ਸੰਜੀਵ ਤੇਜਪਾਲ
ਮੋਰਿੰਡਾ, 22 ਅਗਸਤ
ਇਲਾਕੇ ਦੇ ਗੰਨਾ ਕਾਸ਼ਤਕਾਰਾਂ ਵਲੋਂ ਆਪਣੀਆਂ ਮੰਗਾਂ ਦੇ ਹੱਕ ਵਿੱਚ ਦੀ ਸਰਕਾਰੀ ਚੀਨੀ ਮਿੱਲ ਮੋਰਿੰਡਾ ਦੇ ਵਿੱਚ ਧਰਨਾ ਦਿੱਤਾ ਗਿਆ। ਇਸ ਵਿੱਚ ਵੱਡੀ ਗਿਣਤੀ ਵਿੱਚ ਗੰਨਾ ਕਾਸ਼ਤਕਾਰਾਂ ਨੇ ਸ਼ਮੂਲੀਅਤ ਕੀਤੀ। ਗੰਨਾ ਕਾਸ਼ਤਕਾਰਾਂ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਕਾਨੂੰਨ ਅਨੁਸਾਰ ਗੰਨੇ ਦੀ ਅਦਾਇਗੀ ਕਿਸਾਨਾਂ ਦੇ ਖਾਤਿਆਂ ਵਿੱਚ 14 ਦਿਨ ਦੇ ਅੰਦਰ-ਅੰਦਰ ਪਾਈ ਜਾਵੇ, ਡੀ-ਲਾਈਨ ਸਖ਼ਤੀ ਨਾਲ ਬੰਦ ਕੀਤੀ ਜਾਵੇ, ਮਿੱਲ ਦੇ ਯਾਰਡ ਨੂੰ ਪੱਕਾ ਕੀਤਾ ਜਾਵੇ ਅਤੇ ਇਸ ਵਿਚ ਟਰਾਲੀਆਂ ਨੰਬਰ ਅਨੁਸਾਰ ਲਗਾਈਆਂ ਜਾਣ, ਕੈਲੰਡਰ ਨਾਲ ਛੇੜਛਾੜ ਨਾ ਕੀਤੀ ਜਾਵੇ ਆਦਿ।
ਬੁਲਾਰਿਆਂ ਨੇ ਦੱਸਿਆ ਕਿ ਅਦਾਲਤ ਵੱਲੋਂ ਮੋਰਿੰਡਾ ਖੰਡ ਮਿੱਲ ਦੇ ਕੁਰਕੀ ਦੇ ਹੁਕਮ ਜਾਰੀ ਕੀਤੇ ਹੋਏ ਹਨ ਪਰ ਮਿੱਲ ਮੈਨੇਜਮੈਂਟ ਅਤੇ ਬੋਰਡ ਆਫ ਡਾਇਰੈਕਟਰਜ਼ ਇਸ ਮਾਮਲੇ ਸਬੰਧੀ ਚੁੱਪ ਧਾਰਨ ਕੀਤੀ ਹੋਈ ਹੈ। ਬੁਲਾਰਿਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕੁਰਕੀ ਦੀ ਕਾਰਵਾਈ ਹੋਣ ਤੋਂ ਪਹਿਲਾਂ ਪਹਿਲਾਂ ਕਿਸਾਨਾਂ ਦੇ ਪੈਸੇ ਉਨ੍ਹਾਂ ਦੇ ਖਾਤਿਆਂ ਵਿੱਚ ਪਾਏ ਜਾਣ।
ਬੁਲਾਰਿਆਂ ਨੇ ਮਿਲ ਮੈਨੇਜਮੈਂਟ ਤੋਂ ਮੰਗ ਕੀਤੀ ਕਿ ਬਾਥਰੂਮਾਂ ਦੀ ਸਫ਼ਾਈ ਲਈ ਕਰਮਚਾਰੀ ਰੱਖਿਆ ਜਾਵੇ, ਜਦੋਂ ਕੋਈ ਮੁਲਾਜ਼ਮ ਸੇਵਾਮੁਕਤ ਹੋ ਜਾਂਦਾ ਹੈ ਤਾਂ ਉਸ ਦੀ ਜਗ੍ਹਾ ਪੰਜਾਬ ਦੇ ਯੋਗ ਨੌਜਵਾਨਾਂ ਨੂੰ ਨੌਕਰੀਆਂ ਦਿਤੀਆਂ ਜਾਣ। ਧਰਨਾਕਾਰੀਆਂ ਨੇ ਮਿਲ ਮੈਨੇਜਮੈਂਟ ਨੂੰ 28 ਅਗਸਤ ਤੱਕ ਮੰਗਾਂ ਨਾ ਮੰਨਣ ’ਤੇ ਸੰਘਰਸ਼ ਦੀ ਚਿਤਾਵਨੀ ਦਿੱਤੀ।
ਇਸ ਮੌਕੇ ਮੰਗ ਪੱਤਰ ਲੈਣ ਆਏ ਮਿੱਲ ਦੇ ਜਨਰਲ ਮੈਨੇਜਰ ਏਕੇ ਤਿਵਾੜੀ ਨੇ ਗੰਨਾ ਕਾਸ਼ਤਕਾਰਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਇਸ ਮਗਰੋਂ ਕਿਸਾਨਾਂ ਨੇ ਧਰਨਾ ਖ਼ਤਮ ਕੀਤਾ।