ਪੱਤਰ ਪ੍ਰੇਰਕ
ਚੰਡੀਗੜ੍ਹ, 17 ਮਈ
ਚੰਡੀਗੜ੍ਹ ਵਿੱਚ ਅੱਜ 6 ਹੋਰ ਕਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਜਦਕਿ 620 ਹੋਰ ਵਿਅਕਤੀਆਂ ਨੂੰ ਕਰੋਨਾਵਾਇਰਸ ਹੋਣ ਦੀ ਪੁਸ਼ਟੀ ਹੋਈ ਹੈ। ਸਿਹਤਯਾਬ ਹੋਣ ਮਗਰੋਂ 876 ਮਰੀਜ਼ਾਂ ਨੂੰ ਘਰੇਲੂ ਇਕਾਂਤਵਾਸ ਤੋਂ ਡਿਸਚਾਰਜ ਕੀਤਾ ਗਿਆ ਜਿਸ ਦੌਰਾਨ ਸ਼ਹਿਰ ਵਿੱਚ ਇਸ ਸਮੇਂ ਕੁੱਲ ਮਰੀਜ਼ਾਂ ਦਾ ਅੰਕੜਾ 7382 ਹੈ। ਮਰੀਜ਼ਾਂ ਦਾ ਕੁੱਲ ਅੰਕੜਾ ਘਟਣ ’ਤੇ ਯੂ.ਟੀ. ਪ੍ਰਸ਼ਾਸਨ ਨੇ ਥੋੜ੍ਹਾ ਸੁੱਖ ਦਾ ਸਾਹ ਲਿਆ ਹੈ।
ਸਿਹਤ ਵਿਭਾਗ ਮੁਤਾਬਕ ਸੈਕਟਰ 26 ਨਿਵਾਸੀ 46 ਸਾਲਾ ਔਰਤ, ਮਲੋਆ ਨਿਵਾਸੀ 56 ਸਾਲਾ ਔਰਤ, ਸੈਕਟਰ 22 ਨਿਵਾਸੀ 87 ਸਾਲਾ ਔਰਤ ਦੀ ਜੀ.ਐਮ.ਐਸ.ਐਚ.-16 ਵਿੱਚ ਇਲਾਜ ਦੌਰਾਨ ਮੌਤ ਹੋ ਗਈ ਹੈ। ਇਸੇ ਤਰ੍ਹਾਂ ਰਾਮਦਰਬਾਰ ਨਿਵਾਸੀ 50 ਸਾਲਾ ਔਰਤ ਦੀ ਜੀ.ਐਮ.ਸੀ.ਐਚ.-32 ਵਿੱਚ, ਸੈਕਟਰ 16 ਨਿਵਾਸੀ 74 ਸਾਲਾ ਵਿਅਕਤੀ ਦੀ ਸਿਟੀ ਹਸਪਤਾਲ ਸੈਕਟਰ 8 ਵਿੱਚ, ਸੈਕਟਰ 63 ਨਿਵਾਸੀ 67 ਸਾਲਾ ਔਰਤ ਦੀ ਸ਼ੈਲਬੀ ਹਸਪਤਾਲ ਮੋਹਾਲੀ ਵਿੱਚ ਇਲਾਜ ਦੌਰਾਨ ਮੌਤ ਹੋ ਗਈ ਹੈ। ਇਹ ਸਾਰੇ ਮਰੀਜ਼ ਕਰੋਨਾ ਤੋਂ ਇਲਾਵਾ ਹੋਰਨਾਂ ਵੀ ਕਈ ਬਿਮਾਰੀਆਂ ਤੋਂ ਪੀੜਤ ਸਨ।
ਐਸ.ਏ.ਐਸ. ਨਗਰ (ਮੁਹਾਲੀ) (ਪੱਤਰ ਪ੍ਰੇਰਕ): ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਵਿੱਚ ਮੰਗਲਵਾਰ ਨੂੰ ਕਰੋਨਾ ਮਹਾਮਾਰੀ ਦੇ 889 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤਰ੍ਹਾਂ ਸਮੁੱਚੇ ਜ਼ਿਲ੍ਹੇ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵਧ ਕੇ 61 ਹਜ਼ਾਨਾਲ ਕਰੋਨਾ ਪੀੜਤ ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਵਿੱਚ ਪਰਤ ਰਹੇ ਹਨ। ਅੱਜ 938 ਪੀੜਤ ਮਰੀਜ਼ ਠੀਕ ਹੋ ਕੇ ਆਪਣੇ ਘਰ ਪਹੁੰਚ ਗਏ ਹਨ। ਉਨ੍ਹਾਂ ਦੱਸਿਆ ਕਿ ਅੱਜ 11 ਹੋਰ ਕਰੋਨਾ ਪੀੜਤਾਂ ਦੀ ਮੌਤ ਹੋ ਗਈ।
