ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 6 ਅਗਸਤ
ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਉਸ ਦੇ ਛੋਟੇ ਭਰਾ ਤੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਵੱਲੋਂ ਆਪਣੇ ਹੋਰਨਾਂ ਸਾਥੀਆਂ ਨਾਲ ਮਿਲ ਕੇ ਪਿੰਡ ਬਲੌਂਗੀ ਦੀ 10 ਏਕੜ ਸ਼ਾਮਲਾਟ ਜ਼ਮੀਨ ਨੂੰ ਲੀਜ਼ ’ਤੇ ਲੈ ਕੇ ‘ਬਾਲ ਗੋਪਾਲ ਗਊ ਬਸੇਰਾ ਵੈੱਲਫੇਅਰ ਸੁਸਾਇਟੀ’ (ਗਊਸ਼ਾਲਾ) ਬਣਾਉਣ ਦਾ ਮਾਮਲਾ ਕਾਫੀ ਭਖ ਗਿਆ ਹੈ। ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ ਨੇ ਇਸ ਸਮੁੱਚੇ ਮਾਮਲੇ ਦੀ ਸੀਬੀਆਈ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਕਥਿਤ ਤੌਰ ’ਤੇ ਬਲੌਂਗੀ ਦੀ ਬਹੁ-ਕਰੋੜੀ ਸ਼ਾਮਲਾਤਟ ਜ਼ਮੀਨ ਗਊਸ਼ਾਲਾ ਦੇ ਨਾਮ ’ਤੇ ਹੜੱਪਣ ਦੀ ਕੋਸ਼ਿਸ਼ ਕੀਤੀ ਗਈ ਹੈ ਅਤੇ ਉਹ ਇਹ ਮਾਮਲਾ ਲੋਕਪਾਲ ਦੀ ਅਦਾਲਤ ਵਿੱਚ ਲੈ ਕੇ ਜਾਣਗੇ। ਅੱਜ ਇੱਥੇ ਬੀਰਦਵਿੰਦਰ ਸਿੰਘ ਨੇ ਕਿਹਾ ਕਿ ਸਿੱਧੂ ਭਰਾਵਾਂ ਨੇ ਆਪਣੇ ਲਾਲਚ ਲਈ ‘ਬਾਲ ਗੋਪਾਲ ਗਊ ਬਸੇਰਾ ਵੈੱਲਫੇਅਰ ਸੁਸਾਇਟੀ’ ਦੇ ਨਾਮ ’ਤੇ ਇੱਕ ਟਰੱਸਟ ਰਜਿਸਟਰ ਕਰਵਾਇਆ ਹੈ। ਟਰੱਸਟ ਦੇ ਪ੍ਰਧਾਨ ਵੀ ਸਿਹਤ ਮੰਤਰੀ ਸਿੱਧੂ ਹਨ ਅਤੇ ਸਿਰਨਾਵਾਂ ਵੀ ਉਨ੍ਹਾਂ ਦੀ ਫੇਜ਼-7 ਵਾਲੀ ਨਿੱਜੀ ਰਿਹਾਇਸ਼ ਦਾ ਹੈ। ਇਸ ਦੌਰਾਨ ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਕਿ ਉਹ ਤੁਰੰਤ ਨਿੱਜੀ ਦਖ਼ਲ ਦੇ ਕੇ ਉੱਚ ਪੱਧਰੀ ਜਾਂਚ ਕਰਵਾਉਣ।
ਜ਼ਮੀਨ ਸਬੰਧੀ ਦੋਸ਼ ਬੇਬੁਨਿਆਦ: ਬਲਬੀਰ ਸਿੱਧੂ
ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਗਊਸ਼ਾਲਾ ਲਈ ਸ਼ਾਮਲਾਟ ਜ਼ਮੀਨ ਲੀਜ਼ ’ਤੇ ਲੈਣ ਸਬੰਧੀ ਉਨ੍ਹਾਂ ਦੇ ਪਰਿਵਾਰ ’ਤੇ ਲਗਾਏ ਜਾ ਰਹੇ ਸਾਰੇ ਦੋਸ਼ਾਂ ਨੂੰ ਬੇਬੁਨਿਆਦ ਅਤੇ ਸਿਆਸਤ ਤੋਂ ਪ੍ਰੇਰਿਤ ਕਰਾਰ ਦਿੱਤਾ ਹੈ। ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਸਿੱਧੂ ਨੇ ਗਊਸ਼ਾਲਾ ਜਿਹੇ ਸਮਾਜਿਕ ਕਾਰਜਾਂ ਦਾ ਸਿਆਸੀਕਰਨ ਕਰਨ ਦੀਆਂ ਕੋਸ਼ਿਸ਼ਾਂ ਦੀ ਨਿੰਦਾ ਕੀਤੀ ਤੇ ਕਿਹਾ ਕਿ ਮੁਹਾਲੀ ਦੇ ਲੋਕਾਂ ਨੂੰ ਉਨ੍ਹਾਂ ਖ਼ਿਲਾਫ਼ ਭੜਕਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਇਹ ਜ਼ਮੀਨ ਲਾਵਾਰਿਸ ਗਊਆਂ ਦੀ ਸਾਂਭ-ਸੰਭਾਲ ਲਈ ਸਮਰਪਿਤ ਹੈ ਨਾ ਕਿ ਵਪਾਰਕ ਉਦੇਸ਼ਾਂ ਲਈ। ਸ੍ਰੀ ਸਿੱਧੂ ਨੇ ਸਵਾਲ ਕੀਤਾ ‘ਕੀ ਅਸੀਂ ਗਊਸ਼ਾਲਾ ਬਣਾ ਕੇ ਕੋਈ ਗਲਤੀ ਕੀਤੀ ਹੈ ਕਿਉਂਕਿ ਮੈਂ ਮੁਹਾਲੀ ਦੇ ਲੋਕਾਂ ਨਾਲ ਵਚਨਬੱਧਤਾ ਕੀਤੀ ਸੀ ਕਿ ਮੈਂ ਇਸ ਸ਼ਹਿਰ ਨੂੰ ਲਾਵਾਰਿਸ ਪਸ਼ੂਆਂ ਤੋਂ ਮੁਕਤ ਕਰਾਂਗਾ ਤਾਂ ਜੋ ਸੜਕੀ ਦੁਰਘਟਨਾਵਾਂ ਦੀ ਰੋਕਥਾਮ ਕਰਕੇ ਨਿਰਦੋਸ਼ ਲੋਕਾਂ ਅਤੇ ਜਾਨਵਰਾਂ ਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਣ।’ ਬਲੌਂਗੀ ਗਊਸ਼ਾਲਾ ਦੇ ਸਾਰੇ ਟਰੱਸਟੀਆਂ ਅਤੇ ਪੰਚਾਇਤ ਦੀ ਹਾਜ਼ਰੀ ਵਿੱਚ ਉਨ੍ਹਾਂ ਦੱਸਿਆ ਕਿ ਗਊਸ਼ਾਲਾ ਦੇ ਸਾਰੇ ਟਰੱਸਟੀ ਉੱਘੇ ਉਦਯੋਗਪਤੀ ਅਤੇ ਜਾਣੇ-ਪਛਾਣੇ ਲੋਕ ਹਨ। ਜਿਨ੍ਹਾਂ ਦਾ ਮੁੱਖ ਉਦੇਸ਼ ਲਾਵਾਰਿਸ ਗਊਆਂ ਦੀ ਭਲਾਈ ਅਤੇ ਉਨ੍ਹਾਂ ਨੂੰ ਆਸਰਾ ਦੇਣਾ ਹੈ। ਉਨ੍ਹਾਂ ਕਿਹਾ ਕਿ ਇਹ ਜ਼ਮੀਨ ਬਿਨਾਂ ਵਰਤੋਂ ਦੇ ਪਈ ਸੀ ਅਤੇ ਲੋਕਾਂ ਵੱਲੋਂ ਇਸ ’ਤੇ ਕਬਜ਼ਾ ਕੀਤਾ ਜਾ ਰਿਹਾ ਸੀ ਪਰ ਹੁਣ ਲੀਜ਼ ਡੀਡਜ਼ ਤੋਂ ਪੰਚਾਇਤ ਨੂੰ ਆਮਦਨ ਹੋ ਰਹੀ ਹੈ।