ਖੇਤਰੀ ਪ੍ਰਤੀਨਿਧ
ਐਸ.ਏ.ਐਸ.ਨਗਰ(ਮੁਹਾਲੀ), 26 ਨਵੰਬਰ
ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਕੰਪਿਊਟਰ ਯੁੱਗ ਨੇ ਮਨੁੱਖੀ ਜ਼ਿੰਦਗੀ ਵਿੱਚ ਕ੍ਰਾਂਤੀ ਲਿਆਂਦੀ ਹੈ। ਉਨ੍ਹਾਂ ਕਿਹਾ ਕਿ ਇਸ ਖੇਤਰ ਵਿੱਚ ਹਾਲੇ ਵੀ ਬਹੁਤ ਕੁੱਝ ਹੋਣ ਦੀਆਂ ਸੰਭਾਵਨਾਵਾਂ ਹਨ ਤੇ ਇਸ ਵਿੱਚ ਲਗਾਤਾਰ ਤਰੱਕੀ ਹੋ ਰਹੀ ਹੈ। ਸ੍ਰੀ ਤਿਵਾੜੀ ਆਈ.ਟੀ. ਕੰਪਨੀਜ਼ ਐਸੋਸੀਏਸ਼ਨ ਵੱਲੋਂ ਮੁਹਾਲੀ ਵਿਖੇ ਕਰਵਾਏ ਆਈ.ਟੀ. ਉੱਦਮੀ ਸੰਮੇਲਨ ਵਿੱਚ ਸ਼ਾਮਿਲ ਹੋਣ ਲਈ ਪਹੁੰਚੇ ਸਨ। ਉਨ੍ਹਾਂ ਨੇ ਐਸੋਸੀਏਸ਼ਨ ਵਲੋਂ ਕਰਵਾਏ ਪ੍ਰੋਗਰਾਮ ਦੀ ਸਰਾਹਨਾ ਕੀਤੀ। ਆਈ.ਟੀ. ਐਸੋਸੀਏਸ਼ਨ ਦੇ ਪ੍ਰਧਾਨ ਤੇਜਿੰਦਰ ਸਿੰਘ ਬੈਨੀਪਾਲ ਨੇ ਸੰਸਦ ਮੈਂਬਰ ਤਿਵਾੜੀ ਨੂੰ ਆਪਣੀਆਂ ਮੰਗਾਂ ਤੋਂ ਜਾਣੂ ਕਰਾਇਆ। ਉਨ੍ਹਾਂ ਕਿਹਾ ਕਿ ਮੁਹਾਲੀ ਨੂੰ ਉੱਤਰੀ ਭਾਰਤ ਦਾ ਆਈ.ਟੀ. ਹੱਬ ਬਣਾਉਣਾ ਸਮੇਂ ਦੀ ਵੱਡੀ ਲੋੜ ਹੈ। ਸੰਸਦ ਮੈਂਬਰ ਨੇ ਮੰਗਾਂ ਪੂਰੀਆਂ ਕਰਨ ਦਾ ਭਰੋਸਾ ਦਿਵਾਇਆ। ਇਸ ਮੌਕੇ ਪੰਜਾਬ ਰਾਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਪਵਨ ਦੀਵਾਨ, ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਮਨਜੋਤ ਸਿੰਘ ਤੇ ਹੋਰ ਹਾਜ਼ਰ ਸਨ।