ਡੀਸੀ ਨੇ ਦੱਸਿਆ ਕਿ ਮੁਹਾਲੀ ਸ਼ਹਿਰੀ ਖੇਤਰ ਵਿੱਚ 242 ਵਿਅਕਤੀਆਂ ਰਿਪੋਰਟ ਕਰੋਨਾ ਪਾਜ਼ੇਟਿਵ ਆਈ ਹੈ ਜਦੋਂਕਿ ਬਨੂੜ ਵਿੱਚ 8, ਬੂਥਗੜ੍ਹ ਵਿੱਚ 26, ਕੁਰਾਲੀ ਵਿੱਚ 47, ਲਾਲੜੂ ਵਿੱਚ 57, ਘੜੂੰਆਂ ਵਿੱਚ 63, ਡੇਰਾਬੱਸੀ ਵਿੱਚ 115, ਖਰੜ ਵਿੱਚ 130 ਅਤੇ ਢਕੋਲੀ ਵਿੱਚ 201 ਵਿਅਕਤੀ ਕਰੋਨਾ ਤੋਂ ਪੀੜਤ ਪਾਏ ਗਏ ਹਨ।
ਪੰਚਕੂਲਾ (ਪੱਤਰ ਪ੍ਰੇਰਕ): ਪੰਚਕੂਲਾ ਵਿੱਚ ਅੱਜ 242 ਨਵੇਂ ਕਰੋਨਾ ਪਾਜੇਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ। ਇਸ ਤੋਂ ਇਲਾਵਾ ਪੰਚਕੂਲਾ ਜ਼ਿਲ੍ਹੇ ਵਿੱਚ 3 ਮੌਤਾਂ ਕਰੋਨਾ ਕਾਰਨ ਹੋਈਆਂ ਹਨ। ਪੰਚਕੂਲਾ ਦੀ ਸਿਵਲ ਸਰਜਨ ਡਾ: ਜਸਜੀਤ ਕੌਰ ਵੱਲੋਂ ਇਸ ਗੱਲ ਦੀ ਪੁਸ਼ਟੀ ਕੀਤੀ ਗਈ।
ਰੂਪਨਗਰ (ਪੱਤਰ ਪ੍ਰੇਰਕ): ਜ਼ਿਲ੍ਹੇ ਵਿੱਚ ਅੱਜ 159 ਹੋਰ ਵਿਅਕਤੀ ਕਰੋਨਾ ਪਾਜ਼ੇਟਿਵ ਪਾਏ ਗਏ ਜਦੋਂ ਕਿ ਦੋ ਵਿਅਕਤੀਆਂ ਦੀ ਕਰੋਨਾ ਕਾਰਨ ਮੌਤ ਹੋ ਗਈ। ਰੂਪਨਗਰ ਦੇ ਸਿਵਲ ਸਰਜਨ ਡਾ. ਦਵਿੰਦਰ ਕੁਮਾਰ ਢਾਂਡਾ ਨੇ ਦੱਸਿਆ ਕਿ ਅੱਜ ਮੋਰਿੰਡਾ ਤਹਿਸੀਲ ਦੇ ਪਿੰਡ ਕਜੌਲੀ ਦੀ 60 ਸਾਲਾ ਔਰਤ ਅਤੇ ਸ੍ਰੀ ਆਨੰਦਪੁਰ ਸਾਹਿਬ ਤਹਿਸੀਲ ਦੇ ਪਿੰਡ ਨੂਰਪੁਰ ਖੁਰਦ ਦੇ 75 ਸਾਲਾ ਵਿਅਕਤੀ ਦੀ ਕਰੋਨਾ ਕਾਰਨ ਮੌਤ ਹੋ ਗਈ।
ਫ਼ਤਹਿਗੜ੍ਹ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਮਹਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕਰੋਨਾ ਕਾਰਨ ਅੱਜ 4 ਵਿਅਕਤੀਆਂ ਦੀ ਮੌਤ ਹੋ ਗਈ ਹੈ ਜਦੋਂਕਿ 98 ਨਵੇਂ ਮਾਮਲੇ ਸਾਹਮਣੇ ਆਏ ਹਨ।