ਼ਨ ਕੁਮਾਰ ਅਤੇ ਸਕੱਤਰ ਬਲਜਿੰਦਰ ਸਿੰਘ ਬਿੱਲਾ ਦੀ ਅਗਵਾਈ ਹੇਠ ਪੁੱਡਾ ਭਵਨ ਦੇ ਬਾਹਰ ਮੁਲਾਜ਼ਮ ਮੰਗਾਂ ਸਬੰਧੀ ਸ਼ੁਰੂ ਕੀਤੀ ਭੁੱਖ-ਹੜਤਾਲ ਅੱਜ 34ਵੇਂ ਦਿਨ ਵਿੱਚ ਦਾਖ਼ਲ ਹੋ ਗਈ ਹੈ। ਅੱਜ ਲੁਧਿਆਣਾ ਜ਼ੋਨ ਦੇ ਪ੍ਰਧਾਨ ਦਵਾਰਕਾ ਪ੍ਰਸ਼ਾਦ, ਨਿਰਮਲ ਸਿੰਘ, ਵਿਜੇ ਕੁਮਾਰ ਅਤੇ ਅੰਕਿਤ ਕੁਮਾਰ ਸਾਥੀਆਂ ਸਣੇ ਭੁੱਖ ਹੜਤਾਲ ’ਤੇ ਬੈਠੇ ਅਤੇ ਪੁੱਡਾ ਮੈਨੇਜਮੈਂਟ ਅਤੇ ਹੁਕਮਰਾਨਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਯੂਨੀਅਨ ਨੇ 21 ਅਕਤੂਬਰ ਤੱਕ ਧਰਨਾ ਜਾਰੀ ਰੱਖਣ ਦਾ ਐਲਾਨ ਕੀਤਾ।
ਇਸ ਮੌਕੇ ਸਕੱਤਰ ਬਲਜਿੰਦਰ ਸਿੰਘ ਬਿੱਲਾ ਨੇ ਦੱਸਿਆ ਕਿ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਦੇਵ ਸਿੰਘ ਸੈਣੀ ਦੀ ਅਗਵਾਈ ਹੇਠ ਪੁੱਡਾ ਦੇ ਮੁੱਖ ਪ੍ਰਸ਼ਾਸਕ ਨਾਲ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਮੰਗਾਂ ’ਤੇ ਚਰਚਾ ਕੀਤੀ ਗਈ। ਅਧਿਕਾਰੀ ਨੇ ਦੱਸਿਆ ਕਿ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪੁੱਡਾ ਦੇ ਪ੍ਰਮੁੱਖ ਸਕੱਤਰ ਸਰਵਜੀਤ ਸਿੰਘ ਨੇ ਜਾਇਜ਼ ਮੰਨਦਿਆਂ ਕੇਸ ਤਿਆਰ ਕਰ ਕੇ ਭੇਜਣ ਲਈ ਕਿਹਾ ਹੈ ਤਾਂ ਜੋ ਅਗਲੀ ਕਾਰਵਾਈ ਲਈ ਫਾਈਲ ਸਰਕਾਰ ਨੂੰ ਭੇਜੀ ਜਾ ਸਕੇ। ਆਗੂਆਂ ਨੇ ਸਪੱਸ਼ਟ ਆਖਿਆ ਕਿ ਜਦੋਂ ਤਕ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਵਾਨ ਨਹੀਂ ਕੀਤੀਆਂ ਜਾਂਦੀਆਂ, ਉਦੋਂ ਤੱਕ ਭੁੱਖ ਹੜਤਾਲ ਜਾਰੀ ਰਹੇਗੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦੀ ਮੰਗਾਂ ਨਾ ਮੰਨੀਆਂ ਤਾਂ ਮੁਲਾਜ਼ਮਾਂ ਵੱਲੋਂ ਅਗਲੇ ਸੰਘਰਸ਼ ਦੀ ਰੂਪਰੇਖਾ ਉਲੀਕੀ ਜਾਵੇਗੀ।
ਇਸ ਮੌਕੇ ਡਰਾਈਵਰ ਯੂਨੀਅਨ ਦੇ ਪ੍ਰਧਾਨ ਦਲਜੀਤ ਸਿੰਘ, ਜਨਰਲ ਸਕੱਤਰ ਕੁਲਦੀਪ ਸਿੰਘ ਮੁਹਾਲੀ, ਮਨਜੀਤ ਸਿੰਘ, ਕ੍ਰਿਸ਼ਨ ਚੰਦ, ਅਸ਼ੋਕ ਕੁਮਾਰ, ਕੁਲਦੀਪ ਸਿੰਘ ਧਨੋਆ, ਮਲਕੀਤ ਸਿੰਘ, ਗੁਰਦੇਵ ਸਿੰਘ, ਬਲਦੇਵ ਸਿੰਘ ਅਤੇ ਪਾਲ ਸਿੰਘ ਹਾਜ਼ਰ ਸਨ। ਇਨ੍ਹਾਂ ਆਗੂਆਂ ਨੇ ਮੰਗ ਕੀਤੀ ਹੈ ਵਿਕਾਸ ਫੰਡ ਵਜੋਂ 200 ਰੁਪਏ ਦੀ ਕਟੌਤੀ ਨੂੰ ਤੁਰੰਤ ਬੰਦ ਕੀਤਾ ਜਾਵੇ ਅਤੇ ਮੋਬਾਈਲ ਭੱਤਾ ਬਹਾਲ ਕੀਤਾ ਜਾਵੇ ਅਤੇ ਡੀਏ ਦੀਆਂ ਕਿਸ਼ਤਾਂ ਦਾ ਰਹਿੰਦਾ ਬਕਾਇਆ ਤੁਰੰਤ ਰਿਲੀਜ਼ ਕੀਤਾ ਜਾਵੇ। ਸੁਪਰਵਾਈਜ਼ਰ ਕੈਟਾਗਰੀ ਨੂੰ ਟੈਕਨੀਕਲ ਸਕੇਲ ਦਿੱਤਾ ਜਾਵੇ ਅਤੇ ਦਿਹਾੜੀਦਾਰ ਕਾਮਿਆਂ ਨੂੰ ਪੱਕਾ ਕੀਤਾ ਜਾਵੇ।