ਹਰਜੀਤ ਸਿੰਘ
ਡੇਰਾਬੱਸੀ, 3 ਅਪਰੈਲ
ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਹੁਣ ਧਨੌਨੀ ਰੋਡ ’ਤੇ ਇਕ ਚੋਅ ਵਿੱਚ ਦੂਸ਼ਿਤ ਪਾਣੀ ਸੁੱਟਦੇ ਹੋਏ ਇਕ ਟੈਂਕਰ ਚਾਲਕ ਨੂੰ ਰੰਗੇ ਹੱਥੀਂ ਕਾਬੂ ਕਰ ਕੇ ਪੁਲੀਸ ਹਵਾਲੇ ਕੀਤਾ ਗਿਆ ਹੈ ਜਦਕਿ ਇਸ ਤੋਂ ਪਹਿਲਾਂ ਸ੍ਰੀ ਰੰਧਾਵਾ ਨੇ ਇੱਥੋਂ ਦੀ ਬਰਵਾਲਾ ਰੋਡ ’ਤੇ ਹੰਸਾ ਇੰਡਸਟਰੀ ਪਾਰਕ ਨੇੜੇ ਖੇਤਾਂ ਵਿੱਚ ਦੂਸ਼ਿਤ ਪਾਣੀ ਸੁੱਟਦੇ ਇਕ ਟੈਂਕਰ ਚਾਲਕ ਨੂੰ ਪੁਲੀਸ ਹਵਾਲੇ ਕੀਤਾ ਸੀ। ਉਸ ਖ਼ਿਲਾਫ਼ ਪੁਲੀਸ ਨੇ ਕੇਸ ਦਰਜ ਕਰ ਕੇ ਟਰੈਕਟਰ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਇਕੱਤਰ ਜਾਣਕਾਰੀ ਅਨੁਸਾਰ ਅੱਜ ਦੁਪਹਿਰੇ ਇਕ ਟੈਂਕਰ ਚਾਲਕ ਵੱਲੋਂ ਪੂਰੀ ਤਰ੍ਹਾਂ ਦੂਸ਼ਿਤ ਕਾਲੇ ਰੰਗ ਦਾ ਪਾਣੀ ਧਨੌਨੀ ਰੋਡ ’ਤੇ ਇਕ ਚੋਅ ਵਿੱਚ ਸੁੱਟਿਆ ਜਾ ਰਿਹਾ ਸੀ। ਸਥਾਨਕ ਲੋਕਾਂ ਵੱਲੋਂ ਇਸ ਸਬੰਧੀ ਜਾਣਕਾਰੀ ਹਲਕਾ ਵਿਧਾਇਕ ਨੂੰ ਦਿੱਤੀ ਗਈ ਤੇ ਵਿਧਾਇਕ ਜਾਣਕਾਰੀ ਮਿਲਦੇ ਹੀ ਤੁਰੰਤ ਮੌਕੇ ’ਤੇ ਪਹੁੰਚ ਗਏ। ਉਨ੍ਹਾਂ ਵੱਲੋਂ ਮਾਮਲੇ ਦੀ ਜਾਣਕਾਰੀ ਪੁਲੀਸ ਨੂੰ ਦਿੱਤੀ ਗਈ ਤੇ ਪੁਲੀਸ ਨੇ ਟੈਂਕਰ ਚਾਲਕ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ। ਕਾਬੂ ਕਰਨ ਤੋਂ ਪਹਿਲਾਂ ਚਾਲਕ ਵੱਲੋਂ ਕਾਫੀ ਦੂਸ਼ਿਤ ਪਾਣੀ ਚੋਅ ਵਿੱਚ ਸੁੱਟ ਦਿੱਤਾ ਗਿਆ ਸੀ। ਇਸ ਮੌਕੇ ਸ੍ਰੀ ਰੰਧਾਵਾ ਨੇ ਕਿਹਾ ਕਿ ਪ੍ਰਦੂਸ਼ਣ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਕੈਮੀਕਲ ਸਨਅਤਾਂ ਦੇ ਮਾਲਕ ਇਸ ਖੇਤਰ ਦੇ ਲੋਕਾਂ ਨੂੰ ਰੁਜ਼ਗਾਰ ਦੇਣ ਦੀ ਆੜ ਹੇਠ ਦੂਸ਼ਿਤ ਪਾਣੀ ਬਰਸਾਤੀ ਚੋਆਂ ਵਿੱਚ ਸੁੱਟ ਕੇ ਜ਼ਹਿਰ ਫੈਲਾ ਰਹੀਆਂ ਹਨ, ਜਿਸ ਕਾਰਨ ਲੋਕ ਗੰਭੀਰ ਬਿਮਾਰੀਆਂ ਦੇ ਸ਼ਿਕਾਰ ਹੋ ਰਹੇ ਹਨ। ਇਲਾਕੇ ਵਿੱਚ ਪ੍ਰਦੂਸ਼ਣ ਕਾਰਨ ਕੈਂਸਰ ਨੇ ਜੜ੍ਹਾਂ ਫੈਲਾਅ ਲਈਆਂ ਹਨ, ਜਿਸ ਨਾਲ ਹੁਣ ਤੱਕ ਸੈਂਕੜੇ ਲੋਕਾਂ ਦੀ ਜਾਨ ਜਾ ਚੁੱਕੀ ਹੈ। ਪੁਰਾਣੀਆਂ ਸਰਕਾਰਾਂ ਅਤੇ ਇਲਾਕੇ ਦੇ ਨੁਮਇੰਦਿਆਂ ਨੇ ਆਪਣੇ ਨਿੱਜੀ ਹਿੱਤਾਂ ਖਾਤਰ ਲੋਕਾਂ ਦੀ ਸਿਹਤ ਨਾਲ ਖਿਲਵਾੜ ਕੀਤਾ ਹੈ ਜਿਸ ਨੂੰ ਕਿਸੇ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਇਲਾਕੇ ਦੇ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਜੇਕਰ ਕਿਸੇ ਵੀ ਤਰ੍ਹਾਂ ਦਾ ਪ੍ਰਦੂਸ਼ਣ ਫੈਲਾਉਣ ਬਾਰੇ ਜਾਣਕਾਰੀ ਮਿਲਦੀ ਹੈ ਤਾਂ ਉਨ੍ਹਾਂ ਨੂੰ ਜਾਣਕਾਰੀ ਦਿੱਤੀ ਜਾਵੇ, ਉਹ ਤੁਰੰਤ ਕਾਰਵਾਈ ਕਰਨਗੇ।
ਪਾਣੀ ਦਾ ਸੈਂਪਲ ਪ੍ਰਦੂਸ਼ਣ ਰੋਕਥਾਮ ਬੋਰਡ ਕੋਲ ਭੇਜਿਆ: ਐੱਸਐੱਚਓ
ਥਾਣਾ ਮੁਖੀ ਇੰਸਪੈਕਟਰ ਕੁਲਬੀਰ ਸਿੰਘ ਨੇ ਕਿਹਾ ਕਿ ਸ਼ਿਕਾਇਤ ਮਿਲਣ ਮਗਰੋਂ ਮੌਕੇ ’ਤੇ ਜਾ ਕੇ ਚਾਲਕ ਨੂੰ ਕਾਬੂ ਕਰ ਲਿਆ ਗਿਆ ਅਤੇ ਟੈਂਕਰ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਅਧਿਕਾਰੀਆਂ ਨੂੰ ਮੌਕੇ ’ਤੇ ਸੱਦ ਕੇ ਸੈਂਪਲ ਭਰਵਾ ਦਿੱਤੇ ਗਏ ਹਨ, ਜਿਨ੍ਹਾਂ ਦੀ ਰਿਪੋਰਟ ਆਉਣ ਮਗਰੋਂ ਸਪੱਸ਼ਟ ਹੋਵੇਗਾ ਕਿ ਇਹ ਪਾਣੀ ਕਿਸ ਫੈਕਟਰੀ ਦਾ ਹੈ ਅਤੇ ਇਸ ਵਿੱਚ ਕੀ ਹੈ।