ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 23 ਅਪਰੈਲ
ਮੁਹਾਲੀ ਨਗਰ ਨਿਗਮ ਨੇ ਸਥਾਨਕ ਲੋਕਾਂ ਨੂੰ ਬਰਸਾਤੀ ਪਾਣੀ ਦੀ ਮਾਰ ਤੋਂ ਬਚਾਉਣ ਲਈ ਸ਼ਹਿਰ ’ਚੋਂ ਲੰਘਦੇ ਐਨ ਚੋਅ ਦੀ ਸਫ਼ਾਈ ਦਾ ਬੀੜਾ ਚੁੱਕਿਆ ਹੈ। ਅੱਜ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਨਿਗਮ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਬਰਸਾਤੀ ਪਾਣੀ ਦੀ ਨਿਕਾਸੀ ਅਤੇ ਹੋਰ ਵਿਕਾਸ ਕੰਮਾਂ ਦਾ ਜਾਇਜ਼ਾ ਲਿਆ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਐਕਸੀਅਨ ਹਰਪ੍ਰੀਤ ਸਿੰਘ ਹਾਜ਼ਰ ਸਨ। ਸ੍ਰੀ ਸਿੱਧੂ ਨੇ ਦੱਸਿਆ ਕਿ ਨਾਈਪਰ ਤੋਂ ਏਅਰਪੋਰਟ ਸੜਕ ਅਤੇ ਫੇਜ਼-9 ਤੱਕ ਦੇ ਸਮੁੱਚੇ 6 ਕਿੱਲੋਮੀਟਰ ਇਲਾਕੇ ਦੀ ਮਸ਼ੀਨੀ ਸਫ਼ਾਈ ਕੀਤੀ ਜਾਵੇਗੀ, ਜਿਸ ਕੰਮ ’ਤੇ 13 ਲੱਖ ਰੁਪਏ ਖ਼ਰਚ ਕੀਤੇ ਜਾਣਗੇ। ਉਨ੍ਹਾਂ ਨਿਗਮ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਬਰਸਾਤ ਦੇ ਮੌਸਮ ਨੂੰ ਦੇਖਦੇ ਹੋਏ ਇਹ ਕੰਮ ਜੂਨ ਤੱਕ ਹਰ ਹਾਲਤ ਵਿੱਚ ਮੁਕੰਮਲ ਕੀਤਾ ਜਾਵੇ। ਸਫ਼ਾਈ ਸਬੰਧੀ ਬੁਲਡੋਜ਼ਰ ਸਾਇਲ ਕੰਜ਼ਰਵੇਸ਼ਨ ਵਿਭਾਗ ਤੋਂ ਲਏ ਗਏ ਹਨ। ਉਨ੍ਹਾਂ ਕਿਹਾ ਕਿ ਐਤਕੀਂ ਸ਼ਹਿਰ ਵਾਸੀਆਂ ਨੂੰ ਬਰਸਾਤੀ ਪਾਣੀ ਦੀ ਨਿਕਾਸੀ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਕਾਸ ਕੰਮਾਂ ਵਿੱਚ ਕੋਤਾਹੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।