ਮੇਅਰ ਦਾ ਕਾਰਜਕਾਲ ਇਕ ਸਾਲ ਹੀ ਰਹੇਗਾ
ਕੇਂਦਰੀ ਗ੍ਰਹਿ ਰਾਜ ਮੰਤਰੀ ਨਿੱਤਿਆਨੰਦ ਰਾਏ ਨੇ ਅੱਜ ਕਿਹਾ ਕਿ ਚੰਡੀਗੜ੍ਹ ਵਿੱਚ ਮੇਅਰ ਦਾ ਕਾਰਜਕਾਲ ਇਕ ਸਾਲ ਦੀ ਰਹੇਗਾ। ਕੇਂਦਰ ਸਰਕਾਰ ਵੱਲੋਂ ਮੇਅਰ ਦੇ ਕਾਰਜਕਾਲ ਨੂੰ ਇੱਕ ਸਾਲ ਤੋਂ ਵਧਾ ਕੇ ਪੰਜ ਸਾਲ ਕੀਤੇ ਜਾਣ ਦੀ ਕੋਈ ਯੋਜਨਾ ਨਹੀਂ ਹੈ। ਲੋਕ ਸਭਾ ਵਿੱਚ ਮਨੀਸ਼ ਤਿਵਾੜੀ ਵੱਲੋਂ ਪੁੱਛੇ ਗਏ ਪ੍ਰਸ਼ਨ ਦੇ ਜਵਾਬ ਵਿੱਚ ਸ੍ਰੀ ਨਿਤਿਆਨੰਦ ਨੇ ਕਿਹਾ ਕਿ ਪੰਜਾਬ ਤੇ ਹਰਿਆਣਾ ਦੀ ਰਾਜਧਾਨੀ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਵਿੱਚ ਮੇਅਰ ਦਾ ਕਾਰਜਕਾਲ ਇਕ ਸਾਲ ਤੋਂ ਵਧਾ ਕੇ ਪੰਜ ਸਾਲ ਕੀਤੇ ਜਾਣ ਦੀ ਮੰਗ ਵਾਰ-ਵਾਰ ਉੱਠ ਰਹੀ ਹੈ ਪਰ ਚੰਡੀਗੜ੍ਹ ਵਿੱਚ ਮੇਅਰ ਦਾ ਕਾਰਜਕਾਲ ਇਕ ਸਾਲ ਦੀ ਰਹੇਗਾ।
ਚੰਡੀਗੜ੍ਹ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਲੋਕ ਸਭਾ ਦੇ ਸਰਦ ਰੁੱਤ ਇਜਲਾਜ ਦੌਰਾਨ ਪ੍ਰਸ਼ਨ ਕੀਤਾ ਕਿ ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਵਿੱਚ ਮੇਅਰ ਦਾ ਕਾਰਜਕਾਲ ਇਕ ਸਾਲ ਤੋਂ ਵਧਾ ਕੇ ਪੰਜ ਸਾਲ ਕੀਤੇ ਜਾਣ ਦੀ ਕੋਈ ਯੋਜਨਾ ਹੈ ਜਾਂ ਨਹੀਂ। ਜੇਕਰ ਕੋਈ ਯੋਜਨਾ ਹੈ ਤਾਂ ਉਸ ਦੀ ਜਾਣਕਾਰੀ ਦਿੱਤੀ ਜਾਵੇ। ਇਸ ਦੇ ਨਾਲ ਹੀ ਤਿਵਾੜੀ ਨੇ ਚੰਡੀਗੜ੍ਹ ਦੇ ਬਜਟ ਬਾਰੇ ਸਵਾਲ ਕੀਤਾ ਹੈ। ਕੇਂਦਰੀ ਗ੍ਰਹਿ ਰਾਜ ਮੰਤਰੀ ਨਿੱਤਿਆਨੰਦ ਰਾਏ ਨੇ ਮਨੀਸ਼ ਤਿਵਾੜੀ ਦੇ ਪ੍ਰਸ਼ਾਨ ਦਾ ਜਵਾਬ ਦਿੰਦਿਆ ਕਿਹਾ ਕਿ ਕੇਂਦਰ ਸਰਕਾਰ ਦਾ ਵਰਤਮਾਨ ਸਮੇਂ ਵਿੱਚ ਅਜਿਹਾ ਕੋਈ ਵਿਚਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਕੇਂਦਰ ਸ਼ਾਸਤ ਪ੍ਰਦੇਸ਼ ਹੈ, ਜਿੱਥੇ ਵਿੱਤ ਆਯੋਗ ਦੀਆਂ ਸਿਫਾਰਸ਼ਾਂ ਲਾਗੂ ਨਹੀਂ ਹੁੰਦੀਆਂ ਹਨ। ਚੰਡੀਗੜ੍ਹ ਨਗਰ ਨਿਗਮ ਦੇ ਬਜਟ ਦੀਆਂ ਲੋੜਾਂ ਕੇਂਦਰੀ ਬਜਟ ਦੀ ਮਦਦ ਨਾਲ ਹੀ ਪੂਰੀਆਂ ਕੀਤੀਆਂ ਜਾਂਦੀਆਂ ਹਨ।
