ਆਤਿਸ਼ ਗੁਪਤਾ
ਚੰਡੀਗੜ੍ਹ, 10 ਜੁਲਾਈ
ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਵਿੱਚ ਪਿਛਲੇ ਕਈ ਦਿਨਾਂ ਤੋਂ ਪੈ ਰਹੇ ਮੀਂਹ ਕਾਰਨ ਇੱਥੇ ਸਥਿਤ ਸੁਖਨਾ ਝੀਲ ਵਿੱਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਸਿਰਫ਼ ਡੇਢ ਫੁੱਟ ਹੇਠਾਂ ਤੱਕ ਰਹਿ ਗਿਆ ਹੈ। ਝੀਲ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਸਹਿਮ ਦਾ ਮਾਹੌਲ ਹੈ। ਯੂਟੀ ਪ੍ਰਸ਼ਾਸਨ ਨੇ ਇੰਜਨੀਅਰਿੰਗ ਵਿਭਾਗ ਦੇ ਅਧਿਕਾਰੀਆਂ ਨੂੰ 24 ਘੰਟੇ ਮੁਸਤੈਦ ਰਹਿਣ ਦੇ ਆਦੇਸ਼ ਦਿੱਤੇ ਹਨ। ਇਸ ਸਮੇਂ ਸੁਖਨਾ ਝੀਲ ਵਿੱਚ ਪਾਣੀ 1161.5 ਫੁੱਟ ਦੇ ਕਰੀਬ ਹੈ ਜਦਕਿ ਖ਼ਤਰੇ ਦਾ ਨਿਸ਼ਾਨ 1163 ਫੁੱਟ ’ਤੇ ਹੈ।
ਗੌਰਤਲਬ ਹੈ ਕਿ ਇਸ ਸਾਲ ਮਾਰਚ, ਅਪਰੈਲ ਅਤੇ ਮਈ ਮਹੀਨੇ ਵਿੱਚ ਮੀਂਹ ਨਾ ਪੈਣ ਕਾਰਨ ਜੂਨ ਮਹੀਨੇ ਵਿੱਚ ਸੁਖਨਾ ਝੀਲ ਵਿੱਚ ਪਾਣੀ ਦਾ ਪੱਧਰ ਲੋੜ ਨਾਲੋਂ ਹੇਠਾਂ ਚਲਾ ਗਿਆ ਸੀ। ਜੂਨ ਮਹੀਨੇ ਦੇ ਪਹਿਲੇ ਹਫ਼ਤੇ ਸੁਖਨਾ ਝੀਨ ਵਿੱਚ ਪਾਣੀ ਦਾ ਪੱਧਰ 1150 ਫੁੱਟ ਦੇ ਕਰੀਬ ਪਹੁੰਚ ਗਿਆ ਸੀ ਪਰ 30 ਜੂਨ ਨੂੰ ਸ਼ਹਿਰ ਵਿੱਚ ਮੌਨਸੂਨ ਦੇ ਦਸਤਕ ਦੇਣ ਨਾਲ ਮੁੜ ਸੁਖਨਾ ਝੀਲ ਵਿੱਚ ਪਾਣੀ ਵਧਣਾ ਸ਼ੁਰੂ ਹੋ ਗਿਆ।
ਮੌਨਸੂਨ ਦੇ ਪਹਿਲੇ ਹਫ਼ਤੇ ਵਿੱਚ ਪਏ ਮੀਂਹ ਕਰਕੇ ਸੁਖਨਾ ਝੀਲ ਵਿੱਚ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਵੱਲ ਵਧਦਾ ਜਾ ਰਿਹਾ ਹੈ। ਪਿਛਲੇ 72 ਘੰਟੇ ਤੋਂ ਲਗਾਤਾਰ ਮੀਂਹ ਪੈਣ ਕਰਕੇ ਸੁਖਨਾ ਝੀਲ ਵਿੱਚ ਤਿੰਨ ਤੋਂ ਚਾਰ ਫੁੱਟ ਪਾਣੀ ਵਧ ਗਿਆ ਹੈ। ਜੇਕਰ ਇਸੇ ਤਰ੍ਹਾਂ ਮੀਂਹ ਪੈਂਦਾ ਰਿਹਾ ਤਾਂ ਜਲਦ ਹੀ ਸੁਖਨਾ ਝੀਲ ਵਿੱਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੱਕ ਪਹੁੰਚਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ ਅਤੇ ਪਾਣੀ ਵਧਣ ’ਤੇ ਯੂਟੀ ਪ੍ਰਸ਼ਾਸਨ ਨੂੰ ਸੁਖਨਾ ਝੀਲ ’ਤੇ ਬਣਾਏ ਹੜ ਵਾਲੇ ਗੇਟ ਖੋਲ੍ਹਣੇ ਪੈ ਸਕਦੇ ਹਨ ਜਿਸ ਦਾ ਪਾਣੀ ਸੁਖਨਾ ਚੋਅ ਰਾਹੀਂ ਛੱਡਿਆ ਜਾਵੇਗਾ। ਜਾਣਕਾਰੀ ਅਨੁਸਾਰ ਸੁਖਨਾ ਝੀਲ ਦੇ ਨਜ਼ਦੀਕ ਸਥਿਤ ਪਿੰਡ ਕਾਂਸਲ ਅਤੇ ਸਕੇਤੜੀ ਵਿੱਚੋਂ ਲੰਘਦੀ ਨਹਿਰਾਂ ਦਾ ਬਰਸਾਤੀ ਪਾਣਾ ਸੁਖਨਾ ਝੀਲ ਵਿੱਚ ਆ ਕੇ ਮਿਲਦਾ ਹੈ ਅਤੇ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਪੈ ਰਹੇ ਮੀਂਹ ਕਰਕੇ ਸੁਖਨਾ ਝੀਲ ਦਾ ਪਾਣੀ ਵਧ ਗਿਆ ਹੈ। ਦਸ ਦਿਨ ਪਹਿਲਾਂ ਸੁਖਨਾ ਝੀਲ ਵਿੱਚ ਪਾਣੀ ਦਾ ਪੱਧਰ 1154-55 ਫੁੱਟ ਸੀ, ਪਰ ਲਗਾਤਾਰ ਪੈ ਰਹੇ ਮੀਂਹ ਕਾਰਨ ਝੀਲ ਵਿੱਚ ਪਾਣੀ ਦਾ ਪੱਧਰ ਵਧ ਕੇ 1161.5 ਫੁੱਟ ’ਤੇ ਪਹੁੰਚ ਗਿਆ ਹੈ।
ਯੂਟੀ ਪ੍ਰਸ਼ਾਸਨ ਦੇ ਇੰਜਨੀਅਰਿੰਗ ਵਿਭਾਗ ਨੇ ਫਲੱਡ ਗੇਟਾਂ ਦੇ ਨਜ਼ਦੀਕ 24 ਘੰਟੇ ਨਿਗਰਾਨੀ ਲਈ ਪ੍ਰਬੰਧ ਕਰ ਲਏ ਹਨ। ਇਸ ਤੋਂ ਪਹਿਲਾਂ ਸਾਲ 2021 ਵਿੱਚ ਵੀ ਪਾਣੀ ਵਧਣ ਕਰਕੇ ਫਲੱਡ ਗੇਟ ਖੋਲ੍ਹੇ ਗਏ ਸਨ, ਉਸ ਸਮੇਂ ਪ੍ਰਸ਼ਾਸਨ ਨੇ ਮੁਸਤੈਦੀ ਨਾਲ ਇੱਕ ਵਾਰ ਦੀ ਥਾਂ ਹੌਲੀ-ਹੌਲੀ ਕਰਕੇ ਚਾਰ ਤੋਂ ਪੰਜ ਵਾਰ ਗੇਟ ਖੋਲ੍ਹੇ ਸਨ। ਦੱਸਣਯੋਗ ਹੈ ਕਿ ਸਾਲ 2019 ਵਿੱਚ ਵੀ ਪਾਣੀ ਖ਼ਤਰੇ ਦੇ ਨਿਸ਼ਾਨ ਤੱਕ ਪਹੁੰਚ ਗਿਆ ਸੀ ਪਰ ਫਲੱਡ ਗੇਟ ਖੋਲ੍ਹਣ ਦੀ ਲੋੜ ਨਹੀਂ ਸੀ ਪਈ। ਇਸ ਤੋਂ ਪਹਿਲਾਂ ਸਾਲ 2018 ਵਿੱਚ ਸੁਖਨਾ ਝੀਲ ਵਿੱਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਪਹੁੰਚਣ ਕਾਰਨ 2-3 ਘੰਟੇ ਫਲੱਡ ਗੇਟ ਖੋਲ੍ਹੇ ਗਏ ਸਨ ਜਦਕਿ ਇਸ ਤੋਂ ਪਹਿਲਾਂ ਸਾਲ 2008 ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਗੇਟ ਖੋਲ੍ਹੇ ਗਏ ਸਨ।
ਸਿਟੀ ਬਿਊਟੀਫੁੱਲ ’ਚ 62.3 ਐੱਮਐੱਮ ਮੀਂਹ ਪਿਆ
ਮੌਸਮ ਵਿਭਾਗ ਅਨੁਸਾਰ ਸਿਟੀ ਬਿਊਟੀਫੁੱਲ ਵਿੱਚ 72 ਘੰਟਿਆਂ ਤੋਂ ਰੁਕ-ਰੁਕ ਕੇ ਪੈ ਰਹੇ ਮੀਂਹ ਕਰਕੇ ਤਾਪਮਾਨ ਆਮ ਨਾਲੋਂ ਹੇਠਾਂ ਡਿੱਗ ਗਿਆ ਹੈ। ਜਾਣਕਾਰੀ ਅਨੁਸਾਰ ਲੰਘੀ ਰਾਤ 8.30 ਵਜੇ ਤੋਂ ਖਬਰ ਲਿਖੇ ਜਾਣ ਤੱਕ ਸ਼ਹਿਰ ਵਿੱਚ 62.3 ਐੱਮਐੱਮ ਮੀਂਹ ਪਿਆ ਹੈ। ਦੂਜੇ ਪਾਸੇ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 24.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ ਜੋ ਆਮ ਨਾਲੋਂ ਘੱਟ ਹੈ। ਮੌਸਮ ਵਿਭਾਗ ਅਨੁਸਾਰ ਅਗਲੇ 96 ਘੰਟੇ ਸ਼ਹਿਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।