ਰਾਤ ਦਾ ਤਾਪਮਾਨ 5.2 ਡਿਗਰੀ ਡਿੱਗਿਆ
ਪੰਜਾਬ ਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਦੇ ਨਾਲ ਲਗਦੇ ਪਹਾੜੀ ਇਲਾਕੇ ਵਿੱਚ ਠੰਢ ਦੇ ਜ਼ੋਰ ਫੜਨ ਦੇ ਨਾਲ ਹੀ ਮੈਦਾਨੀ ਇਲਾਕੇ ਵਿੱਚ ਵੀ ਠੰਢ ਨੇ ਜ਼ੋਰ ਫੜਨਾ ਸ਼ੁਰੂ ਕਰ ਦਿੱਤਾ ਹੈ। ਠੰਢੇ ਹੋਏ ਮੌਸਮ ਨੇ ਲੋਕਾਂ ਨੂੰ ਸਵੇਰ ਅਤੇ ਰਾਤ...
ਪੰਜਾਬ ਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਦੇ ਨਾਲ ਲਗਦੇ ਪਹਾੜੀ ਇਲਾਕੇ ਵਿੱਚ ਠੰਢ ਦੇ ਜ਼ੋਰ ਫੜਨ ਦੇ ਨਾਲ ਹੀ ਮੈਦਾਨੀ ਇਲਾਕੇ ਵਿੱਚ ਵੀ ਠੰਢ ਨੇ ਜ਼ੋਰ ਫੜਨਾ ਸ਼ੁਰੂ ਕਰ ਦਿੱਤਾ ਹੈ। ਠੰਢੇ ਹੋਏ ਮੌਸਮ ਨੇ ਲੋਕਾਂ ਨੂੰ ਸਵੇਰ ਅਤੇ ਰਾਤ ਸਮੇਂ ਕੰਬਣੀ ਛੇੜ ਦਿੱਤੀ ਹੈ। ਚੰਡੀਗੜ੍ਹ ਵਿੱਚ ਲੰਘੀ ਰਾਤ ਸੀਜ਼ਨ ਦੀ ਸਭ ਤੋਂ ਠੰਢੀ ਰਾਤ ਰਹੀ ਹੈ। ਇਸ ਦੌਰਾਨ ਸ਼ਹਿਰ ਵਿੱਚ ਘੱਟ ਤੋਂ ਘੱਟ ਤਾਪਮਾਨ 5.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਇਹ ਆਮ ਨਾਲੋਂ 5.2 ਡਿਗਰੀ ਸੈਲਸੀਅਸ ਘੱਟ ਦਰਜ ਕੀਤਾ ਗਿਆ ਹੈ ਜਦੋਂਕਿ ਸ਼ਹਿਰ ਵਿੱਚ ਵੱਧ ਤੋਂ ਵੱਧ ਤਾਪਮਾਨ 23.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਇਹ ਵੀ ਆਮ ਨਾਲੋਂ 1.9 ਡਿਗਰੀ ਸੈਲਸੀਅਸ ਘੱਟ ਦਰਜ ਕੀਤਾ ਗਿਆ ਹੈ। ਹਾਲਾਂਕਿ ਦਿਨ ਸਮੇਂ ਧੁੱਪ ਨਿਕਲਣ ਕਰ ਕੇ ਲੋਕਾਂ ਨੇ ਰਾਹਤ ਮਹਿਸੂਸ ਕੀਤੀ ਹੈ। ਇਸ ਦੇ ਨਾਲ ਹੀ ਮੁਹਾਲੀ ਵਿੱਚ ਘੱਟ ਤੋਂ ਘੱਟ ਤਾਪਮਾਨ 8.4 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 23 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਉੱਧਰ, ਪੰਚਕੂਲਾ ਵਿੱਚ ਘੱਟ ਤੋਂ ਘੱਟ ਤਾਪਮਾਨ 5.7 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 23 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।
ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਵਿੱਚ 4 ਤੇ 5 ਦਸੰਬਰ ਨੂੰ ਠੰਢ ਹੋਰ ਜ਼ੋਰ ਫੜੇਗੀ। ਇਸ ਦੌਰਾਨ ਤਾਪਮਾਨ ਵਿੱਚ ਹੋਰ ਵੀ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ। ਮੌਸਮ ਵਿਗਿਆਨੀਆਂ ਨੇ ਅਗਲੇ ਦੋ ਦਿਨਾਂ ਲਈ ਯੈਲੋ ਅਲਰਟ ਜਾਰੀ ਕਰ ਦਿੱਤਾ ਹੈ।
