ਸ਼ਸ਼ੀ ਪਾਲ ਜੈਨ
ਖਰੜ, 20 ਅਕਤੂਬਰ
ਰਿਆਤ ਬਾਹਰਾ ਯੂਨੀਵਰਸਿਟੀ ਦੇ 500 ਤੋਂ ਵੱਧ ਵਿਦਿਆਰਥੀਆਂ ਨੂੰ ਅੱਜ ਇੱਥੇ ਯੂਨੀਵਰਸਿਟੀ ਦੀ ਸਾਲਾਨਾ ਕਾਨਵੋਕੇਸ਼ਨ ਦੌਰਾਨ ਡਿਗਰੀਆਂ ਵੰਡੀਆਂ ਗਈਆਂ। ਇਸ ਦੌਰਾਨ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਦਿਆਰਥੀਆਂ ਨੂੰ ਆਪਣੇ ਗਿਆਨ ਅਤੇ ਹੁਨਰ ਨੂੰ ਦ੍ਰਿੜਤਾ ਨਾਲ ਸਮਾਜ ਦੀ ਸੇਵਾ ਅਤੇ ਬਿਹਤਰੀ ਲਈ ਵਰਤਣ ਲਈ ਪ੍ਰੇਰਿਤ ਕੀਤਾ।
ਉਨ੍ਹਾਂ ਡਿਗਰੀਆਂ ਪ੍ਰਾਪਤ ਕਰਨ ਵਾਲੇ ਸਮੂਹ ਵਿਦਿਆਰਥੀਆਂ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਰਿਆਤ ਬਾਹਰਾ ਯੂਨੀਵਰਸਿਟੀ ਦੇ ਚਾਂਸਲਰ ਅਤੇ ਰਿਆਤ ਬਾਹਰਾ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਚੇਅਰਮੈਨ ਗੁਰਵਿੰਦਰ ਸਿੰਘ ਬਾਹਰਾ ਨੇ ਇਸ ਮੌਕੇ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਵਾਈਸ ਚਾਂਸਲਰ ਡਾ. ਪਰਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਸਕਿੱਲ ਇੰਡੀਆ, ਮੇਕ ਇਨ ਇੰਡੀਆ ਅਤੇ ਡਿਜੀਟਲ ਇੰਡੀਆ ਦੇ ਸੁਪਨਮਈ ਪ੍ਰਾਜੈਕਟਾਂ ਵਿੱਚ ਸਰਗਰਮ ਭਾਗੀਦਾਰ ਬਣਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਇਹ ਇੱਕ ਵਿਦਿਆਰਥੀ ਦੇ ਜੀਵਨ ਦਾ ਯਾਦਗਾਰੀ ਦਿਨ ਹੁੰਦਾ ਹੈ, ਜਦੋਂ ਉਸ ਨੂੰ ਡਿਗਰੀ ਪ੍ਰਦਾਨ ਕੀਤੀ ਜਾਂਦੀ ਹੈ।
ਉਨ੍ਹਾਂ ਕਿਹਾ ਕਿ ਸਿੱਖਿਆ ਦਾ ਅੰਤਿਮ ਟੀਚਾ ਬੁੱਧੀ ਦੇ ਉੱਚ ਪੱਧਰ ਦੀ ਪ੍ਰਾਪਤੀ ਹੈ ਅਤੇ ਰਿਆਤ ਬਾਹਰਾ ਯੂਨੀਵਰਸਿਟੀ ਨੂੰ ਇਸ ਸਮਾਜਿਕ ਤਬਦੀਲੀ ਨੂੰ ਲਿਆਉਣ ਵਿੱਚ ਮਾਣ ਪ੍ਰਾਪਤ ਹੈ। ਇਸ ਮੌਕੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਰਵਿੰਦਰ ਸਿੰਘ ਅਤੇ ਰਿਆਤ ਬਾਹਰਾ ਯੂਨੀਵਰਸਿਟੀ ਦੇ ਸੀਨੀਅਰ ਅਹੁਦੇਦਾਰ ਵੀ ਹਾਜ਼ਰ ਸਨ।
ਪੀਯੂ ਦੇ ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ
ਚੰਡੀਗੜ੍ਹ (ਕੁਲਦੀਪ ਸਿੰਘ): ਪੀਯੂ ਦੇ ਯੂਨੀਵਰਸਿਟੀ ਇੰਸਟੀਚਿਊਟ ਆਫ਼ ਫਾਰਮਾਸਿਊਟੀਕਲ ਸਾਇੰਸਜ਼ (ਯੂਆਈਪੀਐੱਸ) ਵੱਲੋਂ ਅੱਜ ਕਾਨਵੋਕੇਸ਼ਨ ਕਰਵਾਈ ਗਈ। ਇਸ ਦੌਰਾਨ ਬੀ.ਫਾਰਮਾ ਅਤੇ ਐੱਮ ਫਾਰਮਾ ਦੇ ਲਗਭਗ 135 ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ ਗਈਆਂ। ਪੰਜਾਬ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਦੇ ਆਡੀਟੋਰੀਅਮ ਵਿੱਚ ਵਾਈਸ ਚਾਂਸਲਰ ਪ੍ਰੋ. ਰਾਜ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ ਇਸ ਕਾਨਵੋਕੇਸ਼ਨ ਵਿੱਚ ਇੰਸਟੀਚਿਊਟ ਦੇ ਸਾਬਕਾ ਵਿਦਿਆਰਥੀ ਅਤੇ ਕੇਰਲਾ ਦੀ ਪ੍ਰਾਈਵੇਟ ਕੰਪਨੀ ਆਊਰੀਆ ਬਾਇਓਲੈਬਸ ਦੇ ਸੀਈਓ ਡਾ. ਮਨੀਸ਼ ਗਰੋਵਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।