ਫ਼ਿਲਮ ‘ਐਮਰਜੈਂਸੀ’ ਦਾ ਰਿਲੀਜ਼ ਹੋਣਾ ਮੰਦਭਾਗਾ: ਜਥੇਦਾਰ ਸੁਲਤਾਨ ਸਿੰਘ
ਸ੍ਰੀ ਆਨੰਦਪੁਰ ਸਾਹਿਬ(ਪੱਤਰ ਪ੍ਰੇਰਕ): ਸੈਂਸਰ ਬੋਰਡ ਵੱਲੋਂ ਪ੍ਰਵਾਨਗੀ ਦਿੱਤੇ ਜਾਣ ਤੋਂ ਬਾਅਦ ਅਦਾਕਾਰਾ ਤੇ ਭਾਜਪਾ ਦੀ ਮੈਂਬਰ ਪਾਰਲੀਮੈਂਟ ਕੰਗਨਾ ਰਣੌਤ ਦੀ ਫ਼ਿਲਮ ਐਮਰਜੈਂਸੀ ਰਿਲੀਜ਼ ਕੀਤੀ ਗਈ ਹੈ ਪ੍ਰੰਤੂ ਇਸ ਫ਼ਿਲਮ ਦਾ ਪੰਜਾਬ ਅੰਦਰ ਵਿਰੋਧ ਸ਼ੁਰੂ ਹੋ ਚੁੱਕਾ ਹੈ। ਜਿੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਫ਼ਿਲਮ ਰਿਲੀਜ਼ ਹੋਣ ’ਤੇ ਆਪਣਾ ਇਤਰਾਜ਼ ਪਹਿਲਾਂ ਹੀ ਜਿਤਾਇਆ ਜਾ ਚੁੱਕਿਆ ਹੈ, ਉੱਥੇ ਹੀ ਹੁਣ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੇ ਕਿਹਾ ਹੈ ਕਿ ਸਿੱਖ ਕੌਮ ਦੇ ਵਿਰੋਧ ਦੇ ਬਾਵਜੂਦ ਜਾਣ ਬੁੱਝ ਕੇ ਇਸ ਫਿਲਮ ਨੂੰ ਸੈਂਸਰ ਬੋਰਡ ਵੱਲੋਂ ਪਾਸ ਕਰਕੇ ਰਿਲੀਜ਼ ਕੀਤਾ ਗਿਆ ਹੈ ਅਤੇ ਇਸ ਫ਼ਿਲਮ ਦਾ ਰਿਲੀਜ਼ ਕੀਤਾ ਜਾਣਾ ਬੇਹਦ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਇੱਕ ਸੋਚੀ ਸਮਝੀ ਸਾਜ਼ਿਸ਼ ਦੇ ਤਹਿਤ ਸਿੱਖਾਂ ਦੇ ਅਕਸ ਨੂੰ ਖਰਾਬ ਕਰਨ ਲਈ ਅਤੇ ਵੱਖ-ਵੱਖ ਫਿਰਕਿਆਂ ਵਿੱਚ ਵਖਰੇਵੇਂ ਖੜ੍ਹੇ ਕਰਨ ਦੇ ਮੰਤਵ ਨਾਲ ਇਸ ਫਿਲਮ ਨੂੰ ਰਿਲੀਜ਼ ਕੀਤਾ ਗਿਆ ਹੈ। ਜਥੇਦਾਰ ਸੁਲਤਾਨ ਸਿੰਘ ਨੇ ਕਿਹਾ ਕਿ ਸੈਂਸਰ ਬੋਰਡ ਅਤੇ ਸਰਕਾਰਾਂ ਨੂੰ ਸਿੱਖਾਂ ਦੀਆਂ ਭਾਵਨਾਵਾਂ ਨੂੰ ਸਮਝਦੇ ਹੋਏ ਇਸ ਫ਼ਿਲਮ ਦੇ ਪ੍ਰਦਰਸ਼ਨ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿੱਖ ਕਲਾ ਅਤੇ ਕਲਾਕਾਰਾਂ ਦਾ ਹਮੇਸ਼ਾ ਸਨਮਾਨ ਕਰਦੇ ਹਨ ਪ੍ਰੰਤੂ ਜੇ ਜਾਣ ਬੁੱਝ ਕੇ ਇੱਕ ਸਾਜ਼ਿਸ਼ ਤਹਿਤ ਸਿੱਖਾਂ ਦੇ ਅਕਸ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾਵੇ ਫਿਰ ਇਹ ਸਿੱਖਾਂ ਨੂੰ ਕਦੇ ਵੀ ਬਰਦਾਸ਼ਤ ਨਹੀਂ ਹੋਵੇਗਾ।