ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 31 ਅਗਸਤ
ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਪਿਛਲੇ ਕਈ ਸਾਲਾਂ ਤੋਂ ਇਕ ਕੁਰਸੀ ’ਤੇ ਬੈਠ ਕੇ ਕੰਮ ਕਰਨ ਵਾਲਿਆਂ ਦੀ ਖੈਰ ਨਹੀਂ ਹੈ, ਯੂਟੀ ਪ੍ਰਸ਼ਾਸਨ ਅਜਿਹੇ ਅਧਿਕਾਰੀਆਂ ਦੇ ਜਲਦ ਹੀ ਤਬਾਦਲੇ ਕਰਨ ਜਾ ਰਿਹਾ ਹੈ। ਇਸ ਲਈ ਯੂਟੀ ਦੇ ਡਿਪਟੀ ਕਮਿਸ਼ਨਰ ਵਿਨੈ ਪ੍ਰਤਾਪ ਸਿੰਘ ਡਿਪਟੀ ਕਮਿਸ਼ਨਰ ਦਫ਼ਤਰ ਨਾਲ ਸਬੰਧਤ ਮਿਲਖ ਵਿਭਾਗ, ਬਿਲਡਿੰਗ ਬ੍ਰਾਂਚ, ਸਬ ਰਜਿਸਟਰਾਰ ਦਫ਼ਤਰ ਅਤੇ ਹੋਰਨਾਂ ਵਿਭਾਗਾਂ ਵਿੱਚ ਤਿੰਨ ਸਾਲਾਂ ਤੋਂ ਲਗਾਤਾਰ ਇਕ ਕੁਰਸੀ ’ਤੇ ਕੰਮ ਕਰਨ ਵਾਲੇ ਅਧਿਕਾਰੀਆਂ ਦਾ ਰਿਕਾਰਡ ਮੰਗ ਲਿਆ ਹੈ। ਇਸ ਤੋਂ ਬਾਅਦ ਲੰਬੇ ਸਮੇਂ ਤੋਂ ਇਕ ਵਿਭਾਗ ਵਿੱਚ ਕੰਮ ਕਰਨ ਵਾਲਿਆਂ ਨੂੰ ਬਦਲਿਆ ਜਾਵੇਗਾ। ਜਾਣਕਾਰੀ ਅਨੁਸਾਰ ਭ੍ਰਿਸ਼ਟਾਚਾਰ ਅਤੇ ਕੰਮ ਵਿੱਚ ਦੇਰੀ ਦੀਆਂ ਸ਼ਿਕਾਇਤਾਂ ਪ੍ਰਸ਼ਾਸਨਿਕ ਅਧਿਕਾਰੀਆਂ ਕੋਲ ਪਹੁੰਚ ਰਹੀਆਂ ਹਨ। ਡਿਪਟੀ ਕਮਿਸ਼ਨਰ ਵਿਨੈ ਪ੍ਰਤਾਪ ਸਿੰਘ ਨੇ ਵੱਖ-ਵੱਖ ਵਿਭਾਗ ਦਾ ਰਿਕਾਰਡ ਮੰਗਵਾ ਲਿਆ ਹੈ ਤਾਂ ਜੋ ਲੰਬੇ ਸਮੇਂ ਤੋਂ ਇਕ ਸੀਟ ’ਤੇ ਕੰਮ ਕਰਨ ਵਾਲਿਆਂ ਨੂੰ ਬਦਲਿਆ ਜਾ ਸਕੇ।