ਲੋੜਵੰਦਾਂ ਲਈ ‘ਰੈਣ ਬਸੇਰੇ’ ਚਾਲੂ
ਚੰਡੀਗੜ੍ਹ (ਪੱਤਰ ਪ੍ਰੇਰਕ): ਸਿਟੀ ਬਿਊਟੀਫੁਲ ਚੰਡੀਗੜ੍ਹ ਵਿੱਚ ਵਧ ਰਹੀ ਠੰਢ ਦੇ ਮੱਦੇਨਜ਼ਰ ਜ਼ਰੂਰਤਮੰਦ ਲੋਕਾਂ ਲਈ ਨਗਰ ਨਿਗਮ ਵੱਲੋਂ ਵੱਖ-ਵੱਖ ਥਾਵਾਂ ’ਤੇ ਰੈਣ ਬਸੇਰੇ ਚਾਲੂ ਕਰ ਦਿੱਤੇ ਗਏ ਹਨ। ਨਿਗਮ ਕਮਿਸ਼ਨਰ ਅਮਿਤ ਕੁਮਾਰ ਨੇ ਅੱਜ ਦੇਰ ਸ਼ਾਮ ਸ਼ਹਿਰ ਭਰ ਦੇ ਵੱਖ-ਵੱਖ ਰੈਣ-ਬਸੇਰਿਆਂ ਦਾ ਵਿਆਪਕ ਨਿਰੀਖਣ ਕੀਤਾ। ਉਨ੍ਹਾਂ ਅਧਿਕਾਰੀਆਂ ਨੂੰ ਸਰਦੀਆਂ ਦੇ ਮੌਸਮ ਦੌਰਾਨ 24 ਘੰਟੇ ਤਿਆਰੀ ਰੱਖਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਚੰਡੀਗੜ੍ਹ ਵਿੱਚ ਕੁੱਲ ਅੱਠ ਰੈਣ ਬਸੇਰੇ ਪੂਰੀ ਤਰ੍ਹਾਂ ਕਾਰਜਸ਼ੀਲ ਹਨ। ਇਨ੍ਹਾਂ 450 ਵਿਅਕਤੀਆਂ ਲਈ ਰਿਹਾਇਸ਼ ਦਾ ਪ੍ਰਬੰਧ ਹੈ। ਇਹ ਸ਼ੈਲਟਰ ਸੈਕਟਰ 29, 20, 19, 16, 32, 34 ਸਣੇ ਆਈ ਐੱਸ ਬੀ ਟੀ 43 ਅਤੇ ਪੀ ਜੀ ਆਈ ਦੇ ਗੇਟ ਨੰਬਰ 1 ਦੇ ਸਾਹਮਣੇ ਸਥਿਤ ਹਨ। ਲੋੜਵੰਦ ਵਿਅਕਤੀ ਇਨ੍ਹਾਂ ਸ਼ੈਲਟਰਾਂ ਵਿੱਚ ਆ ਕੇ ਰਾਤ ਗੁਜ਼ਾਰ ਸਕਦੇ ਹਨ। ਆਪਣੇ ਦੌਰੇ ਦੌਰਾਨ ਕਮਿਸ਼ਨਰ ਨੇ ਬਿਸਤਰਿਆਂ ਦੀ ਗੁਣਵੱਤਾ, ਹੀਟਿੰਗ ਪ੍ਰਬੰਧਾਂ, ਸੈਨੀਟੇਸ਼ਨ, ਸੁਰੱਖਿਆ ਬੁਨਿਆਦੀ ਢਾਂਚੇ ਅਤੇ ਸ਼ੈਲਟਰਾਂ ਦੀ ਸਮੁੱਚੀ ਦੇਖਭਾਲ ਦਾ ਮੁਆਇਨਾ ਕੀਤਾ। ਉਨ੍ਹਾਂ ਨੇ ਜ਼ਮੀਨੀ ਹਕੀਕਤਾਂ ਦਾ ਮੁਲਾਂਕਣ ਕਰਨ ਲਈ ਸਟਾਫ ਅਤੇ ਲਾਭਪਾਤਰੀਆਂ ਨਾਲ ਗੱਲਬਾਤ ਕੀਤੀ ਅਤੇ ਸਫ਼ਾਈ, ਸੁਰੱਖਿਅਤ ਅਤੇ ਗਰਮ ਸਹੂਲਤਾਂ ਨੂੰ ਬਣਾਈ ਰੱਖਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਸ਼ੈਲਟਰਾਂ ਵਿੱਚ ਰਾਤ ਨੂੰ ਸੌਣ ਲਈ ਅਰਾਮਦਾਇਕ ਗੱਦੇ, ਬੈੱਡਸ਼ੀਟ, ਕੰਬਲ, ਰੂਮ ਹੀਟਰ, ਗਰਮ ਅਤੇ ਠੰਡਾ ਪਾਣੀ ਸਣੇ ਹੋਰ ਜ਼ਰੂਰੀ ਸਹੂਲਤਾਂ ਤੇ ਸੁਰੱਖਿਆ ਕਰਮਚਾਰੀਆਂ ਨਾਲ ਲੈਸ ਕੀਤਾ ਗਿਆ ਹੈ। ਕਮਿਸ਼ਨਰ ਅਮਿਤ ਕੁਮਾਰ ਨੇ ਨਿਗਮ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ’ਤੇ ਅਧਾਰਿਤ ਟੀਮਾਂ ਨੂੰ ਇਹ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ ਕਿ ਕੋਈ ਵੀ ਨਾਗਰਿਕ ਸਰਦੀਆਂ ਦੌਰਾਨ ਰਾਤ ਨੂੰ ਖੁੱਲ੍ਹੇ ਵਿੱਚ ਨਾ ਸੌਂਵੇ।

