ਚੰਡੀਗੜ੍ਹ (ਆਤਿਸ਼ ਗੁਪਤਾ): ਚੰਡੀਗੜ੍ਹ ਵਿੱਚ ਬਾਅਦ ਦੁਪਹਿਰ ਪਏ ਮੀਂਹ ਨੇ ਮੌਸਮ ਖੁਸ਼ਗਵਾਰ ਕਰ ਦਿੱਤਾ ਹੈ। ਇਸ ਦੇ ਨਾਲ ਹੀ ਤਾਪਮਾਨ ਵੀ ਆਮ ਨਾਲੋਂ 4 ਡਿਗਰੀ ਸੈਲਸੀਅਸ ਹੇਠਾਂ ਡਿੱਗ ਗਿਆ ਹੈ। ਅੱਜ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 24.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦਿਨ ਭਰ ਮੱਧਮ ਧੁੱਪ ਤੋਂ ਬਾਅਦ ਸ਼ਾਮ ਸਮੇਂ ਮੌਸਮ ਵਿੱਚ ਹੋਈ ਤਬਦੀਲੀ ਦਾ ਸ਼ਹਿਰ ਵਾਸੀਆਂ ਨੇ ਖੁੂਬ ਆਨੰਦ ਮਾਨਿਆ। ਇਸ ਦੇ ਨਾਲ ਹੀ ਸੁਖਨਾ ਝੀਲ, ਰੌਕ ਗਾਰਡਨ ਅਤੇ ਹੋਰਨਾਂ ਜਨਤਕ ਵਾਲੀਆਂ ਥਾਵਾਂ ’ਤੇ ਲੋਕਾਂ ਦੀ ਭੀੜ ਲੱਗ ਗਈ। ਮੌਸਮ ਵਿਭਾਗ ਅਨੁਸਾਰ ਅਗਲੇ 24 ਘੰਟੇ ਸ਼ਹਿਰ ਵਿੱਚ ਰੁਕ-ਰੁਕ ਕੇ ਮੀਂਹ ਪੈਣ ਦੀ ਸੰਭਾਵਨਾ ਹੈ। ਮੀਂਹ ਦੇ ਨਾਲ-ਨਾਲ ਹਵਾਵਾਂ ਵੀ 30 ਤੋਂ 40 ਕਿੱਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਚੱਲਣਗੀਆਂ।