ਮੁਕੇਸ਼ ਕੁਮਾਰ
ਚੰਡੀਗੜ੍ਹ, 11 ਅਪਰੈਲ
ਇੱਥੋਂ ਦੇ ਮੇਅਰ ਰਵੀ ਕਾਂਤ ਸ਼ਰਮਾ ‘ਤੇ ਨਗਰ ਨਿਗਮ ਵਿੱਚ ਵਾਹਨ ਚਾਲਕਾਂ ਦੀ ਭਰਤੀ ਨੂੰ ਲੈ ਕੇ ਵਿਰੋਧੀ ਧਿਰ ਕਾਂਗਰਸ ਵੱਲੋਂ ਭ੍ਰਿਸ਼ਟਾਚਾਰ ਦੇ ਦੋਸ਼ ਲਗਾਉਣ ਦਾ ਸਿਲਸਿਲਾ ਜਾਰੀ ਹੈ। ਨਗਰ ਨਿਗਮ ਵਿੱਚ ਵਿਰੋਧੀ ਧਿਰ ਕਾਂਗਰਸ ਪਾਰਟੀ ਦੇ ਕੌਂਸਲਰਾਂ ਤੋਂ ਬਾਅਦ ਅੱਜ ਚੰਡੀਗੜ੍ਹ ਕਾਂਗਰਸ ਦੇ ਸਾਬਕਾ ਪ੍ਰਧਾਨ ਪ੍ਰਦੀਪ ਛਾਬੜਾ ਨੇ ਚੰਡੀਗੜ੍ਹ ਦੇ ਮੇਅਰ ਰਵੀ ਕਾਂਤ ਸ਼ਰਮਾ ਤੇ ਨਿਗਮ ਵਿੱਚ ਡਰਾਈਵਰਾਂ ਦੀ ਭਰਤੀ ਨੂੰ ਲੈ ਕੇ ਭ੍ਰਿਸ਼ਟਾਚਾਰ ਦਾ ਦੋਸ਼ ਲਗਾ ਕੇ ਉਨ੍ਹਾਂ ਤੋਂ ਅਸਤੀਫੇ ਦੀ ਮੰਗ ਕੀਤੀ ਹੈ।
ਸ੍ਰੀ ਛਾਬੜਾ ਦੇ ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਦੱਸਿਆ ਕਿ ਨਗਰ ਨਿਗਮ ਵੱਲੋਂ ਸ਼ਹਿਰ ਵਿੱਚ ਡੋਰ ਟੂ ਡੋਰ ਗਾਰਬੇਜ ਕੁਲੈਕਸ਼ਨ ਯੋਜਨਾ ਲਾਗੂ ਕਰਨ ਲਈ ਲਗਾਏ ਗਏ ਵਾਹਨਾਂ ਲਈ ਡਰਾਈਵਰਾਂ ਦੀ ਭਰਤੀ ਦੀ ਪ੍ਰਕਿਰਿਆ ਚਲ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਇਨ੍ਹਾਂ ਭਰਤੀਆਂ ਨੂੰ ਲੈ ਕੇ ਨਿਗਮ ਦੇ ਨਿਯਮਾਂ ਨੂੰ ਛਿੱਕੇ ਟੰਗ ਕੇ ਭ੍ਰਿਸ਼ਟਾਚਾਰ ਭਾਰੂ ਹੈ। ਇਸ ਬਾਰੇ ਉਨ੍ਹਾਂ ਆਪਣੇ ਬਿਆਨ ਵਿੱਚ ਕਿਹਾ ਕਿ ਲੰਘੇ ਦਿਨਾਂ ਮੇਅਰ ਰਵੀ ਕਾਂਤ ਸ਼ਰਮਾ ਵੱਲੋਂ ਨਿਗਮ ਕਮਿਸ਼ਨਰ ਨੂੰ ਇਨ੍ਹਾਂ ਡਰਾਈਵਰਾਂ ਦੀ ਭਰਤੀ ਨੂੰ ਲੈ ਕੇ ਇੱਕ ਸੂਚੀ ਭੇਜੀ ਗਈ ਸੀ ਜਿਸ ਵਿੱਚ ਸ਼ਾਮਲ ਲੋਕਾਂ ਨੂੰ ਇਨ੍ਹਾਂ ਭਰਤੀਆਂ ਵਿੱਚ ਤਰਜੀਹ ਦੇਣ ਦੀ ਗੱਲ ਕਹੀ ਗਈ ਸੀ ਅਤੇ ਇਸ ਸੂਚੀ ਬਾਰੇ ਪੂਰੇ ਸ਼ਹਿਰ ਵਿੱਚ ਹੰਗਾਮਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਡਰਾਈਵਰਾਂ ਦੀ ਭਰਤੀ ਨੂੰ ਲੈ ਕੇ ਪਾਰਦਰਸ਼ਿਤਾ ਨਹੀਂ ਵਰਤੀ ਜਾ ਰਹੀ ਅਤੇ ਪੂਰੇ ਮਾਮਲੇ ਵਿੱਚੋਂ ਭ੍ਰਿਸ਼ਟਾਚਾਰ ਦੀ ਬੋਅ ਆ ਰਹੀ ਹੈ।
ਕਾਂਗਰਸ ਦੇ ਸਾਬਕਾ ਪ੍ਰਧਾਨ ਪ੍ਰਦੀਪ ਛਾਬੜਾ ਨੇ ਮੰਗ ਕੀਤੀ ਕਿ ਇਸਤੋਂ ਪਹਿਲਾਂ 112 ਡਰਾਈਵਰਾਂ ਦੀਆਂ ਭਰਤੀਆਂ ਦੀ ਵੀ ਜਾਂਚ ਹੋਣੀ ਚਾਹੀਦੀ ਹੈ। ਪ੍ਰਦੀਪ ਛਾਬੜਾ ਨੇ ਚੰਡੀਗੜ੍ਹ ਪ੍ਰਸ਼ਾਸਕ ਨੂੰ ਮੇਅਰ ਰਵੀ ਕਾਂਤ ਸ਼ਰਮਾਂ ਨੂੰ ਤੁਰੰਤ ਮੇਅਰ ਦੇ ਅਹੁਦੇ ਤੋਂ ਬਰਖਾਸਤ ਕਰਨ ਅਤੇ ਭਰਤੀ ਘੁਟਾਲੇ ਤੇ ਹੋਰ ਦੋਸ਼ਾਂ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਇਸ ਤੋਂ ਪਹਿਲਾਂ ਵੀ ਉਨ੍ਹਾਂ ’ਤੇ ਦੋਸ਼ ਲੱਗ ਚੁੱਕੇ ਹਨ।
ਦੂਜੇ ਪਾਸੇ ਮੇਅਰ ਰਵੀ ਕਾਂਤ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਡਰਾਈਵਰਾਂ ਦੀ ਭਰਤੀ ਲਈ ਨਿਗਮ ਕਮਿਸ਼ਨਰ ਨੂੰ ਕੋਈ ਸੂਚੀ ਨਹੀਂ ਭੇਜੀ ਗਈ। ਉਨ੍ਹਾਂ ’ਤੇ ਲਗਾਏ ਗਏ ਦੋਸ਼ ਰਾਜਨੀਤੀ ਤੋਂ ਪ੍ਰੇਰਿਤ ਹਨ।