ਪੱਤਰ ਪ੍ਰੇਰਕ
ਮੁਹਾਲੀ, 17 ਸਤੰਬਰ
ਪੰਜਾਬ ਸਰਕਾਰ ਵੱਲੋਂ ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਤੋਂ ਮੁਹਾਲੀ ਵਿੱਚ ਸਿਆਸਤ ਪੂਰੀ ਤਰ੍ਹਾਂ ਭਖ ਗਈ ਹੈ। ਸਿੱਧੂ ਭਰਾਵਾਂ ਵੱਲੋਂ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਹੁਕਮਰਾਨ ਪਹਿਲੇ ਦਿਨ ਤੋਂ ਜੀਤੀ ਸਿੱਧੂ ਨੂੰ ਮੇਅਰ ਦੀ ਚੇਅਰ ਤੋਂ ਲਾਹੁਣ ਲਈ ਮੌਕੇ ਦੀ ਤਲਾਸ਼ ਵਿੱਚ ਸਨ। ਨਿੱਜੀ ਹਿੱਤ ਲਈ ਵਿਕਾਸ ਕੰਮਾਂ ਦੇ ਟੈਂਡਰ ਅਲਾਟ ਕਰਨ ਦੇ ਮਾਮਲੇ ਵਿੱਚ ਹੁਣ ਸਰਕਾਰ ਨੇ ਮੇਅਰ ਖਿਲਾਫ਼ ਸ਼ਿਕੰਜਾ ਕੱਸ ਦਿੱਤਾ ਹੈ। ਸਿੱਧੂ ਭਰਾਵਾਂ ਵੱਲੋਂ ਸਰਕਾਰ ਨਾਲ ਨਜਿੱਠਣ ਲਈ ਕਾਨੂੰਨੀ ਰਾਏ ਲਈ ਜਾ ਰਹੀ ਹੈ ਅਤੇ ਦੋਵੇਂ ਭਰਾ ਨੋਟਿਸ ਦਾ ਜਵਾਬ ਤਿਆਰ ਕਰਨ ਵਿੱਚ ਜੁੱਟ ਗਏ ਹਨ। ਦਿ ਐੱਸਏਐੱਸ ਨਗਰ ਸੈਂਟਰਲ ਕੋਆਪਰੇਟਿਵ ਬੈਂਕ ਵੱਲੋਂ ਸੋਮਵਾਰ ਨੂੰ ਬੋਰਡ ਆਫ ਡਾਇਰੈਕਟਰਜ਼ ਦੀ ਮੀਟਿੰਗ ਸੱਦੀ ਗਈ ਹੈ। ਮੀਟਿੰਗ ਦੇ ਏਜੰਡੇ ’ਤੇ ਜ਼ਿਲ੍ਹਾ ਮੈਨੇਜਰ ਦੇ ਦਸਤਖਤ ਹਨ। ਸੋਸ਼ਲ ਮੀਡੀਆ ’ਤੇ ਵਾਇਰਲ ਹੋਏ ਇਸ ਪੱਤਰ ਅਨੁਸਾਰ 19 ਸਤੰਬਰ ਨੂੰ ਸਵੇਰੇ 10 ਵਜੇ ਚਾਰ ਮੱਦਾਂ ’ਤੇ ਵਿਚਾਰ ਕੀਤੀ ਜਾਵੇਗੀ ਜਿਸ ਵਿੱਚ ਮੇਅਰ ਜੀਤੀ ਸਿੱਧੂ ਵੱਲੋਂ ਕੋਆਪਰੇਟਿਵ ਬੈਂਕ ਦੇ ਚੇਅਰਮੈਨ ਅਤੇ ਡਾਇਰੈਕਟਰ ਦੇ ਅਹੁਦੇ ਤੋਂ ਅਸਤੀਫਾ ਦੇਣ ਬਾਰੇ ਵਿਚਾਰ ਚਰਚਾ ਕੀਤੀ ਜਾਵੇਗੀ। ਹਾਲਾਂਕਿ ਜੀਤੀ ਸਿੱਧੂ ਵੱਲੋਂ ਬੀਤੀ 22 ਅਗਸਤ ਨੂੰ ਚੇਅਰਮੈਨ ਅਤੇ ਡਾਇਰੈਕਟਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਹੈ ਪ੍ਰੰਤੂ ਸ਼ਿਕਾਇਤਕਰਤਾਵਾਂ ਤੇ ਆਪ ਵਲੰਟੀਅਰਾਂ ਦਾ ਕਹਿਣਾ ਹੈ ਕਿ ਕਾਰਵਾਈ ਤੋਂ ਬਚਣ ਲਈ ਪਿਛਲੀ ਤਰੀਕ ਵਿੱਚ ਅਸਤੀਫ਼ਾ ਦਿੱਤਾ ਗਿਆ ਹੈ।