ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 1 ਮਈ
ਸਿੱਖ ਕਤਲੇਆਮ ਪੀੜਤ ਵੈੱਲਫੇਅਰ ਸੁਸਾਇਟੀ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਭਾਟੀਆ ਅਤੇ ਸੀਨੀਅਰ ਮੀਤ ਪ੍ਰਧਾਨ ਹਰਜੀਤ ਸਿੰਘ ਨੇ ਐਲਾਨ ਕੀਤਾ ਹੈ ਕਿ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਭਰ ਵਿੱਚ ਕਾਂਗਰਸੀ ਉਮੀਦਵਾਰਾਂ ਦਾ ਵਿਰੋਧ ਕੀਤਾ ਜਾਵੇਗਾ ਅਤੇ ਕਾਂਗਰਸ ਖ਼ਿਲਾਫ਼ ਕੂੜ ਪ੍ਰਚਾਰ ਕੀਤਾ ਜਾਵੇਗਾ। ਉਹ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।
ਇਨ੍ਹਾਂ ਆਗੂਆਂ ਨੇ ਕਾਂਗਰਸ ਪਾਰਟੀ ’ਤੇ ਸ੍ਰੀ ਹਰਿਮੰਦਰ ਸਾਹਿਬ ’ਤੇ ਹਮਲਾ ਕਰਵਾ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਢਹਿ-ਢੇਰੀ ਕਰਵਾਉਣ ਅਤੇ ਨਵੰਬਰ 1984 ਵਿੱਚ ਸਿੱਖਾਂ ਦਾ ਸ਼ਰੇਆਮ ਕਤਲੇਆਮ ਕਰਵਾਉਣ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਭਾਵੇਂ ਕਿ ਇਨ੍ਹਾਂ ਹਾਦਸਿਆਂ ਨੂੰ ਲੰਬਾ ਅਰਸਾ ਬੀਤ ਚੁੱਕਾ ਹੈ ਪ੍ਰੰਤੂ ਸਿੱਖਾਂ ਅਤੇ ਦੰਗਾ ਪੀੜਤ ਪਰਿਵਾਰਾਂ ਦੇ ਜ਼ਖ਼ਮ ਹਾਲੇ ਵੀ ਅੱਲੇ ਹਨ। ਸ੍ਰੀ ਭਾਟੀਆ ਨੇ ਕਿਹਾ ਕਿ ਕਿਹਾ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਵੱਲੋਂ ਚੋਣ ਪ੍ਰਚਾਰ ਦੌਰਾਨ ਕਾਂਗਰਸ ਦੇ ਚੋਣ ਨਿਸ਼ਾਨ ਪੰਜੇ ਦੀ ਤੁਲਨਾ ਗੁਰੂ ਨਾਨਕ ਦੇਵ ਦੇ ਪੰਜੇ ਨਾਲ ਕੀਤੀ ਜਾ ਰਹੀ ਹੈ। ਹੈਰਾਨੀ ਦੀ ਗੱਲ ਹੈ ਕਿ ਕਿਸੇ ਵੀ ਕਾਂਗਰਸੀ ਆਗੂ ਜਾਂ ਵਰਕਰ ਨੇ ਇਸ ਦਾ ਵਿਰੋਧ ਨਹੀਂ ਕੀਤਾ ਸਗੋਂ ਚੁੱਪ ਧਾਰ ਲਈ ਗਈ।