ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 24 ਨਵੰਬਰ
ਜੰਗਲਾਤ ਵਿਭਾਗ ਵਿੱਚ ਪਿਛਲੇ ਕਾਫ਼ੀ ਸਮੇਂ ਤੋਂ ਨਿਗੂਣੀਆਂ ਤਨਖ਼ਾਹਾਂ ’ਤੇ ਕੰਮ ਕਰਦੇ ਕੱਚੇ ਕਾਮਿਆਂ ਨੂੰ ਜਲਦੀ ਹੀ ਪੱਕੇ ਹੋਣ ਦੀ ਆਸ ਬੱਝੀ ਗਈ ਹੈ। ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਜਥੇਦਾਰ ਅਮਰੀਕ ਸਿੰਘ ਗੜ੍ਹਸ਼ੰਕਰ, ਸੂਬਾ ਜਨਰਲ ਸਕੱਤਰ ਜਸਵੀਰ ਸਿੰਘ ਸ਼ੀਰਾ, ਵਿੱਤ ਸਕੱਤਰ ਸ਼ਿਵ ਕੁਮਾਰ ਰੂਪਨਗਰ ਦੀ ਅਗਵਾਈ ਹੇਠ ਅੱਜ ਵਣ ਵਿਭਾਗ ਵਿੱਚ ਕੰਮ ਕਰਦੇ ਕਰਮਚਾਰੀਆਂ ਦੀਆਂ ਹੱਕੀ ਮੰਗਾਂ ਸਬੰਧੀ ਪ੍ਰਧਾਨ ਮੁੱਖ ਵਣਪਾਲ ਪ੍ਰਵੀਨ ਕੁਮਾਰ ਨਾਲ ਮੀਟਿੰਗ ਹੋਈ। ਮੁੱਖ ਵਣ ਪਾਲ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਵਣ ਵਿਭਾਗ ਵਿੱਚ ਕੰਮ ਕਰਦੇ ਕੱਚੇ ਕਰਮਚਾਰੀਆਂ ਦੀ ਸੀਨੀਅਰਤਾ ਸੂਚੀ ’ਚੋਂ ਬਾਹਰ ਰਹਿੰਦੇ ਵਰਕਰਾਂ ਦੇ ਰਿਕਾਰਡ ਸਬੰਧੀ ਵਿਸ਼ੇਸ਼ ਕਮੇਟੀ ਬਣਾ ਕੇ ਤਿੰਨ ਦਿਨਾਂ ਵਿੱਚ ਰਿਪੋਰਟ ਪੇਸ਼ ਕਰਨ ਨੂੰ ਕਿਹਾ ਗਿਆ ਹੈ। ਅਧਿਕਾਰੀ ਨੇ ਕਿਹਾ ਕਿ ਵਣ ਵਿਭਾਗ ਵਿੱਚ 10 ਸਾਲ ਦੀ ਸੇਵਾ ਪੂਰੀ ਕਰਦੇ ਕੱਚੇ ਕਾਮੇ ਬਿਨਾਂ ਸ਼ਰਤ ਪੱਕੇ ਕੀਤੇ ਜਾਣਗੇ। ਯੂਨੀਅਨ ਆਗੂਆਂ ਨੇ ਕਿਹਾ ਕਿ ਜੇ ਮੀਟਿੰਗ ਵਿੱਚ ਮੰਨੀਆਂ ਮੰਗਾਂ ਹਫ਼ਤੇ ਵਿੱਚ ਲਾਗੂ ਨਾ ਹੋਈਆਂ ਤਾਂ ਟਾਂਡਾ ਵਿੱਚ ਧਰਨਾ ਸ਼ੁਰੂ ਕੀਤਾ ਜਾਵੇਗਾ।